ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਈ ਅਣਕਿਆਸੀ ਸਥਿਤੀ 'ਤੇ ਡੂੰਘਾ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭਾਵੁਕ ਪੱਤਰ ਲਿਖ ਕੇ ਸਿਆਸੀ ਅਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੀ ਸਹਿਮਤੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ।

ਇਸ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ, 'ਭਾਵੇਂ ਦੇਸ਼ ਦੇ ਲੋਕਾਂ ਵਿਚ ਕੋਈ ਵੀ ਵਿਸ਼ਵਾਸ ਬਣਿਆ ਹੋਵੇ ਪਰ ਕੋਈ ਵੀ ਭਾਰਤੀ ਖ਼ਾਸ ਤੌਰ 'ਤੇ ਪੰਜਾਬੀ ਕੌਮੀ ਰਾਜਧਾਨੀ ਵਿਚ ਸਾਡੇ ਭਰਾਵਾਂ ਨਾਲ ਵਾਪਰ ਰਹੀ ਤ੍ਰਾਸਦੀ ਤੋਂ ਬਾਹਰ ਨਹੀਂ ਹੈ।' ਮੁੱਖ ਮੰਤਰੀ ਨੇ ਆਪਣੇ ਬੱਚੇ ਅਤੇ ਪੋਤੇ-ਪੋਤੀਆਂ ਦੇ ਦਿੱਲੀ 'ਚ ਰਹਿੰਦੇ ਹੋਣ ਦਾ ਵੀ ਜ਼ਿਕਰ ਕੀਤਾ ਜੋ ਸ਼ਹਿਰ ਦੀ ਜ਼ਹਿਰੀਲੀ ਹਵਾ ਕਾਰਨ ਕੌਮੀ ਰਾਜਧਾਨੀ ਵਿਚ ਲੱਖਾਂ ਲੋਕਾਂ ਦੀ ਦੁਰਦਰਸ਼ਾ ਨੂੰ ਬਿਆਨਦੇ ਹਨ।

ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੇ ਪ੍ਰਗਤੀਸ਼ੀਲ ਅਤੇ ਵਿਕਸਤ ਮੁਲਕ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਮੁਲਕ ਨੂੰ ਵਿਕਸਤ ਕਿਵੇਂ ਕਿਹਾ ਜਾ ਸਕਦਾ ਹੈ ਜਦੋਂ ਉਸ ਦੀ ਰਾਜਧਾਨੀ ਨੂੰ ਗੈਸ ਚੈਂਬਰ ਵਿਚ ਤਬਦੀਲ ਕਰ ਦਿੱਤਾ ਗਿਆ ਹੋਵੇ, ਉਹ ਵੀ ਜਦੋਂ ਅਜਿਹੇ ਹਾਲਾਤ ਕੁਦਰਤੀ ਆਫ਼ਤ ਕਰਕੇ ਨਹੀਂ ਸਗੋਂ ਮਨੁੱਖੀ ਗ਼ਲਤੀ ਨਾਲ ਪੈਦਾ ਹੋਏ ਹੋਣ।

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਦੁਖਦਾਇਕ ਸਥਿਤੀ ਵਿਚ ਪੰਜਾਬ ਦੀ ਜ਼ਿੰਮੇਵਾਰੀ ਤੋਂ ਹੱਥ ਧੋਣ ਦਾ ਕੋਈ ਇਰਾਦਾ ਨਹੀਂ ਹੈ ਪਰ ਦਿੱਲੀ ਅਤੇ ਕੇਂਦਰ ਸਰਕਾਰ ਸਮੇਤ ਸਮੁੱਚੇ ਮੁਲਕ ਨੇ ਵੱਖ-ਵੱਖ ਗ਼ਲਤੀਆਂ ਨਾਲ ਅਜਿਹੇ ਭਿਆਨਕ ਹਾਲਾਤ ਪੈਦਾ ਹੋਣ ਦੀ ਇਜਾਜ਼ਤ ਦੇ ਦਿੱਤੀ।

