ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿਚ 57 ਹਜ਼ਾਰ ਸਰਕਾਰੀ ਨੌਕਰੀਆਂ ਸਬੰਧੀ ਬਿਆਨ ਦੇ ਕੇ ਸਦਨ ਨੂੰ ਗੁੰਮਰਾਹ ਕੀਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰ ਵੱਲੋਂ ਸਿਰਫ਼ 33 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ।

ਢਿੱਲੋਂਅਤੇ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਪਵਨ ਟੀਨੂੰ ਦੇ ਸਵਾਲ ਦੇ ਜਵਾਬ ਵਿਚ ਪਿਛਲੇ ਤਿੰਨ ਸਾਲਾਂ ਵਿਚ ਸਿਰਫ 33 ਹਜ਼ਾਰ ਨੌਕਰੀਆਂ ਦੇਣ ਅਤੇ 24 ਹਜ਼ਾਰ ਕਾਮਿਆਂ ਦੀ ਠੇਕੇ 'ਤੇ ਭਰਤੀ ਕਰਨ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਦੇ ਘਰ ਘਰ ਨੌਕਰੀ ਯੋਜਨਾ ਤਹਿਤ 12 ਲੱਖ ਨੌਕਰੀਆਂ ਦੇਣ ਦੇ ਦਾਅਵੇ ਦੀ ਫੂਕ ਨਿਕਲ ਗਈ ਹੈ ਅਤੇ ਇਹ ਸਿਰਫ 33 ਹਜ਼ਾਰ ਨੌਕਰੀਆਂ ਹੀ ਰਹਿ ਗਈਆਂ ਹਨ। ਢਿੱਲੋਂ ਤੇ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਰੋਨਾ ਵਾਇਰਸ ਦਾ ਹਊਆ ਖੜ੍ਹਾ ਕਰ ਕੇ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦੀ ਜ਼ਿੰਮੇਵਾਰੀ ਤੋਂ ਵੀ ਭੱਜ ਗਈ ਹੈ।

ਰਾਜਪਾਲ ਦੇ ਭਾਸ਼ਣ 'ਤੇ ਬਹਿਸ ਦੌਰਾਨ ਮੁੱਖ ਮੰਤਰੀ ਦੇ ਜਵਾਬ ਬਾਰੇ ਅਕਾਲੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੀ ਸਰਕਾਰ ਦੀਆਂ ਅਖੌਤੀ ਪ੍ਰਰਾਪਤੀਆਂ ਵਧਾ ਚੜ੍ਹਾ ਕੇ ਦੱਸੀਆਂ ਹਨ।

ਅਕਾਲੀ ਦਲ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਵਿਚ ਕੀਤੀ ਜਾ ਰਹੀ ਦੇਰੀ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਕ ਹੋਰ ਸਾਲ ਕਮਿਸ਼ਨ ਦੀ ਮੀਟਿੰਗ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਵਿਚ ਤਿੰਨ ਸਾਲ ਦੀ ਦੇਰੀ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੰੂ ਵਾਅਦੇ ਅਨੁਸਾਰ ਨਾ ਤਾਂ ਡੀਏ ਦੇ ਬਕਾਏ ਦਿੱਤੇ ਜਾ ਰਹੇ ਹਨ ਅਤੇ ਨਾ ਹੀ ਉਨ੍ਹਾਂ ਨੰੂ ਪੱਕਾ ਕੀਤਾ ਜਾ ਰਿਹਾ ਹੈ।

ਢਿੱਲੋਂ ਅਤੇ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਅੰਦਰ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਗੱਲ ਕੀਤੀ ਹੈ ਪਰ ਉਨ੍ਹਾਂ ਇਕ ਵੀ ਪ੍ਰਰਾਜੈਕਟ ਦਾ ਉਦਘਾਟਨ ਨਹੀਂ ਕੀਤਾ। ਅਕਾਲੀ ਆਗੂਆਂ ਨੇ ਕਿਹਾ ਕਿ 6 ਹਜ਼ਾਰ ਸਕੂਲਾਂ ਵਿਚ ਅੰਗਰੇਜ਼ੀ ਸ਼ੁਰੂ ਕਰਨ ਦਾ ਫ਼ੈਸਲਾ ਮਾਂ-ਬੋਲੀ ਪੰਜਾਬੀ ਦੇ ਹਿੱਤਾਂ ਦੇ ਖ਼ਿਲਾਫ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਬਿਆਨ ਨਾਲ 'ਪੰਜਾਬੀ' ਨੁੱਕਰੇ ਲੱਗੇਗੀ, ਇਸ ਲਈ ਇਸ ਫ਼ੈਸਲੇ ਨੰੂ ਰੋਕ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪਿਛਲੇ ਇਕ ਸਾਲ ਤੋਂ ਬਕਾਇਆ ਪਏ ਫਸਲੀ ਮੁਆਵਜ਼ੇ ਅਤੇ 700 ਤੋਂ 800 ਕਰੋੜ ਰੁਪਏ ਦੇ ਗੰਨਾ ਉਤਪਾਦਕਾਂ ਦੇ ਬਕਾਏ ਨੂੰ ਜਾਰੀ ਕਰਨ ਲਈ ਕੋਈ ਰੂਪ ਰੇਖਾ ਨਹੀਂ ਉਲੀਕੀ ਗਈ।