ਹਾਈ ਕੋਰਟ ਦਾ ਵੱਡਾ ਕਦਮ : ਮੁੱਖ ਮੰਤਰੀ ਦਫ਼ਤਰ ਦੇ ਕਥਿਤ ਭ੍ਰਿਸ਼ਟਾਚਾਰ ਮਾਮਲੇ 'ਚ CBI ਨੂੰ ਨੋਟਿਸ, ED ਵੱਲੋਂ 3 ਵਾਰ ਪੱਤਰ ਭੇਜਣ ਦਾ ਖੁਲਾਸਾ! ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪੀ.ਆਈ.ਐੱਲ. ਨੰਬਰ 238/2026 ਦੀ ਹੋਈ ਅਹਿਮ ਸੁਣਵਾਈ ਦੌਰਾਨ ਪੰਜਾਬ 'ਚ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਅਦਾਲਤ ਨੇ ਇਸ ਗੰਭੀਰ ਮਾਮਲੇ ਦਾ ਨੋਟਿਸ ਲੈਂਦਿਆਂ ਸੀ.ਬੀ.ਆਈ. (CBI) ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਹੈ।
Publish Date: Thu, 27 Aug 2026 02:05 PM (IST)
Updated Date: Thu, 27 Aug 2026 02:08 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪੀ.ਆਈ.ਐੱਲ. ਨੰਬਰ 238/2026 ਦੀ ਹੋਈ ਅਹਿਮ ਸੁਣਵਾਈ ਦੌਰਾਨ ਪੰਜਾਬ 'ਚ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਅਦਾਲਤ ਨੇ ਇਸ ਗੰਭੀਰ ਮਾਮਲੇ ਦਾ ਨੋਟਿਸ ਲੈਂਦਿਆਂ ਸੀ.ਬੀ.ਆਈ. (CBI) ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਹੈ।
ਇਹ ਪੂਰਾ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਭੇਜੇ ਗਏ ਉਸ ਪੱਤਰ ਨਾਲ ਜੁੜਿਆ ਹੋਇਆ ਹੈ, ਜਿਸ 'ਚ ਮੁੱਖ ਮੰਤਰੀ ਦਫ਼ਤਰ 'ਚ ਹੋ ਰਹੇ ਕਥਿਤ ਭ੍ਰਿਸ਼ਟਾਚਾਰ ਦੇ ਪੁਖ਼ਤਾ ਸਬੂਤ ਦਿੰਦਿਆਂ ਮਾਮਲੇ 'ਚ ਐੱਫ.ਆਈ.ਆਰ. (FIR) ਦਰਜ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਸਖ਼ਤ ਸਵਾਲ ਕੀਤਾ ਕਿ ਕੇਂਦਰੀ ਜਾਂਚ ਏਜੰਸੀ ਵੱਲੋਂ ਸਬੂਤ ਭੇਜੇ ਜਾਣ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਕੇਂਦਰ ਸਰਕਾਰ ਨੇ ਅਦਾਲਤ 'ਚ ਕੀਤੇ ਵੱਡੇ ਖੁਲਾਸੇ ਕੇਂਦਰ ਸਰਕਾਰ ਵੱਲੋਂ ਅਦਾਲਤ ਨੂੰ ਜਾਣਕਾਰੀ ਦਿੱਤੀ ਗਈ ਕਿ ਈ.ਡੀ. (ED) ਵੱਲੋਂ ਸਿਰਫ਼ ਇੱਕ ਵਾਰ ਨਹੀਂ, ਸਗੋਂ 24 ਜੁਲਾਈ 2026, 30 ਜੁਲਾਈ 2026 ਅਤੇ 7 ਅਗਸਤ 2026 ਨੂੰ ਲਗਾਤਾਰ ਪੰਜਾਬ ਦੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਸਬੂਤ ਸਾਂਝੇ ਕੀਤੇ ਗਏ ਸਨ। ਇਸ ਨਾਲ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਮੰਗਿਆ ਮੁੱਖ ਮੰਤਰੀ ਦਾ ਜਵਾਬ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਇਸ ਪੂਰੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਇਨ੍ਹਾਂ ਚਿੱਠੀਆਂ ਨੂੰ ਝੂਠਾ ਦੱਸਦੇ ਰਹੇ ਹਨ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਓ.ਐੱਸ.ਡੀ. ਵੱਲੋਂ ਮਾਣਹਾਨੀ ਦੇ ਕੇਸ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਹੁਣ ਜਦੋਂ ਇਹ ਮਾਮਲਾ ਮਾਣਯੋਗ ਹਾਈ ਕੋਰਟ ਦੇ ਸਾਹਮਣੇ ਆ ਚੁੱਕਾ ਹੈ ਅਤੇ ਈ.ਡੀ. ਵੱਲੋਂ ਤਿੰਨ ਵਾਰ ਪੱਤਰ ਭੇਜੇ ਜਾਣ ਦੀ ਗੱਲ ਸਪੱਸ਼ਟ ਹੋ ਗਈ ਹੈ ਤਾਂ ਮੁੱਖ ਮੰਤਰੀ ਨੂੰ ਸਾਹਮਣੇ ਆ ਕੇ ਪੰਜਾਬ ਦੇ ਲੋਕਾਂ ਨੂੰ ਸੱਚਾਈ ਦੱਸਣੀ ਚਾਹੀਦੀ ਹੈ। ਅਕਾਲੀ ਦਲ ਨੇ ਇਸ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ।