- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਇਕੋ-ਇਕ ਮਕਸਦ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਤੇ ਅਸੀਂ ਇਸ ਨੂੰ ਹਾਸਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਕੇਂਦਰ ਸਰਕਾਰ ’ਤੇ ਨਿਸ਼ਾਨਾ ਬੰਨ੍ਹਦੇ ਹੋਏ ਉਨ੍ਹਾਂ ਕਿਹਾ ਕਿ ਲਗਾਤਾਰ ਕਈ ਸਾਲਾਂ ਤੋਂ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਵਲੋਂ ਪੇਸ਼ ਕੀਤਾ ਗਿਆ ਕੇਂਦਰੀ ਬਜਟ ਦਿਸ਼ਾਹੀਣ ਤੇ ਸਮਾਜ ਦੇ ਅਮੀਰ ਵਰਗਾਂ ਵੱਲ ਝੁਕਾਅ ਵਾਲਾ ਰਿਹਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦਾ 2025-26 ਦਾ ਬਜਟ 8 ਮਾਰਚ ਨੂੰ ਮਹਿਲਾ ਦਿਵਸ ਵਾਲੇ ਦਿਨ ਪੇਸ਼ ਕੀਤਾ ਜਾਏਗਾ। ਇਹ ਜਾਣਕਾਰੀ ਮੁੱਖ ਮੰਤਰੀ ਨੇ ਅਹਿਮਦਾਬਾਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਲੋਕ ਹਿਤੈਸ਼ੀ ਹੋਵੇਗਾ ਤੇ ਇਸ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਏਗਾ। ਅਜਿਹੀ ਸੰਭਾਵਨਾ ਹੈ ਕਿ ਇਸ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਨੂੰ ਵੀ ਮਨਜ਼ੂਰੀ ਦਿੱਤੀ ਜਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਇਕੋ-ਇਕ ਮਕਸਦ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਤੇ ਅਸੀਂ ਇਸ ਨੂੰ ਹਾਸਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਕੇਂਦਰ ਸਰਕਾਰ ’ਤੇ ਨਿਸ਼ਾਨਾ ਬੰਨ੍ਹਦੇ ਹੋਏ ਉਨ੍ਹਾਂ ਕਿਹਾ ਕਿ ਲਗਾਤਾਰ ਕਈ ਸਾਲਾਂ ਤੋਂ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਵਲੋਂ ਪੇਸ਼ ਕੀਤਾ ਗਿਆ ਕੇਂਦਰੀ ਬਜਟ ਦਿਸ਼ਾਹੀਣ ਤੇ ਸਮਾਜ ਦੇ ਅਮੀਰ ਵਰਗਾਂ ਵੱਲ ਝੁਕਾਅ ਵਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ’ਚ ਜਿੱਥੇ ਅਸਲ ’ਚ ਕੋਈ ਵਿਰੋਧੀ ਪਾਰਟੀ ਨਹੀਂ ਹੈ, ਆਮ ਆਦਮੀ ਦੀਆਂ ਤਕਲੀਫ਼ਾਂ ਵਧੀਆਂ ਹਨ ਤੇ ਲੋਕ ਦੁੱਖ ਝੱਲ ਰਹੇ ਹਨ। ਕਾਂਗਰਸ ਤੇ ਭਾਜਪਾ ਵੱਲੋਂ ਉੱਥੇ ਦੋਸਤਾਨਾ ਮੈਚ ਚੱਲ ਰਿਹਾ ਹੈ ਤੇ ਆਮ ਆਦਮੀ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦੀ ਗੱਲ ਕਰਦੇ ਹਨ, ਜਦਕਿ ਉਨ੍ਹਾਂ ਦੇ ਗ੍ਰਹਿ ਸੂਬੇ ਦੇ ਲੋਕ ਮੂਲ ਜ਼ਰੂਰਤਾਂ ਲਈ ਸੰਘਰਸ਼ ਕਰ ਰਹੇ ਹਨ। ਅੱਜ ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਆਪਣੀ ਮੁਕਤੀਦਾਤਾ ਦੇ ਰੂਪ ’ਚ ਦੇਖ ਰਹੇ ਹਨ। ਆਪ ਦੇ ਰੂਪ ’ਚ ਹਰ ਗੁਜਰਾਤੀ ਪਰਿਵਾਰ ਦੀਆਂ ਅੱਖਾਂ ’ਚ ਉਮੀਦ ਹੈ।
