ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਤੋਂ ਰਾਹਤ ਨਹੀਂ ਮਿਲੀ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਚੰਡੀਗੜ੍ਹ : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਤੋਂ ਰਾਹਤ ਨਹੀਂ ਮਿਲੀ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਇਹ ਮਾਮਲਾ ਵੈੱਬ ਸੀਰੀਜ਼ ਦੀ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਜੁੜਿਆ ਹੋਇਆ ਹੈ। ਦੋਸ਼ ਹੈ ਕਿ ਇਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਵੱਲੋਂ ਔਰਤਾਂ ਖ਼ਿਲਾਫ਼ ਕਥਿਤ ਤੌਰ ’ਤੇ ਅਪਮਾਨਜਨਕ ਭਾਸ਼ਾ ਵਰਤੀ ਗਈ ਸੀ। ਇਸ ਸਬੰਧੀ ਯੋਗਰਾਜ ਦੇ ਵਕੀਲ ਹਰਮਨਜੀਤ ਸਿੰਘ ਨੇ ਕਿਹਾ ਹੈ ਕਿ ਉਹ ਹੁਣ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਨ ਦੀ ਤਿਆਰੀ ਕਰ ਰਹੇ ਹਨ।
ਸ਼ਹਿਰ ਦੇ ਵਕੀਲ ਉੱਜਵਲ ਭਸੀਨ ਅਤੇ ਜਤਿਨ ਵਰਮਾ ਨੇ ਇਸ ਮਾਮਲੇ ਵਿੱਚ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਸੋਸ਼ਲ ਮੀਡੀਆ ’ਤੇ 17 ਸਕਿੰਟ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋਈ, ਜਿਸ ਵਿੱਚ ਔਰਤਾਂ ਖ਼ਿਲਾਫ਼ ਗਲਤ ਅਤੇ ਅਪਮਾਨਜਨਕ ਸ਼ਬਦ ਵਰਤੇ ਗਏ।
ਇਹ ਵੀਡੀਓ 8 ਮਈ ਨੂੰ ਐਮਾਜ਼ੋਨ ਪ੍ਰਾਇਮ ਵੀਡੀਓ ’ਤੇ ਰਿਲੀਜ਼ ਹੋਈ ਹਿੰਦੀ ਵੈੱਬ ਸੀਰੀਜ਼ ਦੇ ਇੱਕ ਐਪੀਸੋਡ ਦਾ ਹਿੱਸਾ ਦੱਸੀ ਗਈ ਹੈ। ਸ਼ਿਕਾਇਤਕਰਤਾਵਾਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੀ ਭਾਸ਼ਾ ਮਹਿਲਾਵਾਂ ਦੀ ਇੱਜ਼ਤ ਅਤੇ ਸਨਮਾਨ ’ਤੇ ਸਿੱਧਾ ਹਮਲਾ ਹੈ।
ਸ਼ਿਕਾਇਤਕਰਤਾਵਾਂ ਨੇ ਦੋਸ਼ ਲਗਾਇਆ ਕਿ ਯੋਗਰਾਜ ਸਿੰਘ ਵਰਗੇ ਪ੍ਰਭਾਵਸ਼ਾਲੀ ਵਿਅਕਤੀ ਵੱਲੋਂ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਸਮਾਜ ਵਿੱਚ ਮਹਿਲਾਵਾਂ ਪ੍ਰਤੀ ਗਲਤ ਸੋਚ ਨੂੰ ਵਧਾਵਾ ਦਿੰਦੀ ਹੈ। ਉਨ੍ਹਾਂ ਇਸ ਨੂੰ ਸਿੱਖ ਸਿਧਾਂਤਾਂ ਅਤੇ ਸਮਾਜਿਕ ਮੁੱਲਾਂ ਦੇ ਖ਼ਿਲਾਫ਼ ਵੀ ਦੱਸਿਆ ਸੀ।
ਸ਼ਿਕਾਇਤ ਵਿੱਚ ਮੰਗ ਕੀਤੀ ਗਈ ਸੀ ਕਿ ਮਹਿਲਾਵਾਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਰੱਖਿਆ ਲਈ ਯੋਗਰਾਜ ਸਿੰਘ ਅਤੇ ਹੋਰ ਸੰਬੰਧਤ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਵਿਵਾਦਿਤ ਸੀਨ ਵਿੱਚ ਯੋਗਰਾਜ ਸਿੰਘ ਦਾ ਕਿਰਦਾਰ ਵਾਲੀਆ ਸਾਹਿਬ ਪੁਲਿਸ ਥਾਣੇ ਵਿੱਚ ਦਿਖਾਈ ਦਿੰਦਾ ਹੈ। ਉੱਥੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਅਤੇ ਮਹਿਲਾ ਅਧਿਕਾਰੀ ਮੌਜੂਦ ਹੁੰਦੇ ਹਨ। ਗੱਲਬਾਤ ਦੌਰਾਨ ਕਥਿਤ ਤੌਰ ’ਤੇ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਜਾਂਦੀ ਹੈ। ਇਸੇ ਸੀਨ ਦਾ ਹਿੱਸਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਵਿਵਾਦ ਸ਼ੁਰੂ ਹੋਇਆ ਸੀ।
ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਹੁਣ ਉਹ ਹਾਈ ਕੋਰਟ ਦਾ ਰੁਖ ਕਰ ਸਕਦੇ ਹਨ। ਗ੍ਰਿਫ਼ਤਾਰੀ ਦੇ ਖ਼ਤਰੇ ਨੂੰ ਦੇਖਦੇ ਹੋਏ ਉਨ੍ਹਾਂ ਨੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ।