ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਭਾਗਾਂ ਨੂੰ ਆਪਣੇ ਖ਼ਰਚਿਆਂ ਨੂੰ ਤਰਕਸੰਗਤ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕੋਰੋਨਾ ਖ਼ਿਲਾਫ਼ ਜੰਗ ਵਿਚ ਫੰਡਾਂ ਦੀ ਘਾਟ ਨਾ ਆਵੇ। ਵਿੱਤ ਵਿਭਾਗ ਦੇ ਅਨੁਮਾਨਾਂ ਅਨੁਸਾਰ ਪੰਜਾਬ ਨੂੰ ਮੌਜੂਦਾ ਵਿੱਤੀ ਸਾਲ 2020-21 ਵਿਚ ਕੁੱਲ 62246 ਕਰੋੜ ਰੁਪਏ ਦੇ ਮਾਲੀਏ ਦੀ ਪ੍ਰਾਪਤੀ ਦੇ ਮੁਕਾਬਲੇ 25758 ਕਰੋੜ ਰੁਪਏ ਦੇ ਕਰੀਬ ਗਿਰਾਵਟ ਆਉਣ ਦਾ ਅਨੁਮਾਨ ਹੈ, ਜੋ ਕੁੱਲ ਮਾਲੀਆ ਪ੍ਰਾਪਤੀ ਦਾ 29.26 ਫ਼ੀਸਦੀ ਬਣਦਾ ਹੈ।

ਵਿੱਤੀ ਪ੍ਰਬੰਧਨ ਬਾਰੇ ਕੈਬਨਿਟ ਦੀ ਉੱਚ-ਤਾਕਤੀ ਕਮੇਟੀ ਦੀ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਭਰ ਦੇ ਅਧਿਐਨ ਅਤੇ ਰਿਪੋਰਟਾਂ ਨੂੰ ਦੇਖਦਿਆਂ ਕੋਰੋਨਾ ਬਾਰੇ ਜੋ ਗੰਭੀਰ ਤਸਵੀਰ ਸਾਹਮਣੇ ਆ ਰਹੀ ਹੈ, ਉਸ ਵਿਚ ਅਨੁਮਾਨ ਚੰਗੇ ਨਹੀਂ ਹਨ।

ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਸੂਬੇ ਨੂੰ ਦਰਪੇਸ਼ ਆਰਥਿਕ ਸੰਕਟ ਦੇ ਬਾਵਜੂਦ ਸਿਹਤ ਸਿੱਖਿਆ ਤੇ ਬੁਨਿਆਦੀ ਢਾਂਚੇ ਵਰਗੇ ਜ਼ਰੂਰੀ ਖੇਤਰਾਂ ਦੇ ਪੂੰਜੀਗਤ ਖ਼ਰਚੇ ਦੇ 5000 ਕਰੋੜ ਰੁਪਏ ਬਰਕਰਾਰ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਅਤੇ ਲਾਕਡਾਊਨ ਕਰਕੇ ਸਾਲ 2020-21 ਦੇ ਕੁੱਲ ਮਾਲੀਆ ਪ੍ਰਾਪਤੀਆਂ ਵਿਚ 30 ਫ਼ੀਸਦੀ ਗਿਰਾਵਟ ਦਾ ਅਨੁਮਾਨ ਹੈ।


ਵੇਲੇ ਸਿਰ ਮਿਲਣਗੀਆਂ ਪੈਨਸ਼ਨਾਂ ਤੇ ਤਨਖ਼ਾਹਾਂ

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਨਖ਼ਾਹ ਤੇ ਪੈਨਸ਼ਨਾਂ ਸਮੇਂ ਸਿਰ ਮਿਲਣ ਅਤੇ ਨਾਲ ਹੀ ਪੀਐੱਸਪੀਸੀਐਲ ਨੂੰ ਬਿਜਲੀ ਸਬਸਿਡੀ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰਨਾ ਆਫ਼ਤ ਖ਼ਿਲਾਫ਼ ਜੰਗ ਵਿਚ 24 ਘੰਟੇ ਡਟੇ ਸਿਹਤ, ਪੁਲਿਸ ਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਫਰੰਟਲਾਈਨ ਵਰਕਰਾਂ ਨੂੰ ਫੰਡ ਜਾਰੀ ਕਰਨ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।


