ਜੁਡੀਸ਼ੀਅਲ ਕੰਪਲੈਕਸ ਤੇ ਅੱਧਾ ਦਰਜਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਜੁਡੀਸ਼ੀਅਲ ਕੰਪਲੈਕਸ ਅਤੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Publish Date: Mon, 21 Sep 2026 09:26 PM (IST)
Updated Date: Tue, 22 Sep 2026 04:09 AM (IST)
ਪੁਲੀਸ ਪ੍ਰਸ਼ਾਸਨ ਹਾਈ ਅਲਰਟ, ਜਾਂਚ ਦੌਰਾਨ ਨਹੀਂ ਮਿਲੀ ਕੋਈ ਇਤਰਾਜ਼ਯੋਗ ਵਸਤੂ ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਅਤੇ ਸ਼ਹਿਰ ਦੇ ਲਗਭਗ 6 ਪ੍ਰਾਈਵੇਟ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐੱਸਐੱਸਪੀ ਮੁਹਾਲੀ ਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ’ਚ ਆ ਗਏ। ਪ੍ਰਸ਼ਾਸਨਿਕ ਕਾਰਵਾਈ: ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਸਥਿਤ ਕੁੱਲ 6 ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਮਿਲੀ। ਈ-ਮੇਲ ਪ੍ਰਾਪਤ ਹੋਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ, ਐਂਟੀ-ਸਾਬੋਤਾਜ ਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਵੱਲੋਂ ਇਹਨਾਂ ਥਾਵਾਂ ਤੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ ਪਰ ਜਾਂਚ ਦੌਰਾਨ ਕੋਈ ਵੀ ਇਤਰਾਜ਼ਯੋਗ ਜਾਂ ਸ਼ੱਕੀ ਵਸਤੂ ਨਹੀਂ ਮਿਲੀ। ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਭੇਜਿਆ: ਘਟਨਾ ਦੇ ਮੱਦੇਨਜ਼ਰ ਸਕੂਲ ਪ੍ਰਬੰਧਕਾਂ ਨੇ ਮਾਪਿਆਂ ਨੂੰ ਇਤਲਾਹ ਦਿੱਤੀ ਤੇ ਬੱਚਿਆਂ ਨੂੰ ਸੁਰੱਖਿਅਤ ਸਕੂਲਾਂ ਤੋਂ ਬਾਹਰ ਕੱਢ ਕੇ ਘਰ ਭੇਜ ਦਿੱਤਾ। ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਧਮਕੀ ਤੋਂ ਬਾਅਦ ਸਾਰੇ ਸਕੂਲਾਂ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਜੁਡੀਸ਼ੀਅਲ ਕੋਰਟ ਕੰਪਲੈਕਸ ਖਾਲੀ ਕਰਵਾਇਆ: ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐੱਸਐੱਸਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਸੂਚਿਤ ਕੀਤਾ ਗਿਆ ਕਿ ਜ਼ਿਲ੍ਹਾ ਅਦਾਲਤ ਦੀ ਆਈਡੀ ਤੇ ਵੀ ਈ-ਮੇਲ ਰਾਹੀਂ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾਇਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਬੰਬ ਨਿਰੋਧਕ ਦਸਤੇ ਤੇ ਡੌਗ ਸਕੁਐਡ ਨੇ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਮੁਕੰਮਲ ਹੋਣ ਤੱਕ ਪੂਰੇ ਅਦਾਲਤ ਕੰਪਲੈਕਸ ਨੂੰ ਘੇਰੇ ’ਚ ਲਿਆ ਗਿਆ ਤੇ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੁਲਿਸ ਅਧਿਕਾਰੀ ਦਾ ਬਿਆਨ: ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਧਮਕੀ ਦੇ ਸਰੋਤ ਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।