ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਟਿਫਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ’ਚ ਸ਼ਾਮਲ ਆਈਐੱਸਆਈ ਦੀ ਸ਼ਹਿ ਪ੍ਰਾਪਤ ਚਾਰ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਤੋਂ ਪਿੱਛੋਂ ਸੂਬੇ ’ਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਮਾਮਲੇ ’ਚ ਇਕ ਪਾਕਿਸਤਾਨੀ ਖ਼ੁਫ਼ੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਆਧਾਰਿਤ ਅੱਤਵਾਦੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੇ ਮੁੜ ਖੁੱਲ੍ਹਣ ਦੇ ਨਾਲ-ਨਾਲ ਆਗਾਮੀ ਤਿਉਹਾਰਾਂ ਦੇ ਸੀਜ਼ਨ ਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੂੰ ਹਾਈ ਅਲਰਟ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਭੀੜ ਵਾਲੀਆਂ ਥਾਵਾਂ ’ਤੇ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਗ੍ਰਿਫਤਾਰੀਆਂ ਦੇ ਵੇਰਵੇ ਦਿੰਦਿਆਂ, ਡੀਜੀਪੀ ਨੇ ਪਾਕਿਸਤਾਨ ਸਥਿਤ ਆਈਐੱਸਵਾਈਐੱਫ ਦੇ ਮੁਖੀ ਲਖਬੀਰ ਸਿੰਘ ਅਤੇ ਪਾਕਿਸਤਾਨ ਦੇ ਵਸਨੀਕ ਕਾਸਿਮ ਅਤੇ ਮੋਗਾ ਜ਼ਿਲ੍ਹੇ ਦੇ ਪੀਐਸ ਸਮਾਲਸਰ, ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ ਬਾਬਾ ਦੀ ਪਛਾਣ ਕੀਤੀ, ਜੋ ਇਸ ਸਮੇਂ ਪਾਕਿਸਤਾਨ ਵਿੱਚ ਹਨ।

Posted By: Jatinder Singh