‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਖਰੜ ਕੱਢਿਆ ਟਰੈਕਟਰ ਮਾਰਚ ਨਸ਼ਾ ਮੁਕਤ ਪੰਜਾਬ ਲਈ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ
Publish Date: Tue, 22 Sep 2026 08:14 PM (IST)
Updated Date: Tue, 22 Sep 2026 08:15 PM (IST)
ਮਹਿਰਾ, ਪੰਜਾਬੀ ਜਾਗਰਣ ਖਰੜ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਖਰੜ ਵਿਚ ਟਰੈਕਟਰ ਮਾਰਚ ਕੱਢਿਆ ਗਿਆ। ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ। ਮਾਰਚ ਦੌਰਾਨ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਨਵੀਆਂ ਤਾਰੀਖਾਂ ਦਿੱਤੀਆਂ ਜਾ ਰਹੀਆਂ ਹਨ, ਪਰ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਲੋੜੀਂਦੇ ਨਤੀਜੇ ਦਿਖਾਈ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਤੋਂ ਬਚਾਅ ਕਰਨਾ ਸਭ ਤੋਂ ਵੱਡੀ ਚੁਣੌਤੀ ਹੈ। ਸੂਦ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਵੀ ‘ਆਪ’ ਸਰਕਾਰ ਦੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੇ ਨਾਲ-ਨਾਲ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦੇ ਵੀ ਪੰਜਾਬ ਵਾਸੀਆਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਪਣੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਪੰਜਾਬ ਦੀ ਸਥਿਤੀ ਨੂੰ ਲੈ ਕੇ ਭਾਵੁਕ ਟਿੱਪਣੀ ਕਰਦਿਆਂ ਕਿਹਾ, “ਪੰਜ ਦਰਿਆਵਾਂ ਦੀ ਧਰਤੀ ’ਤੇ ਅੱਜ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਆਪਣੇ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਮੰਗ ਕਰ ਰਹੀਆਂ ਹਨ। ਗਿੱਲ ਨੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਟਰੈਕਟਰ ਮਾਰਚ ਦੌਰਾਨ ਭਾਜਪਾ ਆਗੂ ਸੁਭਾਸ਼ ਸ਼ਰਮਾ, ਸੰਜੀਵ ਵਸ਼ਿਸ਼ਟ, ਪਰਮਿੰਦਰ ਬਰਾੜ, ਵਿਨੀਤ ਜੋਸ਼ੀ, ਚਰਨਜੀਤ ਸਿੰਘ ਕਾਲੇਵਾਲ, ਸਤਿੰਦਰ ਸੱਤੀ, ਭਾਨੂ ਪ੍ਰਤਾਪ, ਨਰਿੰਦਰ ਰਾਣਾ, ਖੁਸ਼ਵੰਤ ਰਾਏ ਗੀਗਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ।