ਸਰਵਣ ਪੁੱਤ ਮਾਨ ਨੂੰ ਬਜ਼ੁਰਗਾਂ ਦਾ ਅਸ਼ੀਰਵਾਦ’ ਮੁਹਿੰਮ ਦੀ ਹਲਕਾ ਡੇਰਾਬੱਸੀ ’ਚ ਸ਼ੁਰੂਆਤ ਸਰਵਣ ਪੁੱਤ ਮਾਨ ਨੂੰ ਬਜ਼ੁਰਗਾਂ ਦਾ ਅਸ਼ੀਰਵਾਦ’ ਮੁਹਿੰਮ ਦੀ ਹਲਕਾ ਡੇਰਾਬੱਸੀ ’ਚ ਸ਼ੁਰੂਆਤ
Publish Date: Sat, 14 Nov 2026 07:14 PM (IST)
Updated Date: Sat, 14 Nov 2026 07:15 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਉਨ੍ਹਾਂ ਦੀਆਂ ਦੁਆਵਾਂ ਪ੍ਰਾਪਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਤੀਰਥ ਯਾਤਰੀ ਸਭਾ ਸਰਵਣ ਪੁੱਤ ਮਾਨ ਨੂੰ ਬਜ਼ੁਰਗਾਂ ਦਾ ਅਸ਼ੀਰਵਾਦ’ ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ’ਚ ਵਿਸ਼ੇਸ਼ ਮਿਲਣੀਆਂ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਪਿੰਡ ਭਾਂਖਰਪੁਰ, ਸਮਗੌਲੀ, ਕਰਕੋਰ, ਫਤਿਹਪੁਰ, ਰਾਮਪੁਰ ਬਹਿਲ, ਜਸਤਾਨਾ ਕਲਾਂ ਅਤੇ ਸੀਤਾਬਗੜ੍ਹ ਤੋਂ ਇਲਾਵਾ ਡੇਰਾਬੱਸੀ ਦੇ ਵਾਰਡ ਨੰ. 14 ਅਤੇ 19, ਲਾਲੜੂ ਦੇ ਵਾਰਡ ਨੰ. 1 ਅਤੇ 6 ਅਤੇ ਜ਼ੀਰਕਪੁਰ ਦੇ ਵਾਰਡ ਨੰ. 12 ਅਤੇ 25 ’ਚ ਬਜ਼ੁਰਗਾਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ। ਇਨ੍ਹਾਂ ਮਿਲਣੀਆਂ ਦੌਰਾਨ ਵਿਧਾਇਕ ਰੰਧਾਵਾ ਨੇ ਬਜ਼ੁਰਗਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਅਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਦੇ ਤਜਰਬੇ ਸੁਣੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਸੰਵੇਦਨਸ਼ੀਲਤਾ ਦਾ ਪ੍ਰਤੀਕ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਹਰਿਦੁਆਰ, ਰਿਸ਼ੀਕੇਸ਼, ਮਥੁਰਾ-ਵ੍ਰਿੰਦਾਵਨ, ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਮੁਫ਼ਤ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਯਾਤਰਾ ਦੌਰਾਨ ਮੈਡੀਕਲ ਸਹੂਲਤ ਅਤੇ ਮਾਰਗਦਰਸ਼ਨ ਲਈ ਸਹਾਇਕ ਸਟਾਫ਼ ਵੀ ਮੌਜੂਦ ਰਹਿੰਦਾ ਹੈ, ਤਾਂ ਜੋ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਰੰਧਾਵਾ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰ ਅਤੇ ਸਮਾਜ ਦੀ ਅਨਮੋਲ ਧਰੋਹਰ ਹਨ। ਉਨ੍ਹਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਉਪਰਾਲੇ ਕਰਨਾ ਸਾਡੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਰਾਹੀਂ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ’ਚ ਬਜ਼ੁਰਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਦੁਆਵਾਂ ਹੀ ਸਾਡੀ ਸਭ ਤੋਂ ਵੱਡੀ ਤਾਕਤ ਹਨ ਅਤੇ ਪੰਜਾਬ ਸਰਕਾਰ ਲੋਕਾਂ ਦੀ ਸੇਵਾ ਅਤੇ ਸਤਿਕਾਰ ਲਈ ਲਗਾਤਾਰ ਵਚਨਬੱਧ ਹੈ।