ਮੁੱਖ ਮੰਤਰੀ ਨੇ ਮੰਨਿਆ ਕਿ ਪਰਾਲੀ ਦੀ ਅੱਗ ਜੋ ਗ਼ਲਤ ਦਿਸ਼ਾ ਵਿਚ ਵਗਣ ਵਾਲੀਆਂ ਹਵਾਵਾਂ ਕਾਰਨ ਹਵਾ ਪ੍ਰਦੂਸ਼ਣ ਦੇ ਜ਼ਹਿਰੀਲਾ ਹੋਣ ਦਾ ਵੀ ਇਕ ਕਾਰਨ ਬਣੀ ਜਿਸ ਨਾਲ ਅੱਜ ਦਿੱਲੀ ਵਿਚ ਅਜਿਹੀ ਸਥਿਤੀ ਪੈਦਾ ਹੋਈ ਪਰ ਇਸ ਦੇ ਨਾਲ ਇਸ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਵੱਖ-ਵੱਖ ਆਜ਼ਾਦ ਏਜੰਸੀਆਂ ਦੇ ਅੰਕੜੇ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਮੌਜੂਦਾ ਸਥਿਤੀ ਲਈ ਵੱਡੀ ਪੱਧਰ 'ਤੇ ਸਨਅਤੀ ਪ੍ਰਦੂਸ਼ਣ, ਟ੍ਰੈਫਿਕ ਅਤੇ ਦਿੱਲੀ ਵਿਚ ਤੇਜ਼ੀ ਨਾਲ ਚੱਲ ਰਹੀਆਂ ਨਿਰਮਾਣ ਸਰਗਰਮੀਆਂ ਦੋਸ਼ੀ ਠਹਿਰਾਉਣ ਲਈ ਬਰਾਬਰ ਹਨ।

ਕੈਪਟਨ ਨੇ ਕਿਹਾ ਕਿ ਇਹ ਅੰਕੜੇ ਉਨ੍ਹਾਂ ਨੂੰ ਕੋਈ ਸਕੂਨ ਨਹੀਂ ਦਿੰਦੇ ਅਤੇ ਨਾ ਹੀ ਦੋਸ਼ ਲਾਉਣ ਵਾਲੀ ਖੇਡ ਖੇਡੀ ਜਾ ਸਕਦੀ ਹੈ ਜਿਸ ਨਾਲ ਕੌਮੀ ਪੱਧਰ 'ਤੇ ਗੰਭੀਰ ਮਸਲੇ ਵਿਚ ਸਾਡੇ ਆਪਣੇ ਗੁਨਾਹ ਤੋਂ ਢਾਰਸ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕੌੜੀ ਸਚਾਈ ਇਹ ਹੈ ਕਿ ਅਸੀਂ ਸੌਖਿਆਂ ਹੀ ਇਸ ਸਭ ਦੀ ਜ਼ਿੰਮੇਵਾਰੀ ਇਕ-ਦੂਜੇ ਦੇ ਮੋਿਢਆਂ 'ਤੇ ਪਾ ਦਿੰਦੇ ਹਾਂ ਜਦਕਿ ਦਿੱਲੀ ਦੇ ਲੋਕ ਦੁਰਦਸ਼ਾ ਹੰਢਾ ਰਹੇ ਹਨ ਅਤੇ ਇਹ ਮੁਲਕ ਵਿਚ ਸੰਭਾਵਿਤ ਤੌਰ 'ਤੇ ਵਿਸ਼ਵ ਦੇ ਇਤਿਹਾਸ ਵਿਚ ਸਭ ਤੋਂ ਭੈੜੀ ਸਿਹਤ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਅਸੀਂ ਸਾਰੇ ਲੋਕਾਂ ਦੇ ਦੁੱਖ ਤੇ ਤਕਲੀਫ ਨੂੰ ਘਟਾਉਣ ਦਾ ਯਤਨ ਕਰ ਰਹੇ ਹਾਂ ਪਰ ਹਾਲਾਤ ਹੋਰ ਵਿਗੜਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੱਸਿਆ ਦੀ ਜੜ੍ਹ ਇਹ ਹੈ ਕਿ ਅਸੀਂ ਇਸ ਦੇ ਸਥਾਈ ਹੱਲ ਲਈ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਚੱਲਣ ਤੋਂ ਲਗਾਤਾਰ ਭੱਜ ਰਹੇ ਹਾਂ।