- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਸਪਾ ਵੱਲੋਂ ਸੂਬੇ ਭਰ ’ਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ,

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ :ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਵਿਚ ਲੈਕਚਰਾਰਾਂ ਦੀਆਂ ਕੱਢੀਆਂ ਗਈਆਂ ਲਗਭਗ 1000 ਅਸਾਮੀਆਂ ’ਚ ਦਲਿਤਾਂ ਤੇ ਪੱਛੜੇ ਵਰਗਾਂ ਦੇ ਰਾਖਵੇਂਕਰਨ ਦੀ ਕਥਿਤ ਅਣਦੇਖੀ ਵਿਰੁੱਧ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਇਸ ਤਹਿਤ ਬਸਪਾ ਜ਼ਿਲ੍ਹਾ ਮੁਹਾਲੀ ਵੱਲੋਂ ਇਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੇ ਰੋਸ ਮੁਜ਼ਾਹਰੇ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਕਾਦਾਸ ਧਾਲੀਵਾਲ ਨੇ ਕੀਤੀ। ਰੋਸ ਮੁਜ਼ਾਹਰੇ ਤੋਂ ਬਾਅਦ ਬਸਪਾ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮਾਣਯੋਗ ਰਾਜਪਾਲ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਸੌਂਪਿਆ।
ਰੋਸ ਮੁਜ਼ਾਹਰੇ ’ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਤੇ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਨੇ ‘ਆਪ’ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੀਤੀ 25 ਜੂਨ ਨੂੰ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਸੀ, ਜਿਸ ’ਚ ਅਨੁਸੂਚਿਤ ਜਾਤੀਆਂ (ਐੱਸਸੀ) ਤੇ ਪੱਛੜੀਆਂ ਸ਼੍ਰੇਣੀਆਂ (ਬੀਸੀ) ਦੇ ਉਮੀਦਵਾਰਾਂ ਦੇ ਸੰਵਿਧਾਨਕ ਰਾਖਵੇਂਕਰਨ ਨੂੰ ਖ਼ਤਮ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਦਮ ਸਿੱਧੇ ਤੌਰ 'ਤੇ ਦੇਸ਼ ਦੇ ਸੰਵਿਧਾਨ ਤੇ ਸਮਾਜਿਕ ਇਨਸਾਫ਼ ਦੀ ਉਲੰਘਣਾ ਹੈ। ਬਸਪਾ ਆਗੂਆਂ ਨੇ ਮੰਗ ਕੀਤੀ ਕਿ ਮੌਜੂਦਾ ਭਰਤੀ ਪ੍ਰਕਿਰਿਆ ਨੂੰ ਤੁਰੰਤ ਰੋਕ ਕੇ ਰੋਸਟਰ ਪੁਆਇੰਟਾਂ ਦੀ ਮੁੜ ਗਣਨਾ ਕੀਤੀ ਜਾਵੇ ਤੇ ਰਾਖਵਾਂਕਰਨ ਪੂਰਨ ਤੌਰ 'ਤੇ ਲਾਗੂ ਕੀਤਾ ਜਾਵੇ। ਹਰਕਾਦਾਸ ਧਾਲੀਵਾਲ, ਬਸਪਾ ਜ਼ਿਲ੍ਹਾ ਪ੍ਰਧਾਨ ਮੁਹਾਲੀ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਦੀ ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਜੇਕਰ ਸੂਬਾ ਸਰਕਾਰ ਨੇ ਇਸ ਭਰਤੀ ਵਿਚ ਦਲਿਤਾਂ ਅਤੇ ਪੱਛੜੇ ਵਰਗਾਂ ਦਾ ਹੱਕ ਬਹਾਲ ਨਾ ਕੀਤਾ, ਤਾਂ ਭਵਿੱਖ ’ਚ ਸੂਬਾ ਪੱਧਰ 'ਤੇ ਵੱਡੇ ਸੰਘਰਸ਼ ਵਿੱਢੇ ਜਾਣਗੇ।
ਇਸ ਮੌਕੇ ਉਜਾਗਰ ਸਿੰਘ ਦੁਭਾਲੀ, ਮਾਸਟਰ ਨਛੱਤਰ ਸਿੰਘ, ਸੁੱਚਾ ਸਿੰਘ ਸਨੇਟਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬੇਗ ਸਿੰਘ ਜੂਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਜਨਰਲ ਸਕੱਤਰ, ਜਸਵੀਰ ਸਿੰਘ ਰਡਿਆਲਾ ਜ਼ਿਲ੍ਹਾ ਖ਼ਜ਼ਾਨਚੀ, ਕੁਲਦੀਪ ਸਿੰਘ ਘੜੂਆਂ, ਪ੍ਰਕਾਸ਼ ਸਿੰਘ ਜ਼ਿਲ੍ਹਾ ਸਕੱਤਰ, ਰਵਿੰਦਰ ਸਿੰਘ ਸਾਗਰ ਜ਼ਿਲ੍ਹਾ ਕੋਆਰਡੀਨੇਟਰ ਸ਼ਾਮਲ ਸਨ। ਇਸ ਤੋਂ ਇਲਾਵਾ ਵਿਧਾਨ ਸਭਾ ਇੰਚਾਰਜ ਗੁਰਪ੍ਰੀਤ ਸਿੰਘ ਬੜੀ, ਲਕਸ਼ਮਣ ਵਰਮਾ, ਹਰਨੇਕ ਸਿੰਘ (ਸਾਬਕਾ ਐੱਸਡੀਓ), ਸੁਰਿੰਦਰ ਸਿੰਘ ਡੇਰਾਬੱਸੀ, ਸੁਖਦੇਵ ਸਿੰਘ ਚੱਪੜਚਿੜੀ, ਬਖਸ਼ੀਸ਼ ਸਿੰਘ ਗੋਗੜ ਸਮੇਤ ਹਲਕਾ ਪ੍ਰਧਾਨ ਜਸਪਾਲ ਸਿੰਘ ਮੁਹਾਲੀ, ਚਰਨਜੀਤ ਸਿੰਘ ਡੇਰਾਬੱਸੀ, ਹਾਕਮ ਸਿੰਘ ਖਰੜ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ।