ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ ਕੁਝ ਕਿਸਾਨਾਂ ਦੇ ਨਾਲ ਕੀਤੇ ਮੁਜ਼ਾਹਰੇ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਟੰਟ ਦੱਸਿਆ ਹੈ। ਬਜਟ ਸਮਾਗਮ ਦੇ ਪਹਿਲੇ ਦਿਨ 'ਰਾਜਪਾਲ ਦੇ ਭਾਸ਼ਣ' ਮੌਕੇ ਵਿਧਾਨ ਸਭਾ ਵਿਚੋਂ ਵਾਕਆਉਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ ਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਪਣੇ 10 ਸਾਲ ਦੇ ਸਾਸ਼ਨ ਦੌਰਾਨ ਕਿਸਾਨਾਂ ਲਈ ਕੁਝ ਵੀ ਕਰਨ 'ਚ ਅਸਫ਼ਲ ਰਹੇ ਅਤੇ ਹੁਣ ਕਿਸਾਨ ਕਰਜ਼ਾ ਮਾਫ਼ੀ ਦੇ ਮੁੱਦੇ 'ਤੇ ਕਿਸਾਨਾਂ ਨੂੰ ਗੁਮਰਾਹ ਕਰਨ ਲਈ ਘਟੀਆ ਕਿਸਮ ਦੇ ਸਾਰੇ ਦਾਅ-ਪੇਚਾਂ ਰਾਹੀਂ ਨਿਰਾਸ਼ਾਜਨਕ ਕੋਸ਼ਿਸ਼ ਕਰ ਰਹੇ ਹਨ।

ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੀ ਕਰਜ਼ਾ ਰਾਹਤ ਸਕੀਮ ਦੇ ਨਾਲ ਪਹਿਲਾਂ ਹੀ 5.83 ਲੱਖ ਕਿਸਾਨਾਂ ਦੀ ਮਦਦ ਕੀਤੀ ਹੈ ਅਤੇ ਛੇਤੀ ਹੀ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਇਸ ਸਕੀਮ ਹੇਠ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਕਾਰਨ ਅਕਾਲੀਆਂ ਨੂੰ ਮੂੰਹ ਦੀ ਖਾਣੀ ਪਵੇਗੀ।

ਮੁੱਖ ਮੰਤਰੀ ਨੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸੂਬਾ ਵਿਧਾਨ ਸਭਾ ਵਿਚ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਰੋਧੀ ਧਿਰ ਦਾ ਵਿਧਾਨ ਸਭਾ ਵਿਚੋਂ ਵਾਕਆਊਟ ਸੂਬੇ ਦੇ ਮੁਖੀ ਵਿਰੁੱਧ 'ਬਦਤਮੀਜ਼ੀ' ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਇਹੋ ਸਮੱਸਿਆ ਹੈ ਕਿ ਇਸ ਕੋਲ ਸਦਨ ਵਿਚ ਉਠਾਉਣ ਲਈ ਕੋਈ ਵੀ ਮੁੱਦਾ ਨਹੀਂ ਹੈ ਅਤੇ ਇਹ ਬਿਨਾਂ ਕਿਸੇ ਮੁੱਦੇ ਤੋਂ ਰੌਲਾ-ਰੱਪਾ ਪਾ ਕੇ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਣਾਈ ਰੱਖਣ ਵਾਸਤੇ ਵਿਰੋਧੀ ਧਿਰ ਨੂੰ ਉਨ੍ਹਾਂ ਜਮਹੂਰੀ ਸਿਧਾਂਤਾਂ ਦੀ ਲੀਹ 'ਤੇ ਕੰਮ ਕਰਨ ਦੀ ਜ਼ਰੂਰਤ ਹੈ ਜਿਨ੍ਹਾਂ 'ਤੇ ਸੰਸਦੀ ਸੰਸਥਾਵਾਂ ਦੀ ਬੁਨਿਆਦ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੇ ਹੱਕ ਵਿਚ ਅਕਾਲੀਆਂ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਠੋਸ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਸਦਨ ਦੀਆਂ ਸਿਫਾਰਸ਼ਾਂ 'ਤੇ ਐੱਸਆਈਟੀ ਦੀ ਸਥਾਪਨਾ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਸਰਕਾਰ ਦੀ ਕੋਈ ਵੀ ਕਾਰਵਾਈ ਜਾਂਚ ਤੋਂ ਨਿਕਲਣ ਵਾਲੇ ਨਤੀਜੇ 'ਤੇ ਨਿਰਭਰ ਕਰਦੀ ਹੈ। ਬੇਗੁਨਾਹ ਲੋਕਾਂ ਵਿਰੁੱਧ ਅਪਰਾਧ ਲਈ ਜ਼ਿੰਮੇਵਾਰਾਂ ਨੂੰ ਕਾਨੂੰਨ ਦੇ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਲੁਧਿਆਣਾ ਬਲਾਤਕਾਰ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੁਝ ਸ਼ੱਕੀਆਂ ਨੂੰ ਫੜਿਆ ਗਿਆ ਹੈ।