ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਹੱਲਾ ਬੋਲ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਹੱਲਾਬੋਲ, ਸਿੰਘਪੁਰਾ ਚੌਕ 'ਤੇ ਦਿੱਤਾ ਧਰਨਾ
Publish Date: Wed, 14 Oct 2026 08:00 PM (IST)
Updated Date: Wed, 14 Oct 2026 08:03 PM (IST)
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਸਿੰਘਪੁਰਾ ਚੌਕ ’ਤੇ ਦਿੱਤਾ ਧਰਨਾ ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਜ਼ੀਰਕਪੁਰ : ਪੰਜਾਬ ਵਿਚ ਦਿਨ-ਬ-ਦਿਨ ਲੀਹੋਂ ਲਹਿ ਰਹੀ ਕਾਨੂੰਨ ਵਿਵਸਥਾ ਅਤੇ ਵਧਦੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਵੱਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਸਿੰਘਪੁਰਾ ਚੌਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮਾਰਗ ’ਤੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸੂਬੇ ’ਚ ਅਮਨ-ਕਾਨੂੰਨ ਦੀ ਬਦਤਰ ਹੁੰਦੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟਾਈ। ਇਸ ਰੋਸ ਪ੍ਰਦਰਸ਼ਨ ਵਿਚ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਰਣਜੀਤ ਸਿੰਘ ਗਿੱਲ, ਸੂਬਾ ਸਕੱਤਰ ਸੰਜੀਵ ਖੰਨਾ, ਓਬੀਸੀ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ, ਜ਼ਿਲ੍ਹਾ ਮੁਹਾਲੀ ਭਾਜਪਾ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ, ਜਨਰਲ ਸਕੱਤਰ ਪਰਮਿੰਦਰ ਬਰਾੜ ਅਤੇ ਜ਼ਿਲ੍ਹਾ ਓਬੀਸੀ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ, ਜਦਕਿ ਸਰਕਾਰ ਨਸ਼ਿਆਂ ’ਤੇ ਠੱਲ੍ਹ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਆਗੂਆਂ ਨੇ ਮਾਨਸਾ ਵਿਚ ਨਸ਼ਾ ਵਿਰੁੱਧ ਆਵਾਜ਼ ਚੁੱਕਣ ਵਾਲੇ ਆਗੂ ਪਰਮਿੰਦਰ ਸਿੰਘ ਝੋਟੇ ਦੇ ਹੋਏ ਸ਼ਰੇਆਮ ਕਤਲ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਵਾਪਰ ਰਹੀਆਂ ਅਜਿਹੀਆਂ ਖ਼ੂਨੀ ਘਟਨਾਵਾਂ ਨੇ ਆਮ ਲੋਕਾਂ ’ਚ ਦਹਿਸ਼ਤ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਇਸ ਮੌਕੇ ਹਰਦੀਪ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਚ ਕਾਨੂੰਨ ਦਾ ਰਾਜ ਬਹਾਲ ਕਰਨਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨਾ ਮੌਜੂਦਾ ਸਰਕਾਰ ਦੀ ਸਭ ਤੋਂ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਹੀ ਯਕੀਨੀ ਨਹੀਂ ਬਣਾ ਸਕਦੀ ਤਾਂ ਉਸ ਦੀ ਕਾਰਗੁਜ਼ਾਰੀ ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਮੰਗ ਕੀਤੀ ਕਿ ਮਾਨਸਾ ਕਤਲ ਕਾਂਡ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇ। ਭਾਜਪਾ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਸੁਧਾਰਨ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾਂਦੇ, ਉਦੋਂ ਤੱਕ ਭਾਜਪਾ ਆਮ ਜਨਤਾ ਦੀ ਆਵਾਜ਼ ਬਣ ਕੇ ਸਰਕਾਰ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖੇਗੀ।