ਗਰੀਨ ਬੈਲਟ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਗਰੀਨ ਬੈਲਟ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Publish Date: Mon, 18 May 2026 10:16 PM (IST)
Updated Date: Mon, 18 May 2026 10:18 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਫੇਜ਼-11 ਸਥਿਤ ਬੈਸਟੈਕ ਮਾਲ ਦੇ ਨੇੜੇ ਪੈਂਦੀ ਗਰੀਨ ਬੈਲਟ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਫੇਜ਼-11 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਬੈਸਟੈਕ ਮਾਲ ਦੇ ਕੋਲ ਗਰੀਨ ਬੈਲਟ ਵਿਚ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਚੁੱਕ ਕੇ ਫੇਜ਼-6 ਦੇ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਮੁਤਾਬਿਕ ਮ੍ਰਿਤਕ ਦੀ ਉਮਰ ਕਰੀਬ 35 ਤੋਂ 40 ਸਾਲ ਦੇ ਵਿਚਕਾਰ ਜਾਪਦੀ ਹੈ ਅਤੇ ਉਸ ਦਾ ਕੱਦ ਲਗਭਗ 5 ਫੁੱਟ 8 ਇੰਚ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਸ਼ਨਾਖ਼ਤ ਅਤੇ ਅਗਲੇਰੀ ਕਾਰਵਾਈ ਲਈ 72 ਘੰਟਿਆਂ ਵਾਸਤੇ ਫੇਜ਼-6 ਦੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮ੍ਰਿਤਕ ਦੇ ਵਾਰਿਸਾਂ ਦਾ ਪਤਾ ਨਾ ਲੱਗਿਆ ਤਾਂ ਪੁਲਿਸ ਵੱਲੋਂ ਕਾਨੂੰਨੀ ਪ੍ਰਕਿਰਿਆ ਤਹਿਤ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।