ਮੰਤਰੀ ਮੋਹਿੰਦਰ ਭਗਤ ਨੇ 77ਵੇਂ ਗਣਤੰਤਰ ਦਿਵਸ ਮੌਕੇ ਮੁਹਾਲੀ ਵਿਖੇ ਤਿਰੰਗਾ ਲਹਿਰਾਇਆ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 77ਵੇਂ
Publish Date: Tue, 27 Jan 2026 05:36 PM (IST)
Updated Date: Tue, 27 Jan 2026 05:40 PM (IST)

ਭਗਵੰਤ ਸਿੰਘ ਮਾਨ ਸਰਕਾਰ ਬਿਹਤਰ ਸਿਹਤ, ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਨਸ਼ਿਆਂ-ਗੈਂਗਸਟਰਾਂ ਖ਼ਿਲਾਫ਼ ਸਖ਼ਤ ਲੜਾਈ ਪ੍ਰਤੀ ਵਚਨਬੱਧ : ਮੋਹਿੰਦਰ ਭਗਤ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਸਿਹਤ ਸੇਵਾਵਾਂ, ਮਿਆਰੀ ਸਿੱਖਿਆ, ਰੁਜ਼ਗਾਰ ਦੇ ਮੌਕੇ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਜ਼ਿਲ੍ਹੇ ਵਿਚ 77ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਆਜ਼ਾਦੀ ਸੰਗਰਾਮੀਆਂ ਨੂੰ ਨਮਨ ਕਰਦਿਆਂ, ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਬੀਆਰ ਅੰਬੇਡਕਰ ਦੀ ਦੇਣ ਨੂੰ ਯਾਦ ਕਰਦਿਆਂ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਾਲੀਆਂ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਯੋਧਿਆਂ ਨੂੰ ਵੀ ਸਲਾਮ ਕੀਤਾ। ਸ੍ਰੀ ਭਗਤ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸਨੇ ਦੇਸ਼ ਦੀਆਂ ਸੈਨਾਵਾਂ ਵਿਚ ਡਿਊਟੀ ਦੌਰਾਨ ਸ਼ਹੀਦ ਹੋਣ ’ਤੇ ਸੂਬੇ ਵੱਲੋਂ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਨੂੰ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕੀਤਾ ਹੈ। ਇਹ ਵਿੱਤੀ ਸਹਾਇਤਾ ਅਗਨੀਵੀਰਾਂ ਲਈ ਵੀ ਲਾਗੂ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮੀਆਂ ਦੀ ਪੈਨਸ਼ਨ ਵਧਾ ਕੇ 11 ਹਜ਼ਾਰ ਰੁਪਏ ਮਹੀਨਾ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਆਸ਼੍ਰਿਤਾਂ ਲਈ ਸਰਕਾਰੀ ਨੌਕਰੀਆਂ ਵਿਚ 1 ਫ਼ੀਸਦੀ ਰਾਖਵਾਂਕਰਨ ਵੀ ਦਿੱਤਾ ਗਿਆ ਹੈ। ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਾਲੀਆ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜੋ ਕਿ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿਚ ਉਪਲਬਧ ਹੈ। ਇਸ ਯੋਜਨਾ ਵਿਚ 2356 ਮੈਡੀਕਲ ਪੈਕੇਜ ਸ਼ਾਮਲ ਹਨ ਤਾਂ ਜੋ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 63 ਹਜ਼ਾਰ ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਨਿਰਣਾਇਕ ਲੜਾਈ ਦੇ ਦੌਰ ਵਿਚ ਪੁੱਜ ਗਈ ਹੈ। ਇਸ ਅਭਿਆਨ ਤਹਿਤ ਲਗਭਗ 45 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹਾਂ ’ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਸੂਬਾ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਮੁਕਤ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦਾ ਆਯੋਜਨ 13 ਤੋਂ 15 ਮਾਰਚ ਤੱਕ ਮੁਹਾਲੀ ਵਿਖੇ ਕੀਤਾ ਜਾਵੇਗਾ, ਜਿਸ ਵਿਚ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਉਦਯੋਗਪਤੀ ਸ਼ਾਮਲ ਹੋਣਗੇ। ਗਣਤੰਤਰ ਦਿਵਸ ਸਮਾਰੋਹ ਦੌਰਾਨ ਡੀਐੱਸਪੀ ਸਿਟੀ-1 ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ, ਐੱਨਸੀਸੀ ਕੈਡਿਟਾਂ ਦੀ ਭਾਗੀਦਾਰੀ, ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ, ਸੀਐੱਮ ਦੀ ਯੋਗਸ਼ਾਲਾ ਰਾਹੀਂ ਸਿਹਤਮੰਦ ਪੰਜਾਬ ਦਾ ਸੁਨੇਹਾ, ਅਤੇ ਲੋਕ-ਭਲਾਈ ਯੋਜਨਾਵਾਂ ’ਤੇ ਆਧਾਰਤ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ 13 ਸਿਲਾਈ ਮਸ਼ੀਨਾਂ ਲੋੜਵੰਦਾਂ ਨੂੰ ਦਿੱਤੀਆਂ ਗਈਆਂ ਅਤੇ ਕੈਬਨਿਟ ਮੰਤਰੀ ਵੱਲੋਂ ਪੰਜ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਤਰੀ ਸ਼੍ਰੀ ਭਗਤ ਵੱਲੋਂ ਵਿਲੱਖਣ ਸੇਵਾਵਾਂ ਲਈ 81 ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਰੋਹ ਵਿਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ; ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈਡ; ਪਰਮਿੰਦਰ ਪਾਲ ਸਿੰਘ, ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਅਤੇ ਸ੍ਰੀਮਤੀ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਸ਼ਾਮਲ ਸਨ। ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚ ਸਪੈਸ਼ਲ ਡੀਜੀਪੀ (ਟ੍ਰੈਫਿਕ) ਏਐੱਸ ਰਾਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਐੱਸਐੱਸਪੀ ਹਰਮਨਦੀਪ ਸਿੰਘ ਹਾਂਸ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰਭੀ ਪਰਾਸ਼ਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।