ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ ’ਤੇ ਉੱਤਰੀ ਭਾਜਪਾ, ਰੋਸ ਪ੍ਰਦਰਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ ’ਤੇ ਉੱਤਰੀ ਭਾਜਪਾ, ਰੋਸ ਪ੍ਰਦਰਸ਼ਨ
Publish Date: Wed, 09 Sep 2026 07:38 PM (IST)
Updated Date: Wed, 09 Sep 2026 07:40 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਕਥਿਤ ਤਸ਼ੱਦਦ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੁੱਧਵਾਰ ਨੂੰ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਫੇਜ਼-3 ਅਤੇ ਫੇਜ਼-5 ਲਾਲ ਬੱਤੀ ਚੌਕ ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਸੂਬਾ ਸਰਕਾਰ ਅਤੇ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ’ਤੇ ਜਬਰ ਜੁਲਾਹ ਢਾਹ ਰਹੀ ਹੈ ਅਤੇ ਆਮ ਜਨਤਾ ਨੂੰ ਆਪਣੀ ਗੱਲ ਕਹਿਣ ਅਤੇ ਨਸ਼ਿਆਂ ਬਾਰੇ ਸਵਾਲ ਪੁੱਛਣ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਅਜਿਹਾ ਕਰਕੇ ਸਰਕਾਰ ਲੋਕਾਂ ਦੀ ਸੰਘੀ ਘੁੱਟਣਾ ਚਾਹੁੰਦੀ ਹੈ, ਜੋ ਸਰਾਸਰ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਪੀੜਤ ਗੁਲਜ਼ਰ ਸਿੰਘ ਅਤੇ ਮੋਹਨਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅੱਜ ਸਿਰਫ਼ ਇਕ ਦਿਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਲੇਕਿਨ ਪੀੜਤਾਂ ਨੂੰ ਜਲਦੀ ਇਨਸਾਫ਼ ਨਹੀਂ ਮਿਲਿਆ ਤਾਂ ਆਉਂਦੇ ਦਿਨਾਂ ਭਾਜਪਾ ਆਮ ਨਾਗਰਿਕਾਂ ਦੇ ਸਹਿਯੋਗ ਨਾਲ ਜਨ ਅੰਦੋਲਨ ਸ਼ੁਰੂ ਕਰਨ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਸਾਫ਼ ਲਫ਼ਜ਼ਾਂ ਵਿਚ ਆਖਿਆ ਕਿ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਸਰਕਾਰ ਦੀ ਕਾਰਗੁਜ਼ਾਰੀ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ’ਤੇ ਪਰਚੇ ਦਰਜ ਕਰਕੇ ਸੂਬੇ ’ਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਤਾਂ ਜੋ ਸਰਕਾਰ ਦੇ ਅਖੀਰਲੇ ਚੋਣ ਵਰ੍ਹੇ ਕੋਈ ਵਿਅਕਤੀ ਹੁਕਮਰਾਨਾਂ ਨੂੰ ਲੋਕ ਕਚਹਿਰੀ ਵਿਚ ਸਵਾਲ ਜਵਾਬ ਕਰਨ ਦੀ ਹਿੰਮਤ ਨਾ ਕਰ ਸਕੇ।