ਅੰਬੇਡਕਰ ਦੇ ਬੁੱਤ ਦੀ ਤੋੜਫੋੜ ਦੀ ਘਟਨਾ ਦੀ ਭਾਜਪਾ ਵੱਲੋਂ ਨਿਖੇਧੀ
ਅੰਬੇਡਕਰ ਦੇ ਬੁੱਤ ਦੀ ਤੋੜਫੋੜ ਦੀ ਘਟਨਾ ਦੀ ਭਾਜਪਾ ਵੱਲੋਂ ਨਿਖੇਧੀ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
Publish Date: Tue, 31 Mar 2026 09:47 PM (IST)
Updated Date: Wed, 01 Apr 2026 04:20 AM (IST)

ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਖ਼ਰਾਬ ਹਾਲਤ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਕਾਮੀ ਹੈ ਕਿ ਸੂਬੇ ਵਿਚ ਇਸ ਤਰ੍ਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਾਲਾਤ ਇੰਨੇ ਗੰਭੀਰ ਹੋ ਚੁੱਕੇ ਹਨ ਕਿ ਪੁਲਿਸ ਥਾਣਿਆਂ ਤੱਕ ’ਤੇ ਹਮਲੇ ਹੋ ਰਹੇ ਹਨ, ਜੋ ਕਿ ਕਾਨੂੰਨ ਦੇ ਰਾਜ ਲਈ ਚਿੰਤਾਜਨਕ ਹੈ। ਉੱਭਾ ਨੇ ਦੋਸ਼ ਲਾਇਆ ਕਿ ਵਿਦੇਸ਼ਾਂ ਵਿਚ ਬੈਠੀਆਂ ਕੁਝ ਵੰਡ ਪਾਉ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਅਤੇ ਨਫਰਤ ਫ਼ੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸੂਬਾ ਸਰਕਾਰ ਉਨ੍ਹਾਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿਚ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਵਿਚ ਸ਼ਾਮਲ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਕੋਈ ਵੀ ਇਸ ਤਰ੍ਹਾਂ ਦੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਸਮਾਜ ਵਿਚ ਵੰਡ ਪਾਉਣ ਦੀਆਂ ਇਨ੍ਹਾਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬੀ ਨਹੀਂ ਮਿਲੇਗੀ। ਭਾਜਪਾ ਹਰ ਹਾਲਤ ਵਿਚ ਸ਼ਾਂਤੀ, ਏਕਤਾ ਅਤੇ ਭਾਈਚਾਰੇ ਦੀ ਹਿਮਾਇਤ ਕਰਦੀ ਰਹੇਗੀ। ਅੰਤ ਵਿਚ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਤਾਕਤਾਂ ਤੋਂ ਸਾਵਧਾਨ ਰਹਿਣ ਅਤੇ ਆਪਸੀ ਭਾਈਚਾਰਾ, ਸਾਂਝ ਅਤੇ ਏਕਤਾ ਨੂੰ ਬਣਾਈ ਰੱਖਣ।