ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸੂਬੇ ਦੇ ਸਾਬਕਾ ਗ੍ਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ 26 ਜੂਨ ਨੂੰ ਸਵੇਰੇ ਗਿਆਰਾਂ ਵਜੇ ਤਲਬ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਨੂੰ ਸੈਕਟਰ 32 ਸਥਿਤ ਪੁਲਿਸ ਇੰਸਟੀਚਿਊਟ ਵਿਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ।

ਯਾਦ ਰਹੇ ਕਿ ਬੀਤੇ ਕੱਲ੍ਹ (ਮੰਗਲਵਾਰ) ਨੂੰ ਐੱਸਆਈਟੀ ਨੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੇ ਸੈਕਟਰ ਚਾਰ ਸਥਿਤ ਐੱਮਐੱਲਏ ਫਲੈਟ ਵਿਚ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਸੀ। ਵਧੀਕ ਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਹੇਠ ਬਾਦਲ ਤੋਂ ਪੁੱਛਗਿੱਛ ਕਰਨ ਪੁੱਜੀ ਟੀਮ ਵਿਚ ਸਾਬਕਾ ਡਾਇਰੈਕਟਰ ਪ੍ਰਰੋਸੀਕਿਊਸ਼ਨ ਵਿਜੈ ਸਿੰਗਲਾ ਦੀ ਹਾਜ਼ਰੀ 'ਤੇ ਅਕਾਲੀ ਦਲ ਵੱਲੋਂ ਵਿਰੋਧ ਵੀ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ, ਮੁਅੱਤਲ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ, ਸੁਖਮੰਦਰ ਸਿੰਘ ਸਮੇਤ ਕਈ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੀ ਸਾਬਕਾ ਗ੍ਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਕਰ ਚੁੱਕੀ ਹੈ।

Posted By: Sunil Thapa