ਭਾਜਪਾ ਕੌਂਸਲਰ ਦੀ ਭਾਬੀ ਜੇਲ੍ਹ ਭੇਜੀ, ਭਾਜਪਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਰੈਲੀ
ਭਾਜਪਾ ਕੌਂਸਲਰ ਸੁਮਨ ਸ਼ਰਮਾ ਦੀ ਭਾਬੀ ਕੋਮਲ ਸ਼ਰਮਾ ਜੇਲ੍ਹ ਭੇਜੀ,
Publish Date: Wed, 14 Jan 2026 07:45 PM (IST)
Updated Date: Wed, 14 Jan 2026 07:48 PM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਚੰਡੀਗੜ੍ਹ ਦੇ ਵਾਰਡ ਨੰ. 4 ਤੋਂ ਭਾਰਤੀ ਜਨਤਾ ਪਾਰਟੀ ਦੀ ਕੌਂਸਲਰ ਸੁਮਨ ਸ਼ਰਮਾ ਦੀ ਭਾਬੀ ਕੋਮਲ ਸ਼ਰਮਾ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੋਮਲ ਸ਼ਰਮਾ ਨੂੰ ਨਿਆਇਕ ਹਿਰਾਸਤ (ਜੁਡੀਸ਼ੀਅਲ ਰਿਮਾਂਡ) ਵਿਚ ਭੇਜਣ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੋਪੜ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਇਸ ਗ੍ਰਿਫ਼ਤਾਰੀ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਨੇ ਵਾਰਡ ਨੰ. 4 ਵਿਚ ਇਕ ਵਿਸ਼ਾਲ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਇਹ ਰੈਲੀ ਔਰਤਾਂ ਤੇ ਹੋ ਰਹੇ ਅਤਿਆਚਾਰਾਂ ਅਤੇ ਸਿਆਸੀ ਬਦਲਾਖੋਰੀ ਵਿਰੁੱਧ ਕੱਢੀ ਗਈ ਹੈ। ਰੈਲੀ ਦੌਰਾਨ ਭਾਜਪਾ ਆਗੂਆਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਨੇ ਕੌਂਸਲਰ ਸੁਮਨ ਸ਼ਰਮਾ ਦੀ ਭਾਬੀ ਨੂੰ ਉਨ੍ਹਾਂ ਦੇ ਘਰੋਂ ਜ਼ਬਰਦਸਤੀ ਚੁੱਕਿਆ ਸੀ। ਇਸ ਘਟਨਾ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੈਲੀ ਵਿਚ ਵੱਡੀ ਗਿਣਤੀ ਵਿਚ ਸਥਾਨਕ ਲੋਕ, ਔਰਤਾਂ ਅਤੇ ਭਾਜਪਾ ਵਰਕਰ ਸ਼ਾਮਲ ਹੋਏ। ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਮੁਰਦਾਬਾਦ ਅਤੇ ਕਾਂਗਰਸ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਭਾਜਪਾ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਿਚ ਔਰਤਾਂ ਦੀ ਸੁਰੱਖਿਆ ਖ਼ਤਰੇ ਵਿਚ ਹੈ ਅਤੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕਾਨੂੰਨ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਮਲ ਸ਼ਰਮਾ ਨੂੰ ਤੁਰੰਤ ਇਨਸਾਫ਼ ਨਾ ਮਿਲਿਆ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।