ਜੈ ਸਿੰਘ ਛਿੱਬਰ, ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੇ ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਇਕ ਸੁਰ 'ਚ ਕਾਂਗਰਸ ਹਾਈਕਮਾਨ ਤੋਂ ਬਾਜਵਾ ਖ਼ਿਲਾਫ਼ ਅਨੁਸਾਸ਼ਨੀ ਕਾਰਵਾਈ ਦੀ ਮੰਗ ਕੀਤੀ ਹੈ।

ਮੰਗਲਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਤੋਂ ਪਹਿਲਾਂ ਸਮੂਹ ਮੰਤਰੀਆਂ ਨੇ ਬਾਜਵਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜਨਤਕ ਅਤੇ ਮੀਡੀਆ ਵਿਚ ਵਾਰ ਵਾਰ ਹਮਲੇ ਤੇ ਆਲੋਚਨਾ ਕਰਨ 'ਤੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਮੰਤਰੀਆਂ ਦਾ ਕਹਿਣਾ ਹੈ ਕਿ ਜੇ ਬਾਜਵਾ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਪਾਰਟੀ ਮੰਚ 'ਤੇ ਆਪਣੇ ਵਿਚਾਰ ਰੱਖ ਸਕਦੇ ਹਨ, ਪਰ ਉਹ ਜਾਣਬੁੱਝ ਕੇ ਜਨਤਕ ਤੌਰ 'ਤੇ ਕੈਪਟਨ ਅਤੇ ਸਰਕਾਰ ਦੀ ਆਲੋਚਨਾ ਕਰਦੇ ਆ ਰਹੇ ਹਨ।

ਸਮੂਹ ਮੰਤਰੀਆਂ ਨੇ ਪ੍ਰਤਾਪ ਸਿੰਘ ਬਾਜਵਾ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਖੇਡਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਉਦੋਂ ਪਾਰਟੀ ਲੀਡਰਸ਼ਿਪ ਖ਼ਿਲਾਫ਼ ਬਗ਼ਾਵਤ ਦਾ ਝੰਡਾ ਉਠਾ ਰਹੇ ਹਨ ਜਦੋਂ ਸਰਕਾਰ ਨੂੰ ਵਿਰੋਧੀ ਧਿਰ ਤੋਂ ਕੋਈ ਚੁਣੌਤੀ ਨਹੀਂ ਹੈ। ਮੰਤਰੀਆਂ ਨੇ ਕਿਹਾ ਕਿ ਜੇ ਅਜਿਹੀ ਬਗ਼ਾਵਤ ਨੂੰ ਨਾ ਦਬਾਇਆ ਗਿਆ ਤਾਂ ਕਾਂਗਰਸ ਵਿਚ ਹੇਠਲੇ ਪੱਧਰ 'ਤੇ ਗ਼ਲਤ ਸੰਦੇਸ਼ ਜਾਵੇਗਾ।

ਆਗੂਆਂ ਨੇ ਕਿਹਾ ਕਿ ਕਾਂਗਰਸ ਜਮਹੂਰੀ ਸਿਧਾਂਤਾਂ ਵਾਲੀ ਪਾਰਟੀ ਹੈ ਅਤੇ ਹਰੇਕ ਮੈਂਬਰ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਜਨਤਕ ਤੌਰ 'ਤੇ ਵਿਚਾਰਾਂ ਦੇ ਵਖਰੇਵੇਂ ਦਾ ਪ੍ਰਗਟਾਵਾ ਅਤੇ ਇਕ ਸੀਨੀਅਰ ਆਗੂ ਦੇ ਅਜਿਹੇ ਬਿਆਨ ਪਾਰਟੀ ਦੇ ਹਿੱਤਾਂ ਲਈ ਨੁਕਸਾਨਦਾਇਕ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਅਜਿਹੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਬਾਜਵਾ ਦਾ ਵਿਹਾਰ ਪਾਰਟੀ ਨੂੰ ਕਮਜ਼ੋਰ ਕਰਨ ਵਾਲਾ ਹੈ।

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹਰੇਕ ਨੂੰ ਜੋ ਮਰਜ਼ੀ ਕਹਿ ਦੇਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਹਮ ਮਹਿੰਦਰਾ ਨੇ ਕਿਹਾ ਮੁੱਖ ਮੰਤਰੀ ਨੂੰ ਇਹ ਮੁੱਦਾ ਦਿੱਲੀ ਵਿਖੇ ਪਾਰਟੀ ਹਾਈਕਮਾਂਨ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਮਤਭੇਦ ਪਾਰਟੀ ਪੱਧਰ 'ਤੇ ਉਠਾਇਆ ਅਤੇ ਹੱਲ ਕੀਤਾ ਜਾਣਾ ਚਾਹੀਦਾ ਹੈ।

ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਿਸੇ ਵੀ ਤਰ੍ਹਾਂ ਦੇ ਮਤਭੇਦ ਹਮੇਸ਼ਾ ਕਾਂਗਰਸ ਲਈ ਨੁਕਸਾਨਦਾਇਕ ਸਾਬਤ ਹੋਏ ਹਨ। ਉਨ੍ਹਾਂ ਕਿਹਾ, 'ਅਸੀਂ ਆਪਸੀ ਏਕੇ ਸਦਕਾ ਹੀ ਪੰਜਾਬ ਵਿਚ ਐਨੀਆਂ ਸੀਟਾਂ ਜਿੱਤਣ ਵਿਚ ਸਫਲ ਹੋਏ ਹਾਂ ਅਤੇ ਇਸ ਇਕਜੁੱਟਤਾ ਨੂੰ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।'

ਇਸੇ ਤਰ੍ਹਾਂ ਓਮ ਪ੍ਰਕਾਸ਼ ਸੋਨੀ, ਸਾਧੂ ਸਿੰਘ ਧਰਮਸੋਤ ਅਤੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪ੍ਰਤਾਪ ਸਿੰਘ ਬਾਜਵਾ ਦੀਆਂ ਕਾਰਵਾਈਆਂ ਪਾਰਟੀ ਦਾ ਨੁਕਸਾਨ ਕਰ ਰਹੀਆਂ ਹਨ।

ਕੈਬਨਿਟ ਮੰਤਰੀ ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਗੁਰਪੀ੍ਤ ਸਿੰਘ ਕਾਂਗੜ, ਵਿਜੈ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਨੇ ਵੀ ਪਾਰਟੀ ਹਾਈਕਮਾਂਨ ਦੇ ਤੁਰੰਤ ਦਖ਼ਲ ਦੀ ਮੰਗ ਸਬੰਧੀ ਆਪਣੇ ਸਾਥੀਆਂ ਨਾਲ ਸਹਿਮਤੀ ਪ੍ਰਗਟਾਈ।

ਮੰਤਰੀਆਂ ਦਾ ਕਹਿਣਾ ਹੈ ਕਿ ਬਾਜਵਾ ਸਪੱਸ਼ਟ ਤੌਰ 'ਤੇ ਵਿਕਾਸ ਵਿਚ ਦਿਲਚਸਪੀ ਨਹੀਂ ਰੱਖਦੇ ਸਨ ਅਤੇ ਉਹ ਸਿਰਫ਼ ਮੁੱਖ ਮੰਤਰੀ ਦੀ ਲਗਾਤਾਰ ਨਿੰਦਿਆ ਨਾਲ ਆਪਣੇ ਸਵੈ-ਹਿੱਤਾਂ ਦੀ ਪੂਰਤੀ ਲਈ ਸਿਆਸੀ ਮੁੱਦਾ ਬਣਾਉਣਾ ਚਾਹੁੰਦੇ ਸਨ।

ਮੰਤਰੀਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਅਤੇ ਪੰਜਾਬ ਦੇ ਹਰ ਨਾਗਰਿਕ ਨੂੰ ਤਰੱਕੀ ਦੇ ਮੌਕੇ ਦੇਣ ਦੇ ਯਤਨਾਂ ਵਿਚ ਮੁੱਖ ਮੰਤਰੀ ਦੇ ਹੱਥ ਮਜ਼ਬੂਤ ਕਰਨ ਦੀ ਬਜਾਏ ਘਟੀਆ ਰਾਜਨੀਤੀ ਕਰ ਰਹੇ ਹਨ।

ਮਹਿੰਗੀ ਬਿਜਲੀ 'ਤੇ ਬਾਜਵਾ ਵੱਲੋਂ ਕੈਪਟਨ ਦੀ ਆਲੋਚਨਾ

ਇਸੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਬਿਜਲੀ ਮਹਿੰਗੀ ਕੀਤੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ।