ਸੂਬਿਆਂ ਦੇ ਵਿੱਤੀ ਅਧਿਕਾਰਾਂ ਦਾ ਮੁੱਦਾ ਉਠਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪੇਂਡੂ ਵਿਕਾਸ ਫੰਡ ’ਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਗ਼ੈਰ-ਲੋਕਤੰਤਰੀ ਤਰੀਕੇ ਨਾਲ ਰੋਕਿਆ ਹੈ, ਇਹੀ ਕੁਝ ਗ਼ੈਰ-ਭਾਜਪਾ ਸ਼ਾਸਿਤ ਸੂਬਿਆਂ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਸਰਕਾਰ ਲੋਕਾਂ ਦੀ, ਲੋਕਾਂ ਲਈ ਤੇ ਲੋਕਾਂ ਵਲੋਂ ਹੁੰਦੀ ਹੈ, ਪਰ ਅੱਜ ਵਿਰੋਧੀ ਪਾਰਟੀਆਂ ਦੀ ਆਵਾਜ਼ ਦਬਾਉਣ ਦਾ ਰੁਝਾਨ ਬਣ ਗਿਆ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਸਰਕਾਰ ਵਿਕਾਸ ਲਈ ਫੰਡ ਵੰਡਦੇ ਸਮੇਂ ਕਿਸੇ ਨਾਲ ਪੱਖਪਾਤ ਨਹੀਂ ਕਰਦੀ। ਜਿੱਥੇ ਵੀ ਆਪ ਨੇ ਸਰਕਾਰ ਬਣਾਈ ਹੈ, ਉੱਥੇ ਕਰਦਾਤਿਆਂ ਦੇ ਪੈਸੇ ਦੀ ਵਰਤੋਂ ਆਮ ਆਦਮੀ ਦੀ ਭਲਾਈ ਲਈ ਸਮਝਦਾਰੀ ਨਾਲ ਕੀਤੀ ਗਈ ਹੈ। ਦਿੱਲੀ ਦੇ ਬਾਅਦ ਪੰਜਾਬ ’ਚ ਆਪ ਸਰਕਾਰ ਨੇ ਜਨਤਾ ਦੀ ਭਲਾਈ ਲਈ ਇਕ-ਇਕ ਰੁਪਏ ਦਾ ਤਰਕਸੰਗਤ ਇਸਤੇਮਾਲ ਯਕੀਨੀ ਬਣਾਇਆ।
ਮਹੱਤਵਪੂਰਣ ਸੁਧਾਰਾਂ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ’ਚ ਜਦੋਂ ਕੇਂਦਰ ਸਰਕਾਰ ਵਲੋਂ ਰਾਸ਼ਟਰੀ ਜਾਇਦਾਦਾਂ ਨੂੰ ਮਾਮੂਲੀ ਕੀਮਤਾਂ ’ਤੇ ਕੁਝ ਰਸੂਖ਼ਦਾਰ ਦੋਸਤਾਂ ਨੂੰ ਸੌਂਪਿਆ ਜਾ ਰਿਹਾ ਹੈ, ਪੰਜਾਬ ਨੇ ਇਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। 90 ਫ਼ੀਸਦੀ ਤੋਂ ਜ਼ਿਆਦਾ ਘਰਾਂ ਨੂੰ ਮੁਫ਼ਤ ਤੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਬਿਨਾਂ ਰੁਕਾਵਟ ਦੇ ਮਿਲ ਰਹੀ ਹੈ। 881 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤੇ ਸਰਕਾਰੀ ਹਸਪਤਾਲ ਲੋਕਾਂ ਨੂੰ ਵਧੀਆ ਡਾਕਟਰੀ ਸੇਵਾਵਾਂ ਦੇ ਰਹੇ ਹਨ। ਪੰਜਾਬ ’ਚ ਰਹਿਣ ਵਾਲੇ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਕੈਸ਼ਲੈੱਸ ਡਾਕਟਰੀ ਇਲਾਜ ਮਿਲ ਰਿਹਾ ਹੈ। ਪੰਜਾਬ ਅਜਿਹੀ ਵਿਆਪਕ ਸਿਹਤ ਸਹੂਲਤ ਮੁਹੱਈਆ ਕਰਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਸੇ ਤਰ੍ਹਾਂ ਸਿੱਖਿਆ ਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।