ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸੁਨਾਮ ਤੋਂ ਆਪ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਉਤਸ਼ਾਹ ਨਾਲ ਮਨਾਉਣ ਲਈ ਨਾਨਕ ਨਾਮਲੇਵਾ ਲੋਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਵਿਚ ਰੁੱਝੇ ਹੋਏ ਹਨ।

ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਪਵਿੱਤਰ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ ਦਿਹਾੜੇ ਦਾ ਮਜ਼ਾਕ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦਾ ਸਰਬ ਸਾਂਝੀਵਾਲਤਾ, ਭਾਈਚਾਰਕ ਮਨੁੱਖੀ ਏਕਤਾ, ਹਉਮੈ ਤੋਂ ਕੋਹਾਂ ਦੂਰ ਰਹਿਣ ਦਾ ਫ਼ਲਸਫ਼ਾ ਸੀ ਪਰ ਇਹ ਲੀਡਰ ਆਪਣੀ ਰਾਜਨੀਤਿਕ ਅਸਫ਼ਲਤਾ ਅਤੇ ਗਵਰਨੈਸ ਦੀ ਅਸਫ਼ਲਤਾ ਨੂੰ ਛਪਾਉਣ ਲਈ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਟੇਜ ਨੂੰ ਕਬਜ਼ੇ ਵਿਚ ਕਰਕੇ ਆਪਣੇ ਆਪ ਨੂੰ ਵੱਡਾ ਸੱਚਾ ਸੁੱਚਾ ਸਿੱਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਨ੍ਹਾਂ ਆਗੂਆਂ ਨੇ ਗੁਰੁ ਨਾਨਕ ਦੇਵ ਜੀ ਦੀ ਸੋਚ ਨੂੰ ਤਿਲਾਂਜਲੀ ਦੇ ਦਿੱਤੀ ਹੈ।