- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਣਹਾਨੀ ਦੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਕਾਂਗਰਸੀ ਆਗੂ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਉਰਫ਼ ਰਾਜਾ ਬੀਰ ਕਲਾਂ ਨੂੰ ਤਲਬ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਟੀਸ਼ਨ ਦਾਇਰ ਕੀਤੀ ਸੀ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਮਾਣਹਾਨੀ ਦੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਕਾਂਗਰਸੀ ਆਗੂ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਉਰਫ਼ ਰਾਜਾ ਬੀਰ ਕਲਾਂ ਨੂੰ ਤਲਬ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਟੀਸ਼ਨ ਦਾਇਰ ਕੀਤੀ ਸੀ। ਮਾਮਲੇ ਦੀ ਸੁਣਵਾਈ 7 ਸਤੰਬਰ ਨੂੰ ਹੋਵੇਗੀ, ਜਿਸ ਦੌਰਾਨ ਰਾਜਾ ਬੀਰ ਕਲਾਂ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਅਮਨ ਅਰੋੜਾ ਨੇ ਅਦਾਲਤ ਵਿੱਚ ਦਾਇਰ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ 20 ਸਤੰਬਰ 2018 ਨੂੰ ਚੋਣਾਂ ਦੌਰਾਨ ਰਾਜਾ ਬੀਰ ਕਲਾਂ ਨੇ ਸੰਗਰੂਰ ਦੇ ਪੀਡਬਲਯੂਡੀ ਰੈਸਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਸੀ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਅਮਨ ਅਰੋੜਾ ਨੂੰ ਉਨ੍ਹਾਂ ਦੇ ਪਿਤਾ ਦੀ ਮੌਤ ਲਈ ਜ਼ਿੰਮੇਵਾਰ ਦੱਸਿਆ ਸੀ ਅਤੇ ਇਸ ਨੂੰ ਖੁਦਕੁਸ਼ੀ ਨਹੀਂ, ਸਗੋਂ ਕਤਲ ਕਰਾਰ ਦਿੱਤਾ ਸੀ। ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਇਨ੍ਹਾਂ ਟਿੱਪਣੀਆਂ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਇੱਜ਼ਤ ਨੂੰ ਨੁਕਸਾਨ ਪਹੁੰਚਿਆ।
ਸ਼ਿਕਾਇਤਕਰਤਾ ਮੰਤਰੀ ਨੇ ਇਸ ਮਾਮਲੇ ਸਬੰਧੀ ਖ਼ੁਦ ਅਦਾਲਤ ਵਿੱਚ ਗਵਾਹੀ ਦਿੱਤੀ ਅਤੇ ਕਈ ਸਬੂਤ ਪੇਸ਼ ਕੀਤੇ। ਅਦਾਲਤ ਨੇ ਕਿਹਾ ਕਿ ਮੁਲਜ਼ਮ ਆਗੂ ਖ਼ਿਲਾਫ਼ ਪਹਿਲੀ ਨਜ਼ਰੇ ਮਾਣਹਾਨੀ ਦਾ ਮਾਮਲਾ ਬਣਦਾ ਹੈ। ਇਸ ਲਈ ਅਦਾਲਤ ਨੇ ਉਨ੍ਹਾਂ ਨੂੰ ਆਈਪੀਸੀ ਦੀ ਧਾਰਾ 500 ਤਹਿਤ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਲਬ ਕਰ ਲਿਆ ਹੈ।