ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ 25 ਸਤੰਬਰ ਨੂੰ ਚੱਕਾ ਜਾਮ ਕਰਨ ਦੇ ਫ਼ੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀ ਇਕ ਹੋਰ ਕੋਸ਼ਿਸ਼ ਦੱਸਿਆ ਹੈ। ਕੈਪਟਨ ਨੇ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਕਾਲੀ ਦਲ, ਕੇਂਦਰ ਸਰਕਾਰ ਵਿਚ ਆਪਣੇ ਭਾਈਵਾਲਾਂ ਦੇ ਇਸ਼ਾਰੇ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਇਹ ਕਦਮ ਚੁੱਕ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਿੱਲੀ ਕਿਉਂ ਨਹੀਂ ਜਾਂਦੇ ਅਤੇ ਉੱਥੇ ਭਾਜਪਾ ਨੇਤਾਵਾਂ ਅਤੇ ਹੋਰਨਾਂ ਆਗੂਆਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਿਉਂ ਨਹੀਂ ਕਰਦੇ, ਜਿਨ੍ਹਾਂ ਨੇ ਆਪਣੇ ਸੌੜੇ ਸਿਆਸੀ ਲਾਭ ਲਈ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੇ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਹਕੀਕਤ 'ਚ ਕਿਸਾਨਾਂ ਲਈ ਫਿਕਰਮੰਦ ਹਨ ਤਾਂ ਕੇਂਦਰ ਸਰਕਾਰ ਨਾਲੋਂ ਆਪਣਾ ਨਾਤਾ ਤੋੜਨ। ਕੈਪਟਨ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ 'ਤੇ ਵਰ੍ਹਦਿਆਂ ਕਿਹਾ ਕਿ ਇਹ ਦੋਵੇਂ ਆਗੂ ਕਿਸਾਨਾਂ ਦੀ ਪਿੱਠ 'ਤੇ ਖੜ੍ਹਨ ਦਾ ਪਾਖੰਡ ਕਰ ਰਹੇ ਹਨ।

ਅਕਾਲੀ ਦਲ ਵੱਲੋਂ ਚੱਕਾ ਜਾਮ ਦੇ ਐਲਾਨ 'ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ, ਕਿਉਂਕਿ ਕਿਸਾਨ ਅਤੇ ਹੋਰ ਜਥੇਬੰਦੀਆਂ ਨੇ ਤਾਂ ਕੁਝ ਦਿਨ ਪਹਿਲਾਂ ਹੀ 25 ਸਤੰਬਰ ਨੂੰ ਬੰਦ ਦਾ ਐਲਾਨ ਕਰ ਦਿੱਤਾ ਸੀ, ਜਿਸ ਵੇਲੇ ਅਕਾਲੀ ਗ਼ੈਰ-ਸੰਵਿਧਾਨਕ ਅਤੇ ਘਾਤਕ ਖੇਤੀ ਬਿੱਲਾਂ ਨੂੰ ਕਿਸਾਨ ਭਾਈਚਾਰੇ ਦੇ ਹਿੱਤ 'ਚ ਦੱਸ ਰਹੇ ਸਨ। ਕਿਸਾਨਾਂ ਦੇ ਸੰਘਰਸ਼ ਵਿਚ ਅਕਾਲੀਆਂ ਵੱਲੋਂ ਇਕਦੱਮ ਕੁੱਦਣ ਦੇ ਫ਼ੈਸਲੇ ਪਿੱਛੇ ਸਪੱਸ਼ਟ ਤੌਰ 'ਤੇ ਮਾੜੇ ਇਰਾਦਿਆਂ ਦੀ ਝਲਕ ਨਜ਼ਰ ਆਉਂਦੀ ਹੈ।

ਦਿੱਲੀ 'ਚ ਡਟੇ ਕਾਂਗਰਸੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ : ਜਾਖੜ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਲੜਾਈ ਲੜਦੀ ਆਈ ਹੈ ਅਤੇ ਹੁਣ ਵੀ ਭਾਰਤੀ ਖੇਤੀਬਾੜੀ ਦੇ ਇਤਿਹਾਸ ਦੇ ਸਭ ਤੋਂ ਅੌਖੇ ਸਮੇਂ ਵਿਚ ਕਿਸਾਨਾਂ ਨਾਲ ਹਿੱਕ ਠੋਕ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੀਡਰ ਦਿੱਲੀ ਵਿਚ ਡਟੇ ਹੋਏ ਹਨ, ਜਿਥੇ ਭਾਜਪਾ ਦੇ ਕਾਬੂ ਹੇਠ ਦਿੱਲੀ ਪੁਲਿਸ ਦੀ ਧੱਕੇਸ਼ਾਹੀ ਦਾ ਬਹਾਦਰੀ ਨਾਲ ਮੁਕਾਬਲਾ ਕਰ ਰਹੇ ਹਨ। ਕੇਂਦਰ ਵੱਲੋਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀਆਂ ਤਾਨਾਸ਼ਾਹ ਕੋਸ਼ਿਸ਼ਾਂ ਵਿਰੁੱਧ ਲੜਾਈ ਲੜ ਰਹੇ ਹਨ।