ਸਥਾਨਕ ਇਕਾਈਆਂ ਤੇ ਪੰਚਾਇਤਾਂ ਨੂੰ ਗਰਾਂਟਾਂ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਸੰਕਟ ਦੇ ਬਾਵਜੂਦ ਸਥਾਨਕ ਸ਼ਹਿਰੀ ਇਕਾਈਆਂ ਤੇ ਪੰਚਾਇਤਾਂ ਨੂੰ ਸਾਰੀਆਂ ਗਰਾਂਟਾਂ ਦਾ ਸਫਲਤਾਪੂਰਵਕ ਭੁਗਤਾਨ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਤਨਖ਼ਾਹਾਂ ਦੇਣ ਵਿਚ ਕੋਈ ਦਿੱਕਤ ਨਾ ਆਵੇ।

ਉਨ੍ਹਾਂ ਕਿਹਾ ਕਿ ਮੈਡੀਕਲ ਬਿੱਲਾਂ, ਪੈਟਰੋਲ ਤੇ ਡੀਜ਼ਲ ਬਿੱਲਾਂ ਤੇ ਹੋਰ ਫੁਟਕਲ ਦਫ਼ਤਰੀ ਖ਼ਰਚਿਆਂ ਦਾ ਹੁਣ ਤੱਕ ਭੁਗਤਾਨ ਹੋ ਚੁੱਕਾ ਹੈ ਅਤੇ ਨਾਲ ਹੀ ਨਵੇਂ ਏਕੀਕ੍ਰਿਤ ਵਿੱਤੀ ਪ੍ਰਬੰਧਨ ਸਿਸਟਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।


ਉਦਯੋਗਿਕ ਪੁਨਰ ਸੁਰਜੀਤੀ 'ਤੇ ਜ਼ੋਰ

ਕੈਪਟਨ ਨੇ ਤੇਜ਼ੀ ਨਾਲ ਉਦਯੋਗਿਕ ਪੁਨਰ ਸੁਰਜੀਤੀ 'ਤੇ ਜ਼ੋਰ ਦਿੰਦਿਆਂ ਰਾਜਪੁਰਾ, ਬਠਿੰਡਾ, ਮੱਤੇਵਾੜਾ (ਲੁਧਿਆਣਾ) ਤੇ ਵਜ਼ੀਰਾਬਾਦ (ਫ਼ਤਹਿਗੜ੍ਹ ਸਾਹਿਬ) ਵਿਖੇ ਉਦਯੋਗਿਕ ਪਾਰਕਾਂ ਦੇ ਵਿਕਾਸ 'ਤੇ ਵਧੇਰੇ ਜ਼ੋਰ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨਿਵੇਸ਼ਕਾਂ ਨੂੰ ਖਿੱਚਣ ਵੱਲ ਧਿਆਨ ਦੇਣਾ ਚਾਹੀਦਾ ਹੈ ਖ਼ਾਸ ਕਰਕੇ ਉਹ ਉਦਯੋਗ ਤੇ ਵਪਾਰ ਜੋ ਮਹਾਮਾਰੀ ਦੇ ਕਾਰਨ ਚੀਨ ਤੋਂ ਬਾਹਰ ਜਾ ਰਹੇ ਹਨ।


ਬਿਜਲੀ ਸਬਸਿਡੀ ਰਹੇਗੀ ਜਾਰੀ

ਕੈਪਟਨ ਨੇ ਕਿਹਾ ਕਿ ਕਿਸਾਨਾਂ ਲਈ ਬਿਜਲੀ ਸਬਸਿਡੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੁਧਾਰਾਂ ਸਬੰਧੀ ਜਾਰੀ ਆਰਡੀਨੈਂਸ ਨਾਲ ਜਿਨਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਵਸਥਾ ਦੇ ਖ਼ਾਤਮੇ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿ ਉਹ ਕੇਂਦਰ ਨੂੰ ਇਸ ਬਾਰੇ ਪੰਜਾਬ ਦੀ ਮੁਖ਼ਾਲਫਤ ਤੋਂ ਜ਼ੋਰਦਾਰ ਤਰੀਕੇ ਨਾਲ ਜਾਣੂੰ ਕਰਵਾਉਣਗੇ।

Posted By: Seema Anand