ਬਾਜਵਾ ਵੱਲੋਂ ਕੈਪਟਨ ਦੀ ਕਾਰਗੁਜ਼ਾਰੀ 'ਤੇ ਉਂਗਲ ਉਠਾਉਣ ਦਾ ਇਹ ਪਹਿਲਾ ਮੌਕਾ ਨਹੀਂ ਹੈ। ਇਸ ਤੋਂ ਪਹਿਲਾਂ ਉਹ ਰੇਤ ਮਾਫ਼ੀਆ, ਡਰੱਗ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਸਮੇਤ ਕਈ ਹੋਰਨਾਂ ਮੁੱਦਿਆਂ 'ਤੇ ਕੈਪਟਨ ਦੀ ਕਾਰਗੁਜ਼ਾਰੀ 'ਤੇ ਤਿੱਖੇ ਹਮਲੇ ਕਰ ਚੁੱਕੇ ਹਨ। ਹੁਣ ਜਦੋਂ ਬਿਜਲੀ ਦੀਆਂ ਵਧੀਆਂ ਦਰਾਂ ਦਾ ਮੁੱਦਾ ਭਖ ਗਿਆ ਹੈ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਨਿੱਜੀ ਥਰਮਲ ਪਲਾਂਟ ਕੰਪਨੀਆਂ ਨਾਲ ਸਰਕਾਰ 'ਤੇ ਮਿਲੀਭੁਗਤ ਹੋਣ ਦੇ ਦੋਸ਼ ਲਾਏ ਜਾ ਰਹੇ ਹਨ ਤੇ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਬਾਜਵਾ ਨੇ ਆਗਾਮੀ ਵਿਧਾਨ ਸਭਾ ਸੈਸ਼ਨ ਵਿਚ ਬਿਜਲੀ ਦੇ ਮੁੱਦੇ 'ਤੇ ਸਫੈਦ ਪੱਤਰ ਪੇਸ਼ ਕਰਨ ਦੀ ਮੰਗ ਕੀਤੀ ਹੈ।

2002 'ਚ ਵਧੀਆਂ ਸਨ ਬਾਜਵਾ ਤੇ ਕੈਪਟਨ ਵਿਚਾਲੇ ਦੂਰੀਆਂ

ਦਰਅਸਲ ਕੈਪਟਨ ਅਤੇ ਬਾਜਵਾ ਵਿਚਕਾਰ ਸਿਆਸੀ ਦੂਰੀਆਂ ਕੈਪਟਨ ਦੀ ਅਗਵਾਈ ਹੇਠ ਸਾਲ 2002 'ਚ ਬਣੀ ਸਰਕਾਰ ਦੌਰਾਨ ਵਧਣੀਆਂ ਸ਼ੁਰੂ ਹੋ ਗਈਆਂ ਸਨ। ਉਸ ਸਮੇਂ ਬਾਜਵਾ ਕੈਪਟਨ ਸਰਕਾਰ 'ਚ ਲੋਕ ਨਿਰਮਾਣ ਮੰਤਰੀ ਸਨ ਤੇ ਉਨ੍ਹਾਂ ਦਾ ਨਾਂ ਗੁਜਰਾਤ ਵਿਚ ਇਕ ਔਰਤ ਨਾਲ ਸਬੰਧਾਂ ਵਜੋਂ ਉਛਲਿਆ ਸੀ। ਇਸ ਤੋਂ ਬਾਅਦ ਦੋਵਾਂ ਆਗੂਆਂ ਵਿਚ ਦੂਰੀਆਂ ਵਧਣੀਆਂ ਸ਼ੁਰੂ ਹੋ ਗਈਆਂ। ਬਾਜਵਾ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਕੈਪਟਨ ਦੇ ਕਈ ਖ਼ਾਸ ਆਗੂਆਂ ਨੇ, ਜਿਨ੍ਹਾਂ ਵਿਚ ਕਈ ਹੁਣ ਕੈਪਟਨ ਵਜ਼ਾਰਤ ਵਿਚ ਸ਼ਾਮਲ ਹਨ, ਨੇ ਹਾਈਕਮਾਨ ਤੋਂ ਬਾਜਵਾ ਦੀ ਬਤੌਰ ਪ੍ਰਧਾਨ ਛੁੱਟੀ ਕਰਨ ਦੀ ਮੰਗ ਕੀਤੀ ਸੀ। ਕੈਪਟਨ ਸਮੇਤ ਕਈ ਆਗੂਆਂ ਨੇ ਬਾਜਵਾ ਨੂੰ ਪ੍ਰਧਾਨ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤਰ੍ਹਾਂ ਇਨ੍ਹਾਂ ਆਗੂਆਂ ਵਿਚਕਾਰ ਦੂਰੀਆਂ ਵਧਦੀਆਂ ਗਈਆਂ।

ਚੋਣਾਂ ਦੌਰਾਨ ਪੰਜਾਬ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਗਏ ਵਾਅਦਿਆਂ ਨੂੰ ਅਮਲੀ ਰੂਪ ਨਾ ਦੇਣ 'ਤੇ ਬਾਜਵਾ ਮੀਡੀਆ ਵਿਚ ਕਈ ਵਾਰ ਕੈਪਟਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹਾ ਕਰ ਚੁੱਕੇ ਹਨ। ਹੁਣ ਜਦੋਂ ਬਿਜਲੀ ਦੀਆਂ ਵਧੀਆਂ ਦਰਾਂ 'ਤੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਸਰਕਾਰ ਨੂੰ ਹੀ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਰਿਹਾ ਹੈ ਤਾਂ ਬਾਜਵਾ ਨੇ ਕੈਪਟਨ ਸਰਕਾਰ ਤੋਂ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕਰ ਕੇ ਇਕ ਵਾਰ ਫਿਰ ਕੈਪਟਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ।