ਪਾਵਰਕਾਮ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ
ਵਾਅਦਾਖ਼ਿਲਾਫ਼ੀ : ਪਾਵਰਕਾਮ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ
Publish Date: Mon, 08 Jun 2026 08:41 PM (IST)
Updated Date: Mon, 08 Jun 2026 08:44 PM (IST)

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਸਾਂਝੀ ਤਾਲਮੇਲ ਕਮੇਟੀ ਸਰਕਲ ਮੁਹਾਲੀ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਸੋਮਵਾਰ ਨੂੰ ਰੋਸ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਪੀਐੱਸਪੀਸੀਐੱਲ ਫੈੱਡਰੇਸ਼ਨ ਏਟਕ ਐਸੋਂਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੈਨਸ਼ਨਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਸ਼ਿਕਾਇਤ ਕੀਤੀ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ। ਸਰਕਲ ਪ੍ਰਧਾਨ ਗਰੁਬਖ਼ਸ਼ ਸਿੰਘ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਲੱਖਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ। ਇਨ੍ਹਾਂ ਨੌਜਵਾਨਾਂ ਨੇ ਪਹਿਲਾਂ ਆਈਟੀਆਈ ਪਾਸ ਕੀਤੀ ਅਤੇ ਹੁਣ ਇਹ ਨੌਜਵਾਨ ਬਿਜਲੀ ਵਿਭਾਗ ਵਿਚ ਅਪਰੈਂਟਸ਼ਿਪ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੇ ਸਹਾਇਕ ਲਾਈਨਮੈਨ ਦੀਆਂ ਅਸਾਮੀਆਂ ਕੱਢੀਆਂ ਸਨ, ਜਿਸ ਵਿਚ ਅਪਰੈਂਟਸਿਪ ਦੀ ਸ਼ਰਤ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ। ਹਾਲਾਂਕਿ ਪਾਵਰਕਾਮ ਮੈਨੇਜਮੈਂਟ ਨੇ ਇਨ੍ਹਾਂ ਕਾਮਿਆਂ ਨਾਲ ਬਿਜਲੀ ਵਿਭਾਗ ਵਿਚ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੇ ਮੀਟਿੰਗ ਵਿਚ ਕੀਤੇ ਸਮਝੌਤੇ ਨੂੰ ਲਾਗੂ ਕਰਨ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਪੀੜਤ ਬਿਜਲੀ ਕਾਮੇ ਸਮਝੌਤਾ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪੁਲਿਸ ਜਬਰ ਨਾਲ ਹੱਕ ਮੰਗਦੇ ਕਾਮਿਆਂ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ। ਪੰਜਾਬ ਸਰਕਾਰ ਦੇ ਇਸ਼ਾਰਿਆਂ ’ਤੇ ਅਪਰੈਂਟਸ਼ਿਪ ਕਾਮਿਆਂ ’ਤੇ ਪੁਲਿਸ ਵੱਲੋਂ ਵਹਿਸ਼ੀਆਨਾਂ ਢੰਗ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਇਨ੍ਹਾਂ ਬੇਰੁਜ਼ਗਾਰ ਨੂੰ ਪਸ਼ੂਆਂ ਵਾਂਗ ਕੁੱਟਣ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਮੁਹਾਲੀ ਨੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਅਪਰੈਂਟਸ਼ਿਪ ਲਾਈਨਮੈਨਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜੇਕਰ ਅਪਰੈਂਟਸ਼ਿਪ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਨੂੰ ਗੁਰਮੀਤ ਸਿੰਘ, ਜਗਦੀਪ ਸਿੰਘ, ਫੈਡਰੇਸ਼ਨ ਏਟਕ ਸੁਰਿੰਦਰ ਪਾਲ ਲਹੋਰੀਆ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦੇ ਆਗੂ ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸੰਦੀਪ ਸਿੰਘ, ਜਸਪਾਲ ਭੁੱਲਰ, ਡਵੀਜ਼ਨ ਪ੍ਰਧਾਨ ਜਤਿੰਦਰ ਸਿੰਘ, ਸੋਹਣ ਸਿੰਘ, ਪਰਮਜੀਤ ਸਿੰਘ ਅਤੇ ਪੈਨਸ਼ਨਰਜ਼ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ, ਨੈਬ ਸਿੰਘ ਅਤੇ ਸੁਖਦੇਵ ਸਿੰਘ ਨੇ ਵੀ ਸੰਬੋਧਨ ਕੀਤਾ।