ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਪਹੁੰਚੇ ਬੇਦੀ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਪਹੁੰਚੇ ਬੇਦੀ
Publish Date: Fri, 23 Oct 2026 09:15 PM (IST)
Updated Date: Fri, 23 Oct 2026 09:16 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ਼ੁੱਕਰਵਾਰ ਨੂੰ ਸਨੇਟਾ ਅਤੇ ਭਾਗੋ ਮਾਜਰਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੰਡੀਆਂ ਵਿਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੌਰੇ ਦੌਰਾਨ ਸਨੇਟਾ ਮੰਡੀ ਵਿਚ ਪਿਛਲੇ ਸਾਲ ਦੀ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਜਗ੍ਹਾ ਦੀ ਭਾਰੀ ਕਮੀ ਦਾ ਮਾਮਲਾ ਸਾਹਮਣੇ ਆਇਆ। ਇਸ ਕਾਰਨ ਮੰਡੀ ਵਿਚ ਨਵੀਂ ਫ਼ਸਲ ਦੀ ਆਮਦ ਅਤੇ ਉਸ ਨੂੰ ਸੰਭਾਲਣ ਲਈ ਮੁਸ਼ਕਲਾਂ ਪੈਦਾ ਹੋਣ ਦਾ ਖ਼ਦਸ਼ਾ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਰਕਾਰ ਅਤੇ ਸਬੰਧਤ ਵਿਭਾਗਾਂ ਨੂੰ ਚਾਹੀਦਾ ਹੈ ਕਿ ਨਵੀਂ ਫ਼ਸਲ ਮੰਡੀਆਂ ਵਿਚ ਪਹੁੰਚਣ ਤੋਂ ਪਹਿਲਾਂ ਪਿਛਲੇ ਸਾਲ ਦੀ ਬਾਕੀ ਕਣਕ ਦੀ ਲਿਫਟਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨਾ ਹੋਣ ਕਾਰਨ ਫ਼ਸਲ ਦੇ ਢੇਰ ਲੱਗ ਜਾਂਦੇ ਹਨ ਅਤੇ ਕਿਸਾਨਾਂ ਨੂੰ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਫ਼ਿਲਹਾਲ ਮੌਸਮ ਠੀਕ ਹੈ, ਪਰ ਜੇਕਰ ਮੌਸਮ ਖ਼ਰਾਬ ਹੋ ਜਾਂਦਾ ਹੈ ਤਾਂ ਮੰਡੀ ਵਿਚ ਪਈ ਫ਼ਸਲ ਨੂੰ ਸੰਭਾਲਣਾ ਹੋਰ ਵੀ ਔਖਾ ਹੋ ਸਕਦਾ ਹੈ। ਕੁਲਜੀਤ ਸਿੰਘ ਬੇਦੀ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਤੇ ਰਾਮ ਆਸਰਾ ਸਨੇਟਾ, ਗੁਰਮੀਤ ਸਿੰਘ ਸਿਆਨ, ਗੁਰਪ੍ਰੀਤ ਸਿੰਘ, ਅਜਾਇਬ ਸਿੰਘ ਬਾਕਰਪੁਰ, ਮੋਹਨ ਲਾਲ ਸੋਹਾਣਾ, ਲਖਵਿੰਦਰ ਸਿੰਘ ਸਮੇਤ ਪਿੰਡਾਂ ਦੇ ਮੋਹਤਬਰ ਕਿਸਾਨ ਅਤੇ ਆੜ੍ਹਤੀ ਭਾਈਚਾਰੇ ਦੇ ਨੁਮਾਇੰਦੇ ਹਾਜ਼ਿਰ ਸਨ।