ਮੰਦਰ ਦੇ ਨਿਰਮਾਣ ’ਚ ਦੇਰੀ ਖ਼ਿਲਾਫ਼ ਬਸਪਾ ਦਾ ਹੱਲਾ-ਬੋਲ, 19 ਨੂੰ ਰੋਸ ਪ੍ਰਦਰਸ਼ਨ ਦਾ ਐਲਾਨ
ਮੰਦਰ ਦੇ ਨਿਰਮਾਣ 'ਚ ਦੇਰੀ ਖ਼ਿਲਾਫ਼ ਬੀਐੱਸਪੀ ਦਾ ਹੱਲਾ-ਬੋਲ, 19 ਫਰਵਰੀ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ
Publish Date: Mon, 16 Feb 2026 06:52 PM (IST)
Updated Date: Mon, 16 Feb 2026 06:54 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਬਲਾਕ ਅਧੀਨ ਪੈਂਦੇ ਪਿੰਡ ਮਾਲਣ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੇ ਨਿਰਮਾਣ ਵਿਚ ਆ ਰਹੀਆਂ ਰੁਕਾਵਟਾਂ ਅਤੇ ਪ੍ਰਸ਼ਾਸਨਿਕ ਢਿੱਲ-ਮੱਠ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ 19 ਫਰਵਰੀ ਨੂੰ ਡੇਰਾਬੱਸੀ ਵਿਖੇ ਐੱਸਡੀਐੱਮ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਬਸਪਾ ਆਗੂ ਚਰਨਜੀਤ ਸਿੰਘ ਦੇਵੀਨਗਰ ਦਾ ਕਹਿਣਾ ਹੈ ਕਿ ਪਿੰਡ ਮਾਲਣ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਦੇ ਕੰਮ ਵਿਚ ਲਗਾਤਾਰ ਅੜਿੱਕੇ ਡਾਹੇ ਜਾ ਰਹੇ ਹਨ, ਜਿਸ ਕਾਰਨ ਸੰਗਤਾਂ ਵਿਚ ਭਾਰੀ ਰੋਸ ਹੈ। ਬਸਪਾ ਨੇ ਦੋਸ਼ ਲਾਇਆ ਕਿ ਸਥਾਨਕ ਪ੍ਰਸ਼ਾਸਨ ਇਸ ਗੰਭੀਰ ਮਸਲੇ ਨੂੰ ਹੱਲ ਕਰਨ ਵਿਚ ਢਿੱਲ ਵਰਤ ਰਿਹਾ ਹੈ। ਵਾਰ-ਵਾਰ ਅਪੀਲਾਂ ਦੇ ਬਾਵਜੂਦ ਹਾਲੇ ਤਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸ ਮਾਮਲੇ ਵਿਚ ਕਾਰਵਾਈ ਕਰਨ ਲਈ ਬਸਪਾ ਆਗੂਆਂ ਵੱਲੋਂ ਐੱਸਡੀਐੱਮ ਡੇਰਾਬੱਸੀ ਅਮਿਤ ਗੁਪਤਾ ਨੂੰ ਬੀਤੀ 14 ਜਨਵਰੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਸੀ ਪਰ ਪ੍ਰਸ਼ਾਸਨ ਦੇ ਅੜੀਅਲ ਵਤੀਰੇ ਨੂੰ ਦੇਖਦੇ ਹੋਏ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ 19 ਫਰਵਰੀ ਨੂੰ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ ਤਾਂ ਜੋ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨਾਂ ਤਕ ਲੋਕਾਂ ਦੀ ਆਵਾਜ਼ ਪਹੁੰਚਾਈ ਜਾ ਸਕੇ। ਬਸਪਾ ਆਗੂ ਚਰਨਜੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦਾ ਨਿਰਮਾਣ ਉਨ੍ਹਾਂ ਦੀ ਆਸਥਾ ਦਾ ਸਵਾਲ ਹੈ। ਪ੍ਰਸ਼ਾਸਨ ਦੀ ਸੁਸਤ ਚਾਲ ਕਾਰਨ ਇਸ ਪਵਿੱਤਰ ਕਾਰਜ ਵਿਚ ਦੇਰੀ ਹੋ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਹੁਜਨ ਸਮਾਜ ਪਾਰਟੀ ਨੇ ਮੰਗ ਕੀਤੀ ਹੈ ਕਿ ਮੰਦਰ ਦੀ ਉਸਾਰੀ ਵਿਚ ਆ ਰਹੀਆਂ ਸਾਰੀਆਂ ਕਾਨੂੰਨੀ ਜਾਂ ਹੋਰ ਰੁਕਾਵਟਾਂ ਨੂੰ ਤੁਰੰਤ ਦੂਰ ਕੀਤਾ ਜਾਵੇ ਤਾਂ ਜੋ ਪਿੰਡ ਵਾਸੀ ਅਤੇ ਸੰਗਤਾਂ ਜਲਦੀ ਤੋਂ ਜਲਦੀ ਮੰਦਰ ਦੀ ਸੇਵਾ ਮੁਕੰਮਲ ਕਰ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 19 ਫਰਵਰੀ ਤਕ ਕੋਈ ਕਾਰਵਾਈ ਨਾ ਹੋਈ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਥੇਬੰਦੀਆਂ ਦਾ ਦੋਸ਼ ਹੈ ਕਿ ਇਸ ਮਾਮਲੇ ਵਿਚ ਪ੍ਰਸ਼ਾਸਨ ਵੱਲੋਂ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ, ਜਿਸ ਨਾਲ ਸੰਗਤਾਂ ਦੇ ਮਨਾਂ ਵਿਚ ਭਾਰੀ ਰੋਸ ਹੈ। ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਦੇ ਹੱਕਾਂ ਦੀ ਰਾਖੀ ਅਤੇ ਮੰਦਰ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਸਖ਼ਤ ਕਦਮ ਚੁੱਕੇ ਜਾਣ। ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਇਹ ਲੜਾਈ ਸਵੈ-ਮਾਣ ਅਤੇ ਹੱਕਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਉਹ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਸ਼ਾਸਨ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ 19 ਫਰਵਰੀ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਵੀ ਸਰਕਾਰ ਅਤੇ ਪ੍ਰਸ਼ਾਸਨ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਬਸਪਾ ਆਗੂ ਚਰਨਜੀਤ ਸਿੰਘ ਨੇ ਸਮੂਹ ਇਨਸਾਫ਼ ਪਸੰਦ ਲੋਕਾਂ ਅਤੇ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।