- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਸੀਚੇਵਾਲ ਨੇ ਆਪਣੇ ਪੱਤਰ 'ਚ ਇਹ ਵੀ ਜ਼ਿਕਰ ਕੀਤਾ ਕਿ ਇਨ੍ਹਾਂ ਖੇਤਰਾਂ 'ਚ ਚੋਰੀ, ਲੁੱਟ-ਖੋਹ ਅਤੇ ਨਸ਼ੇ ਨਾਲ ਜੁੜੇ ਅਪਰਾਧ ਲਗਾਤਾਰ ਵਧ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮਲਸੀਆਂ ਪੁਲਿਸ ਚੌਕੀ 'ਚ ਪੁਲਿਸ ਬਲ ਦੀ ਕਮੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਪਰਾਧ ਵਧਣ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਜਾਗਰਣ ਸੰਵਾਦਦਾਤਾ, ਕਪੂਰਥਲਾ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ 'ਚ ਉਨ੍ਹਾਂ ਨੇ ਆਪਣੀ ਸੁਰੱਖਿਆ 'ਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੀ ਬੇਨਤੀ ਕੀਤੀ ਹੈ। ਜਿੱਥੇ ਪੰਜਾਬ 'ਚ ਅਕਸਰ ਸਿਆਸੀ ਆਗੂ ਵਾਧੂ ਸੁਰੱਖਿਆ ਹਾਸਲ ਕਰਨ ਦੀ ਕੋਸ਼ਿਸ਼ ਕਰਦੇ ਹਨ, ਉੱਥੇ ਹੀ ਸੀਚੇਵਾਲ ਨੇ ਆਪਣੀ ਮਰਜ਼ੀ ਨਾਲ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ।
ਸੰਤ ਸੀਚੇਵਾਲ ਨੇ ਸੁਰੱਖਿਆ ਵਾਪਸ ਕਰਨ ਦੇ ਨਾਲ-ਨਾਲ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਆਪਣੇ ਪੱਤਰ 'ਚ ਲਿਖਿਆ ਹੈ ਕਿ ਜਲੰਧਰ ਜ਼ਿਲ੍ਹੇ ਦੇ ਲੋਹੀਆਂ ਖੇਤਰ ਤੇ ਸੁਲਤਾਨਪੁਰ ਲੋਧੀ ਸਥਿਤ ਪਵਿੱਤਰ ਕਾਲੀ ਵੇਈਂ ਦੇ ਕੰਢੇ ਵਧ ਰਹੀਆਂ ਲੁੱਟ-ਖੋਹ ਅਤੇ ਅਪਰਾਧ ਦੀਆਂ ਘਟਨਾਵਾਂ ਨੂੰ ਦੇਖਦਿਆਂ ਉਹ ਆਪਣੀ ਸੁਰੱਖਿਆ ਵਾਪਸ ਕਰਨਾ ਚਾਹੁੰਦੇ ਹਨ।
ਜ਼ਿਕਰਯੋਗ ਹੈ ਕਿ ਉਨ੍ਹਾਂ ਨਾਲ ਛੇ ਸੁਰੱਖਿਆ ਮੁਲਾਜ਼ਮ ਤਾਇਨਾਤ ਹਨ ਤੇ ਸ਼ੁਰੂ ਵਿਚ ਵੀ ਉਨ੍ਹਾਂ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਪੱਤਰ 'ਚ ਉਨ੍ਹਾਂ ਲਿਖਿਆ, “ਸਾਨੂੰ ਕੋਈ ਖ਼ਤਰਾ ਨਹੀਂ ਹੈ, ਪਰ ਇਸ ਦੇ ਬਾਵਜੂਦ ਸੁਰੱਖਿਆ ਦਿੱਤੀ ਗਈ ਹੈ। ਸਾਡੀ ਉਮੀਦ ਹੈ ਕਿ ਆਮ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ ਹੈ।”
ਉਨ੍ਹਾਂ ਸੁਝਾਅ ਦਿੱਤਾ ਕਿ ਉਨ੍ਹਾਂ ਨਾਲ ਤਾਇਨਾਤ ਛੇ ਸੁਰੱਖਿਆ ਮੁਲਾਜ਼ਮਾਂ 'ਚੋਂ ਤਿੰਨ ਨੂੰ ਥਾਣਾ ਲੋਹੀਆਂ ਖਾਸ ਅਤੇ ਤਿੰਨ ਨੂੰ ਥਾਣਾ ਸੁਲਤਾਨਪੁਰ ਲੋਧੀ 'ਚ ਤਾਇਨਾਤ ਕੀਤਾ ਜਾਵੇ ਤਾਂ ਜੋ ਉਹ ਆਮ ਲੋਕਾਂ ਦੀ ਸੁਰੱਖਿਆ ਲਈ ਵੱਧ ਲਾਹੇਵੰਦ ਸਾਬਤ ਹੋ ਸਕਣ।
ਸੀਚੇਵਾਲ ਨੇ ਆਪਣੇ ਪੱਤਰ 'ਚ ਇਹ ਵੀ ਜ਼ਿਕਰ ਕੀਤਾ ਕਿ ਇਨ੍ਹਾਂ ਖੇਤਰਾਂ 'ਚ ਚੋਰੀ, ਲੁੱਟ-ਖੋਹ ਅਤੇ ਨਸ਼ੇ ਨਾਲ ਜੁੜੇ ਅਪਰਾਧ ਲਗਾਤਾਰ ਵਧ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮਲਸੀਆਂ ਪੁਲਿਸ ਚੌਕੀ 'ਚ ਪੁਲਿਸ ਬਲ ਦੀ ਕਮੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਪਰਾਧ ਵਧਣ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਸੀਚੇਵਾਲ 'ਚ ਇੱਕੋ ਰਾਤ ਵਿੱਚ ਚੋਰੀ ਦੀਆਂ ਅੱਠ ਘਟਨਾਵਾਂ ਹੋਈਆਂ, ਜਦਕਿ ਬਿਜਲੀ ਦੀਆਂ ਤਾਰਾਂ ਦੀ ਚੋਰੀ ਆਮ ਗੱਲ ਬਣ ਗਈ ਹੈ।
ਉਨ੍ਹਾਂ ਅੱਗੇ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਨਾਲ ਜੁੜੇ ਤੀਰਥ ਅਸਥਾਨ ਪਵਿੱਤਰ ਕਾਲੀ ਵੇਈਂ 'ਚ ਆਉਣ ਵਾਲੀ ਸੰਗਤ ਵੀ ਅਪਰਾਧਾਂ ਕਾਰਨ ਡਰ ਅਤੇ ਅਸੁਰੱਖਿਆ ਦਾ ਮਾਹੌਲ ਮਹਿਸੂਸ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਨਿੱਜੀ ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਕਿਤੇ ਵੱਧ ਮਹੱਤਵਪੂਰਨ ਹੈ।