ਦੀਵਾਲੀ ਦੀ ਰਾਤ ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ’ਚ ਖੂਨੀ ਝੜਪ, 5 ਜ਼ਖ਼ਮੀ ਦੀਵਾਲੀ ਦੀ ਰਾਤ ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ 'ਚ ਖੂਨੀ ਝੜਪ, 5 ਜ਼ਖ਼ਮੀ
Publish Date: Mon, 09 Nov 2026 09:08 PM (IST)
Updated Date: Mon, 09 Nov 2026 09:08 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਦੇ ਨਜ਼ਦੀਕੀ ਪਿੰਡ ਸਮਗੋਲੀ ਵਿਖੇ ਦਿਵਾਲੀ ਦੀ ਰਾਤ ਪਟਾਕੇ ਚਲਾਉਣ ਦੀ ਗੱਲ ਨੂੰ ਲੈ ਕੇ ਦੋ ਪਰਿਵਾਰਾਂ ਦੇ ਵਿਚਕਾਰ ਆਪਸੀ ਤਕਰਾਰ ਤੋਂ ਬਾਅਦ ਤਕਰਾਰ ਇੰਨੀ ਵੱਧ ਗਈ ਕਿ ਲੜਾਈ ਝਗੜਾ ਸ਼ੁਰੂ ਹੋ ਗਿਆ। ਇਸ ਖੂਨੀ ਝੜਪ ਦੌਰਾਨ ਦੋਵਾਂ ਧਿਰਾਂ ਦੇ ਕੁੱਲ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਪਹਿਲੀ ਧਿਰ ਦੇ ਜ਼ਖ਼ਮੀ ਸੰਜੀਵ ਕੁਮਾਰ ਵਾਸੀ ਪਿੰਡ ਸਮਗੋਲੀ ਨੇ ਦੱਸਿਆ ਕਿ ਦਿਵਾਲੀ ਦੀ ਰਾਤ ਉਹ ਆਪਣੇ ਭਰਾ ਮਨਦੀਪ ਸਿੰਘ ਅਤੇ ਪਿਤਾ ਅਮਰ ਸਿੰਘ ਨਾਲ ਘਰ ਦੇ ਬਾਹਰ ਬੈਠੇ ਹੋਏ ਸਨ। ਇਸੇ ਦੌਰਾਨ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਕੁਲਦੀਪ ਸਿੰਘ ਅਤੇ ਬਖਸ਼ੀਸ਼ ਸਿੰਘ ਨੇ ਉਨ੍ਹਾਂ ਦੇ ਘਰ ਅੱਗੇ ਪਟਾਕੇ ਸੁੱਟ ਦਿੱਤੇ। ਜਦੋਂ ਸੰਜੀਵ ਕੁਮਾਰ ਅਤੇ ਉਸ ਦੇ ਪਰਿਵਾਰ ਨੇ ਗੁਆਂਢੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਵਿਰੋਧ ਜਤਾਇਆ, ਤਾਂ ਦੂਜੀ ਧਿਰ ਨੇ ਉਨ੍ਹਾਂ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ, ਜੋ ਵੇਖਦੇ ਹੀ ਵੇਖਦੇ ਝਗੜੇ ਵਿੱਚ ਬਦਲ ਗਈ। ਇਸ ਹੱਥੋਪਾਈ ਅਤੇ ਲੜਾਈ ਵਿੱਚ ਪਹਿਲੀ ਧਿਰ ਦੇ ਸੰਜੀਵ ਕੁਮਾਰ, ਮਨਦੀਪ ਸਿੰਘ ਅਤੇ ਅਮਰ ਸਿੰਘ ਜ਼ਖ਼ਮੀ ਹੋ ਗਏ। ਦੂਜੇ ਪਾਸੇ, ਝਗੜੇ ਵਿੱਚ ਦੂਜੀ ਧਿਰ ਦੇ ਵੀ ਦੋ ਵਿਅਕਤੀ ਕੁਲਦੀਪ ਸਿੰਘ ਅਤੇ ਬਖਸ਼ੀਸ਼ ਸਿੰਘ ਜ਼ਖ਼ਮੀ ਹੋਏ ਹਨ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ਤੇ ਪਹੁੰਚੀ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਹਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਡਾਕਟਰੀ ਰਿਪੋਰਟ ਅਤੇ ਬਿਆਨਾਂ ਦੇ ਆਧਾਰ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।