ਬਾਰ ਕੌਂਸਲ ਦੀਆਂ ਚੋਣਾਂ ਅਮਨ-ਅਮਾਨ ਨਾਲ ਸੰਪੰਨ : ਵਕੀਲਾਂ ਵਿਚ ਭਾਰੀ ਉਤਸ਼ਾਹ
ਬਾਰ ਕੌਂਸਲ ਦੀਆਂ ਚੋਣਾਂ ਅਮਨ-ਅਮਾਨ ਨਾਲ ਸੰਪੰਨ : ਵਕੀਲਾਂ ਵਿਚ ਭਾਰੀ ਉਤਸ਼ਾਹ
Publish Date: Wed, 18 Mar 2026 06:36 PM (IST)
Updated Date: Wed, 18 Mar 2026 06:37 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੀਆਂ ਚੋਣਾਂ ਡੇਰਾਬੱਸੀ ਵਿਖੇ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚੜ੍ਹ ਗਈਆਂ। ਇਨ੍ਹਾਂ ਚੋਣਾਂ ਨੂੰ ਲੈ ਕੇ ਸਥਾਨਕ ਵਕੀਲਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਦਾ ਅੰਦਾਜ਼ਾ ਵੋਟਿੰਗ ਦੀ ਉੱਚੀ ਫ਼ੀਸਦ ਤੋਂ ਲਾਇਆ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾਬੱਸੀ ਬਾਰ ਐਸੋਸੀਏਸ਼ਨ ਨਾਲ ਸਬੰਧਤ ਕੁੱਲ 268 ਵੋਟਰਾਂ ਵਿਚੋਂ 245 ਵਕੀਲਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਸਵੇਰ ਤੋਂ ਹੀ ਵਕੀਲ ਆਪਣੀ ਵੋਟ ਪਾਉਣ ਲਈ ਕਤਾਰਾਂ ਵਿਚ ਖੜ੍ਹੇ ਦਿਖਾਈ ਦਿੱਤੇ। ਇਹ ਵੋਟਾਂ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਇਲੈਕਸ਼ਨ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਈਆਂ ਗਈਆਂ। ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਚੋਣ ਅਮਲੇ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ, ਜਿਸ ਸਦਕਾ ਪੂਰੀ ਪ੍ਰਕਿਰਿਆ ਬਿਨਾਂ ਕਿਸੇ ਵਿਘਨ ਦੇ ਮੁਕੰਮਲ ਹੋਈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਵੋਟਿੰਗ ਦੌਰਾਨ ਪਾਰਦਰਸ਼ਤਾ ਅਤੇ ਅਨੁਸ਼ਾਸਨ ਦਾ ਖ਼ਾਸ ਖਿਆਲ ਰੱਖਿਆ ਗਿਆ। ਵੋਟਿੰਗ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਵਕੀਲ ਭਾਈਚਾਰੇ ਨੇ ਚੋਣਾਂ ਦੇ ਸਫ਼ਲਤਾਪੂਰਵਕ ਸੰਪੰਨ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵੱਖ-ਵੱਖ ਉਮੀਦਵਾਰਾਂ ਦੇ ਸਮਰੱਥਕਾਂ ਨੇ ਆਪਣੇ-ਆਪਣੇ ਪੱਖ ਵਿਚ ਵੋਟਿੰਗ ਹੋਣ ਦਾ ਦਾਅਵਾ ਕੀਤਾ ਹੈ। ਹੁਣ ਸਭ ਦੀਆਂ ਨਜ਼ਰਾਂ ਆਉਣ ਵਾਲੇ ਨਤੀਜਿਆਂ ਤੇ ਟਿਕੀਆਂ ਹੋਈਆਂ ਹਨ।