ਪੰਜਾਬ ਦੇ 24 ਲੱਖ ਤੋਂ ਜ਼ਿਆਦਾ ਬਜ਼ੁਰਗਾਂ ਲਈ ਵੱਡੀ ਖ਼ਬਰ, ਸਰਕਾਰ ਨੇ ਜਾਰੀ ਕੀਤੇ 2,147 ਕਰੋੜ ਰੁਪਏ; ਜਾਣੋ ਪੈਨਸ਼ਨ ਨੂੰ ਲੈ ਕੇ ਨਵਾਂ ਅਪਡੇਟ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਾ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਲਈ ਯੋਜਨਾ ਦਾ ਲਾਭ ਸਮੇਂ ਸਿਰ ਪਹੁੰਚਾਉਣ 'ਤੇ ਜ਼ੋਰ ਦੇ ਰਹੀ ਹੈ।
Publish Date: Sat, 19 Sep 2026 04:34 PM (IST)
Updated Date: Sat, 19 Sep 2026 04:44 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਲੱਖਾਂ ਬਜ਼ੁਰਗਾਂ ਲਈ ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤਕ ਬੁਢਾਪਾ ਪੈਨਸ਼ਨ ਲਈ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਨਾਲ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ ਮਿਲ ਰਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਾ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਲਈ ਯੋਜਨਾ ਦਾ ਲਾਭ ਸਮੇਂ ਸਿਰ ਪਹੁੰਚਾਉਣ 'ਤੇ ਜ਼ੋਰ ਦੇ ਰਹੀ ਹੈ।
ਇਸ ਸਾਲ ਪੈਨਸ਼ਨ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੇ ਬਜਟ 'ਚ ਬੁਢਾਪਾ ਪੈਨਸ਼ਨ ਯੋਜਨਾ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਸਰਕਾਰ ਮੁਤਾਬਕ ਇਸ ਦਾ ਉਦੇਸ਼ ਸੂਬੇ 'ਚ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਲੋੜਵੰਦ ਬਜ਼ੁਰਗਾਂ ਨੂੰ ਆਰਥਿਕ ਸਹਾਰਾ ਦੇਣਾ ਹੈ। 2026-27 ਦੇ ਬਜਟ 'ਚ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਸਮਾਜਿਕ ਸਹਾਇਤਾ ਵਾਸਤੇ ਕੁੱਲ 6,132 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਨਾਲ ਬਜ਼ੁਰਗਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ 'ਚ ਮਦਦ ਮਿਲ ਰਹੀ ਹੈ ਅਤੇ ਉਹ ਸਨਮਾਨ ਨਾਲ ਜੀਵਨ ਬਤੀਤ ਕਰ ਸਕਦੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਸਹਾਇਤਾ ਪ੍ਰਾਪਤ ਕਰਨ 'ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
ਅਧਿਕਾਰੀਆਂ ਨੂੰ ਅਰਜ਼ੀਆਂ ਜਲਦ ਨਿਪਟਾਉਣ ਦੇ ਨਿਰਦੇਸ਼ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬੁਢਾਪਾ ਪੈਨਸ਼ਨ ਦੀਆਂ ਅਰਜ਼ੀਆਂ ਦੀ ਤਸਦੀਕ ਤੇ ਮਨਜ਼ੂਰੀ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਜਾਵੇ। ਯੋਗ ਲਾਭਪਾਤਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਪੈਨਸ਼ਨ ਦੀ ਅਦਾਇਗੀ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ।
ਮੰਤਰੀ ਨੇ ਕਿਹਾ ਕਿ ਕਿਸੇ ਵੀ ਯੋਗ ਬਜ਼ੁਰਗ ਨੂੰ ਪ੍ਰਸ਼ਾਸਨਿਕ ਦੇਰੀ ਜਾਂ ਬੇਲੋੜੀਆਂ ਰਸਮਾਂ ਕਾਰਨ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀਆਂ ਰਸਮਾਂ ਪੂਰੀਆਂ ਕਰਕੇ ਯੋਜਨਾ ਦਾ ਲਾਭ ਲੈਣ।
ਇਸ ਦੇ ਨਾਲ ਹੀ ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਇਕਾਈਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਯੋਗ ਬਜ਼ੁਰਗਾਂ ਦੀ ਪਛਾਣ ਕਰਨ ਅਤੇ ਯੋਜਨਾ ਸਬੰਧੀ ਜਾਗਰੂਕਤਾ ਫੈਲਾਉਣ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਉਸ ਦੀ ਕੋਸ਼ਿਸ਼ ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਦੀ ਹੈ।