ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਬੂਥ ਲੈਵਲ ਅਫ਼ਸਰਾਂ ਨੂੰ ਕੀਤਾ ਸਨਮਾਨਿਤ
ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਬੂਥ ਲੈਵਲ ਅਫ਼ਸਰਾਂ ਨੂੰ ਕੀਤਾ ਸਨਮਾਨਿਤ
Publish Date: Tue, 10 Mar 2026 06:24 PM (IST)
Updated Date: Tue, 10 Mar 2026 06:27 PM (IST)

ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਲੜੀ ’ਚ ਔਰਤਾਂ ਦੇ ਯੋਗਦਾਨ ਨੂੰ ਨਮਨ : ਡੀਸੀ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਮੁਹਾਲੀ ਵਿਖੇ “ਸਲਿਊਟਿੰਗ ਵੂਮੈਨ ਸਟਰੈਂਥ ਇਨ ਡੈਮੋਕ੍ਰੇਸੀ” ਥੀਮ ਹੇਠ ਜ਼ਿਲ੍ਹੇ ਦੀਆਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀਸੀ ਕੋਮਲ ਮਿੱਤਲ ਨੇ ਸਨਮਾਨਿਤ ਕੀਤੀਆਂ ਗਈਆਂ ਬੀਐੱਲਓਜ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਤਹਿਤ ਉਨ੍ਹਾਂ ਨੂੰ ਦਿੱਤਾ ਗਿਆ ਕੰਮ ਕਾਫ਼ੀ ਚੁਣੌਤੀਪੂਰਨ ਹੈ ਅਤੇ ਉਹ 2003 ਦੇ ਵੋਟਰ ਡਾਟਾ ਨਾਲ ਵੋਟਰ ਲਿਸਟਾਂ ਦੀ ਮੈਪਿੰਗ ਕਰਦੇ ਹੋਏ ਲਗਾਤਾਰ ਮਿਹਨਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੂਥ ਲੈਵਲ ਅਫ਼ਸਰਾਂ ਨੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਤਹਿਤ 93 ਫ਼ੀਸਦੀ ਤੋਂ ਵੱਧ ਪ੍ਰਗਤੀ ਹਾਸਲ ਕੀਤੀ ਹੈ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਡੀਸੀ ਨੇ ਕਿਹਾ ਕਿ ਪੰਜਾਬ ਦੀ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਕੀਤੀ ਗਈ ਇਹ ਪਹਿਲ ਬੂਥ ਲੈਵਲ ਅਫ਼ਸਰਾਂ ਦਾ ਮਨੋਬਲ ਵਧਾਉਣ ਅਤੇ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮਾਨਤਾ ਦੇਣ ਲਈ ਕੀਤੀ ਗਈ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤੀਆਂ ਗਈਆਂ ਬੂਥ ਲੈਵਲ ਅਫ਼ਸਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਆਪਣੇ ਤਜਰਬੇ ਸਾਂਝੇ ਕਰਕੇ ਹੋਰ ਬੀਐੱਲਓਜ਼ ਨੂੰ ਵੀ ਪ੍ਰੇਰਿਤ ਕਰਨ। ਅੱਜ ਸਨਮਾਨਿਤ ਕੀਤੀਆਂ ਗਈਆਂ ਬੂਥ ਲੈਵਲ ਅਫ਼ਸਰਾਂ ਵਿਚ ਅਨੂ ਜਿੰਦਲ, ਸੋਹਨਜੀਤ ਕੌਰ, ਇੰਦਰਜੀਤ ਕੌਰ, ਦਿਪਿੰਦਰਜੀਤ ਕੌਰ, ਪੂਨਮ ਅਤੇ ਰੁਪਿੰਦਰ ਕੌਰ ਸ਼ਾਮਲ ਹਨ। ਇਸ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਟਾਫ਼ ਵੀ ਹਾਜ਼ਰ ਸੀ।