- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ 20 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ 20 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਫੇਰਬਦਲ ਤਹਿਤ ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਲੁਧਿਆਣਾ, ਪਟਿਆਲਾ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਬਦਲ ਦਿੱਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ 10 ਨਵੰਬਰ ਨੂੰ ਜਾਰੀ ਹੁਕਮਾਂ ਅਨੁਸਾਰ ਅਧਿਕਾਰੀਆਂ ਨੂੰ ਤੁਰੰਤ ਨਵੀਆਂ ਥਾਵਾਂ 'ਤੇ ਅਹੁਦਾ ਸੰਭਾਲਣ ਲਈ ਕਿਹਾ ਗਿਆ ਹੈ।
ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਕੋਮਲ ਮਿੱਤਲ ਨੂੰ ਐੱਸਏਐੱਸ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਬਦਲ ਕੇ ਰੂਪਨਗਰ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਉਨ੍ਹਾਂ ਦੀ ਥਾਂ ਆਦਿੱਤਿਆ ਦਚਲਵਾਲ ਨੂੰ ਐੱਸਏਐੱਸ ਨਗਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹਿਮਾਂਸ਼ੂ ਅਗਰਵਾਲ ਨੂੰ ਪਟਿਆਲਾ ਤੋਂ ਬਦਲ ਕੇ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ, ਜਦਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਪਟਿਆਲਾ ਭੇਜਿਆ ਗਿਆ ਹੈ। ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਥਾਂ ਅਭਿਜੀਤ ਕਪਲਿਸ਼ ਨੂੰ ਨਿਯੁਕਤ ਕੀਤਾ ਗਿਆ ਹੈ। ਕਪਲਿਸ਼ ਇਸ ਤੋਂ ਪਹਿਲਾਂ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਉਨ੍ਹਾਂ ਨੂੰ ਬਰਨਾਲਾ ਦਾ ਡਿਪਟੀ ਕਮਿਸ਼ਨਰ ਬਣਾਉਣ ਦੇ ਨਾਲ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਰਾਹੁਲ ਗੁਪਤਾ ਨੂੰ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਬਦਲ ਕੇ ਟਰਾਂਸਪੋਰਟ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਉਨ੍ਹਾਂ ਦੀ ਥਾਂ ਰਾਹੁਲ (ਆਈਏਐੱਸ) ਨੂੰ ਮਿਲਕਫੈੱਡ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕਰਨ ਲਈ ਉਨ੍ਹਾਂ ਦੀਆਂ ਸੇਵਾਵਾਂ ਸਹਿਕਾਰਤਾ ਵਿਭਾਗ ਦੇ ਹਵਾਲੇ ਕੀਤੀਆਂ ਗਈਆਂ ਹਨ। ਰਾਹੁਲ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰ ਅਨੁਪਮ ਕਲੇਰ ਨੂੰ ਰੱਖਿਆ ਸੇਵਾਵਾਂ ਭਲਾਈ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਹਰਪ੍ਰੀਤ ਸਿੰਘ ਨੂੰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਅਭਿਜੀਤ ਕਪਲਿਸ਼ ਦੇ ਵਾਧੂ ਚਾਰਜ ਤੋਂ ਰਾਹਤ ਦਿੱਤੀ ਗਈ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੂੰ ਡਾਇਰੈਕਟਰ, ਪ੍ਰਮੋਸ਼ਨ ਆਫ ਇਨਫਰਮੇਸ਼ਨ ਟੈਕਨਾਲੋਜੀ ਇੰਡਸਟਰੀ ਨਿਯੁਕਤ ਕੀਤਾ ਗਿਆ ਹੈ।
ਨਿਰਮਲ ਓਸੇਪਾਚਨ ਨੂੰ ਤਰਨਤਾਰਨ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਉਹ ਇਸ ਤੋਂ ਪਹਿਲਾਂ ਤਾਲਮੇਲ ਵਿਭਾਗ ਦੇ ਵਧੀਕ ਸਕੱਤਰ ਅਤੇ ਮੁੱਖ ਸਕੱਤਰ ਪੰਜਾਬ ਦੇ ਵਿਸ਼ੇਸ਼ ਕਾਰਜ ਅਧਿਕਾਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਥਾਂ ਨਿਕਾਸ ਕੁਮਾਰ ਨੂੰ ਤਾਲਮੇਲ ਵਿਭਾਗ ਦਾ ਵਧੀਕ ਸਕੱਤਰ ਅਤੇ ਮੁੱਖ ਸਕੱਤਰ ਪੰਜਾਬ ਦਾ ਵਿਸ਼ੇਸ਼ ਕਾਰਜ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਜ਼ਿਲ੍ਹਾ ਪੱਧਰ 'ਤੇ ਹੋਰਨਾਂ ਤਬਾਦਲਿਆਂ ਤਹਿਤ ਕਾਂਚਨ ਨੂੰ ਬਠਿੰਡਾ ਤੋਂ ਬਦਲ ਕੇ ਸ੍ਰੀ ਮੁਕਤਸਰ ਸਾਹਿਬ ਦਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਾਇਆ ਗਿਆ ਹੈ। ਡੇਵੀ ਗੋਇਲ ਨੂੰ ਵਧੀਕ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਿਯੁਕਤ ਕੀਤਾ ਗਿਆ ਹੈ। ਕ੍ਰਿਸ਼ਨ ਪਾਲ ਰਾਜਪੂਤ ਨੂੰ ਫਿਰੋਜ਼ਪੁਰ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਾਇਆ ਗਿਆ ਹੈ।
ਇਸ ਤੋਂ ਇਲਾਵਾ ਸੁਨੀਲ ਨੂੰ ਪਟਿਆਲਾ ਦਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਯੁਕਤ ਕੀਤਾ ਗਿਆ ਹੈ। ਰਾਕੇਸ਼ ਕੁਮਾਰ ਮੀਨਾ ਨੂੰ ਪਠਾਨਕੋਟ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਾਇਆ ਗਿਆ ਹੈ। ਆਯੂਸ਼ ਗੋਇਲ ਨੂੰ ਮਾਨਸਾ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਪੱਲਵੀ ਮਿਸ਼ਰਾ ਨੂੰ ਅੰਮ੍ਰਿਤਸਰ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਸ਼੍ਰੇਯਾਂਸੀ ਜੈਨ ਨੂੰ ਜਗਰਾਉਂ ਦਾ ਵਧੀਕ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅਧਿਕਾਰੀ ਬਿਨਾਂ ਜੁਆਇਨਿੰਗ ਸਮਾਂ ਲਏ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣਗੇ। ਖਾਲੀ ਹੋਣ ਵਾਲੇ ਅਹੁਦਿਆਂ ਦੇ ਕੰਮਕਾਜ ਲਈ ਸਬੰਧਤ ਵਿਭਾਗਾਂ ਨੂੰ ਅੰਦਰੂਨੀ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।