ਸਾਂਝੇ ਸੰਘਰਸ਼ ਦਾ ਵੱਡਾ ਐਲਾਨ : 4 ਸਤੰਬਰ ਨੂੰ ਕਿਸਾਨ-ਮਜ਼ਦੂਰ ਮੋਰਚਿਆਂ 'ਚ ਮੁਲਾਜ਼ਮ ਤੇ ਪੈਨਸ਼ਨਰ ਕਰਨਗੇ ਸ਼ਮੂਲੀਅਤ ਕਿਸਾਨ-ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅੱਗੇ ਚੱਲ ਰਹੇ ਪੱਕੇ ਕਿਸਾਨ ਮੋਰਚਿਆਂ ਦਾ ਅੱਜ ਤੀਜਾ ਦਿਨ ਸੀ। ਇਸ ਦੌਰਾਨ ਵੱਡਾ ਐਲਾਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀ 4 ਸਤੰਬਰ ਨੂੰ ਇਹ ਮੋਰਚੇ ਪੰਜਾਬ ਦੇ ਸੰਘਰਸ਼ੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੋਣਗੇ।
Publish Date: Tue, 01 Sep 2026 04:18 PM (IST)
Updated Date: Tue, 01 Sep 2026 04:19 PM (IST)
ਚੰਡੀਗੜ੍ਹ : ਕਿਸਾਨ-ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅੱਗੇ ਚੱਲ ਰਹੇ ਪੱਕੇ ਕਿਸਾਨ ਮੋਰਚਿਆਂ ਦਾ ਅੱਜ ਤੀਜਾ ਦਿਨ ਸੀ। ਇਸ ਦੌਰਾਨ ਵੱਡਾ ਐਲਾਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀ 4 ਸਤੰਬਰ ਨੂੰ ਇਹ ਮੋਰਚੇ ਪੰਜਾਬ ਦੇ ਸੰਘਰਸ਼ੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੋਣਗੇ।
ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਰੋਹ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ ਅਤੇ ਹੋਰਨਾਂ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਤਿੱਖੇ ਨਿਸ਼ਾਨੇ੍ਹ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਹੱਲ ਕਰਨ ਦੀ ਬਜਾਏ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਆਗੂਆਂ ਨੇ ਕਿਹਾ ਕਿ: -
ਮੁਲਾਜ਼ਮ ਆਗੂਆਂ ਦੀਆਂ ਦੂਰ-ਦੁਰਾਡੇ ਜ਼ਬਰਦਸਤੀ ਬਦਲੀਆਂ ਕੀਤੀਆਂ ਜਾ ਰਹੀਆਂ ਹਨ।
ਤਨਖ਼ਾਹਾਂ ਰੋਕਣ ਅਤੇ ਵਿਭਾਗੀ ਕਾਰਵਾਈਆਂ ਰਾਹੀਂ ਮੁਲਾਜ਼ਮਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ।
ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਆਏ ਫ਼ੈਸਲਿਆਂ ਵਿਰੁੱਧ ਉੱਚ ਅਦਾਲਤਾਂ ਵਿੱਚ ਅਪੀਲਾਂ ਦਾਇਰ ਕੀਤੀਆਂ ਜਾ ਰਹੀਆਂ ਹਨ।
ਸਾਂਝੇ ਸੰਘਰਸ਼ ਦਾ ਸੱਦਾ ਅਤੇ ਮੁੱਖ ਮੰਗਾਂ ਕਿਸਾਨ ਅਤੇ ਮਹਿਲਾ ਆਗੂਆਂ (ਹਰਿੰਦਰ ਕੌਰ ਬਿੰਦੂ, ਕਮਲ ਬਰਨਾਲਾ, ਕੁਲਦੀਪ ਕੌਰ ਕੁੱਸਾ) ਨੇ ਸੂਬੇ ਦੇ ਸਮੂਹ ਕਿਰਤੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ 4 ਸਤੰਬਰ ਨੂੰ ਇਨ੍ਹਾਂ ਮੋਰਚਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
ਮੋਰਚੇ ਦੌਰਾਨ ਮੁੱਖ ਤੌਰ 'ਤੇ ਇਹ ਮੰਗਾਂ ਉਠਾਈਆਂ ਗਈਆਂ: ਭਾਰਤ ਨੂੰ ਵਿਸ਼ਵ ਵਪਾਰ ਸੰਸਥਾ (WTO) ਤੋਂ ਬਾਹਰ ਕੱਢਿਆ ਜਾਵੇ ਅਤੇ ਅਮਰੀਕਾ-ਭਾਰਤ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ।
C2 ਫਾਰਮੂਲੇ ਤਹਿਤ ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ।
ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ 'ਲੈਂਡ ਪੂਲਿੰਗ' ਨੀਤੀ ਦੀਆਂ ਕੋਸ਼ਿਸ਼ਾਂ ਤੁਰੰਤ ਬੰਦ ਕੀਤੀਆਂ ਜਾਣ।
60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਘੱਟੋ-ਘੱਟ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।
ਇਸ ਮੌਕੇ ਮਜ਼ਦੂਰ ਆਗੂ ਸਾਥੀ ਗੁਰਨਾਮ ਸਿੰਘ ਦਾਊਦ ਦੀ ਬੇਵਕਤ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ।