ਪੰਜਾਬ ਵਿੱਚ ਚੱਲ ਰਹੇ ਮਰਦਮਸ਼ੁਮਾਰੀ ਦੇ ਕੰਮ ਦਰਮਿਆਨ ਸਕੂਲਾਂ ਦੇ ਕੰਪਿਊਟਰ ਅਤੇ ਲੈਬਾਂ ਦੀ ਵਰਤੋਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਵਿਭਾਗ ਨੂੰ ਸਰਕਾਰੀ ਸਕੂਲਾਂ ਦੇ ਕੰਪਿਊਟਰ ਜਾਂ ਕੰਪਿਊਟਰ ਲੈਬਾਂ ਦੀ ਵਰਤੋਂ ਗੈਰ-ਵਿੱਦਿਅਕ ਕਾਰਜਾਂ ਲਈ ਨਹੀਂ ਕਰਨ ਦਿੱਤੀ ਜਾਵੇਗੀ।

ਜਾਰੀ ਕੀਤੇ ਪੱਤਰ ਅਨੁਸਾਰ, ਅੱਜਕੱਲ੍ਹ ਮਰਦਮਸ਼ੁਮਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਵੱਖ-ਵੱਖ ਵਿਭਾਗਾਂ ਵੱਲੋਂ ਸਕੂਲਾਂ ਦੀਆਂ ਕੰਪਿਊਟਰ ਲੈਬਾਂ ਵਿੱਚ ਕੰਮ ਕਰਨ ਅਤੇ ਕੰਪਿਊਟਰ ਲੈਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵਿਭਾਗ ਨੇ ਕਿਹਾ ਹੈ ਕਿ ਇਸ ਨਾਲ ਵਿਦਿਆਰਥੀਆਂ ਦੀ ਕੰਪਿਊਟਰ ਸਿੱਖਿਆ ਪ੍ਰਭਾਵਿਤ ਹੋ ਰਹੀ ਹੈ ਅਤੇ ਹਾਰਡਵੇਅਰ ਨੂੰ ਵੀ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਵਿਭਾਗ ਨੇ ਇਹ ਵੀ ਜ਼ਿਕਰ ਕੀਤਾ ਹੈ ਕਿ ਇਸ ਸਮੇਂ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਪ੍ਰਕਿਰਿਆ ਚੱਲ ਰਹੀ ਹੈ। ਅਜਿਹੇ ਵਿੱਚ ਜੇਕਰ ਸਕੂਲਾਂ ਵਿੱਚ ਕੰਪਿਊਟਰ ਉਪਲਬਧ ਨਹੀਂ ਹੋਣਗੇ, ਤਾਂ ਦਾਖ਼ਲਾ ਪ੍ਰਕਿਰਿਆ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਇਨ੍ਹਾਂ ਸਾਰੀਆਂ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਕੰਪਿਊਟਰ ਸਿੱਖਿਆ ਨੂੰ ਤਰਜੀਹ ਦਿੰਦੇ ਹੋਏ ਕਿਸੇ ਵੀ ਵਿਭਾਗ ਨੂੰ ਮਰਦਮਸ਼ੁਮਾਰੀ ਜਾਂ ਹੋਰ ਗੈਰ-ਵਿੱਦਿਅਕ ਕੰਮਾਂ ਲਈ ਸਕੂਲਾਂ ਤੋਂ ਕੰਪਿਊਟਰ ਲੈ ਕੇ ਜਾਣ ਜਾਂ ਕੰਪਿਊਟਰ ਲੈਬ ਦੀ ਵਰਤੋਂ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਨਾਲ ਹੀ, ਇਸ ਸਬੰਧ ਵਿੱਚ ਸਾਰੇ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦੇ ਕੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਸਕੂਲ ਮੁਖੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਦਾਖ਼ਲਾ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।