ਜੇਲ੍ਹ ’ਚ ਬੰਦ ਦੋਵੇਂ ਕਿਸਾਨ ਆਗੂਆਂ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਸੂਬਾ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਵੀਰਵਾਰ ਨੂੰ ਪਿੰਡਾਂ ਅੰਦਰ ਜੇਤੂ ਰੇਲੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਰੈਲੀਆਂ ਕਿਸਾਨ ਏਕਤਾ ਅਤੇ ਸੰਘਰਸ਼ ਦੀ ਕਾਮਯਾਬੀ ਦਾ ਪ੍ਰਤੀਕ ਹੋਣਗੀਆਂ।
Publish Date: Wed, 18 Feb 2026 04:58 PM (IST)
Updated Date: Wed, 18 Feb 2026 05:00 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਕਿਸਾਨ ਆਗੂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਵੱਡੀ ਰਾਹਤ ਅਤੇ ਸੰਘਰਸ਼ ਦੀ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਰਾਤ ਅਤੇ ਅੱਜ ਸਵੇਰੇ ਗ੍ਰਿਫ਼ਤਾਰ ਕੀਤੇ ਗਏ ਹੋਰ ਆਗੂਆਂ ਅਤੇ ਵਰਕਰਾਂ ਦੀ ਰਿਹਾਈ ਲਈ ਚੱਲ ਰਹੇ ਧਰਨੇ ਜਾਰੀ ਰਹਿਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹਾਈਕੋਰਟ ਦਾ ਫੈਸਲਾ ਸੱਚਾਈ ਦੀ ਜਿੱਤ ਹੈ ਅਤੇ ਇਹ ਕਿਸਾਨਾਂ ਦੇ ਇਕੱਠ ਅਤੇ ਸੰਘਰਸ਼ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸਾਨ ਹੱਕਾਂ ਲਈ ਇਕੱਠੇ ਹੋ ਕੇ ਸ਼ਾਂਤੀਪੂਰਵਕ ਲੜਦੇ ਹਨ ਤਾਂ ਆਖ਼ਿਰਕਾਰ ਨਿਆਂ ਮਿਲਦਾ ਹੈ। ਉਗਰਾਹਾਂ ਨੇ ਕਿਹਾ ਕਿ ਭਾਵੇਂ ਦੋਵੇਂ ਆਗੂਆਂ ਨੂੰ ਜ਼ਮਾਨਤ ਮਿਲ ਗਈ ਹੈ, ਪਰ ਜਦ ਤਕ ਬਾਕੀ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂ ਅਤੇ ਵਰਕਰ ਰਿਹਾਅ ਨਹੀਂ ਹੁੰਦੇ, ਤਦ ਤਕ ਧਰਨੇ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਪਿਛਲੀ ਰਾਤ ਅਤੇ ਅੱਜ ਸਵੇਰੇ ਹੋਈਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਵੱਖ-ਵੱਖ ਥਾਵਾਂ ’ਤੇ ਧਰਨੇ ਜਾਰੀ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ’ਤੇ ਦਬਾਅ ਬਣਾਇਆ ਜਾ ਰਿਹਾ ਸੀ ਕਿ ਬਿਨਾਂ ਸ਼ਰਤ ਸਾਰੇ ਗ੍ਰਿਫ਼ਤਾਰ ਸਾਥੀਆਂ ਨੂੰ ਰਿਹਾਅ ਕੀਤਾ ਜਾਵੇ।
ਉਗਰਾਹਾਂ ਨੇ ਦੋਸ਼ ਲਗਾਇਆ ਕਿ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸਨ। ਸੂਬਾ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਵੀਰਵਾਰ ਨੂੰ ਪਿੰਡਾਂ ਅੰਦਰ ਜੇਤੂ ਰੇਲੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਰੈਲੀਆਂ ਕਿਸਾਨ ਏਕਤਾ ਅਤੇ ਸੰਘਰਸ਼ ਦੀ ਕਾਮਯਾਬੀ ਦਾ ਪ੍ਰਤੀਕ ਹੋਣਗੀਆਂ। ਪਿੰਡ ਪੱਧਰ ’ਤੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਪਣੀ ਜਿੱਤ ਦਾ ਜਸ਼ਨ ਮਨਾਉਣਗੇ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦੇਣਗੇ। ਉਗਰਾਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਕਾਇਮ ਰੱਖਦੇ ਹੋਏ ਆਪਣੇ ਹੱਕਾਂ ਲਈ ਡਟੇ ਰਹਿਣ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਹਮੇਸ਼ਾਂ ਸ਼ਾਂਤੀਪੂਰਵਕ ਅਤੇ ਲੋਕਤੰਤਰਕ ਢੰਗ ਨਾਲ ਚਲਾਇਆ ਗਿਆ ਹੈ ਅਤੇ ਅੱਗੇ ਵੀ ਇਹੀ ਰਾਹ ਅਪਣਾਇਆ ਜਾਵੇਗਾ।