ਪੰਜਾਬ ਨੂੰ ਕਰਜ਼ੇ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਭਾਜਪਾ ਦੀ ਸਰਕਾਰ ਜ਼ਰੂਰੀ : ਸੈਣੀ ਪੰਜਾਬ ਨੂੰ ਕਰਜ਼ੇ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਭਾਜਪਾ ਦੀ ਸਰਕਾਰ ਜ਼ਰੂਰੀ : ਸੈਣੀ
Publish Date: Tue, 27 Oct 2026 09:05 PM (IST)
Updated Date: Tue, 27 Oct 2026 09:07 PM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਜ਼ੀਰਕਪੁਰ : ਜ਼ੀਰਕਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਮੰਡਲ ਕਾਰਜਕਾਰਨੀ ਦੀ ਬੈਠਕ ਹੋਈ। ਇਸ ਮੌਕੇ ਜ਼ਿਲ੍ਹਾ ਓਬੀਸੀ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਵੀ ਹਾਜ਼ਰ ਸਨ। ਬੈਠਕ ਵਿਚ ਵੱਡੀ ਗਿਣਤੀ ’ਚ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਵਰਕਰਾਂ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਿਰ ਕਰਜ਼ੇ ਦਾ ਵੱਧਦਾ ਬੋਝ ਸੂਬੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਸੰਕਟ ’ਚੋਂ ਕੱਢਣ ਅਤੇ ਸੂਬੇ ਨੂੰ ਮੁੜ ਤਰੱਕੀ ਦੀ ਰਾਹ ਤੇ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸੂਬੇ ਵਿਚ ਬਿਹਤਰ ਕਾਨੂੰਨ-ਵਿਵਸਥਾ ਤੇ ਵਿਕਾਸ ਦਾ ਮਾਹੌਲ ਸਿਰਜਣਾ ਅੱਜ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ। ਇਸ ਮੌਕੇ ਵਰਕਰਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਦਾ ਸੰਕਲਪ ਲਿਆ। ਇਸ ਮੌਕੇ ਮੰਡਲ ਪ੍ਰਧਾਨ ਰਾਸ਼ੀ, ਮੰਡਲ ਇੰਚਾਰਜ ਸੁਧੀਰ ਕਾਂਟੀਵਾਲ, ਯੋਗੇਸ਼ ਸੋਨੀ, ਜੱਸੀ ਛੱਤ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਅਤੇ ਵਰਕਰ ਮੌਜੂਦ ਸਨ।