Bribe Case : ਸੀਆਈਏ ਸਟਾਫ ਫਿਰੋਜ਼ਪੁਰ 'ਚ ਤਾਇਨਾਤ ASI ਗੋਲਡੀ 1,30,000 ਰੁਪਏ ਰਿਸ਼ਵਤ ਲੈਂਦਾ ਕਾਬੂ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਮੋਹਾਲੀ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 1,30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
Publish Date: Wed, 03 Jun 2026 02:37 PM (IST)
Updated Date: Wed, 03 Jun 2026 03:04 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀਆਈਏ ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੌਰੰਗ ਕੇ ਲੇਲੀ ਜ਼ਿਲ੍ਹਾ ਫਿਰੋਜ਼ਪੁਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ 'ਚ ਦੋਸ਼ੀ ਸਹਾਇਕ ਸਬ-ਇੰਸਪੈਕਟਰ (ASI) ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਧਮਕੀ ਦਿੱਤੀ ਕਿ ਇਸ ਮਾਮਲੇ 'ਚ ਉਸਦੇ ਰਿਸ਼ਤੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਏਐਸਆਈ ਗੁਰਜੀਤ ਸਿੰਘ ਨੇ ਇਸ ਮਾਮਲੇ 'ਚ ਉਸਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸੀ ਜ਼ਮਾਨਤ ਲਈ ਰਾਹ ਪੱਧਰਾ ਕਰਨ ਬਦਲੇ 2.5 ਲੱਖ ਰੁਪਏ ਰਿਸ਼ਵਤ ਮੰਗ ਕੀਤੀ। ਦੋਸ਼ੀ ਏਐਸਆਈ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਰਕਮ ਸੀਆਈਏ ਸਟਾਫ ਦੇ ਇੰਚਾਰਜ ਮੋਹਿਤ ਧਵਨ ਨੂੰ ਸੌਂਪੀ ਜਾਣੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਬੇਨਤੀ ’ਤੇ ਸੌਦਾ ਆਖਰਕਾਰ 2.3 ਲੱਖ ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੋਸ਼ੀ ਅਧਿਕਾਰੀ ਨੂੰ ਇੱਕ ਲੱਖ ਰੁਪਏ ਰਿਸ਼ਵਤ ਦੀ ਰਕਮ ਪਹਿਲੀ ਕਿਸ਼ਤ ਵਜੋਂ ਦਿੱਤੀ ਸੀ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਮੋਹਾਲੀ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 1,30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ 'ਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।