ਪਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ 6000 ਕਰੋੜ ਰੁਪਏ ਵਾਲੀ 'ਅਟਲ ਭੂ-ਜਲ ਯੋਜਨਾ' ਵਿਚ ਪੰਜਾਬ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੇ ਆਪਣੇ ਪੱਤਰ 'ਚ ਪੰਜਾਬ ਨੂੰ ਇਸ ਸਕੀਮ 'ਚੋਂ ਬਾਹਰ ਰੱਖਣ ਦੀਆਂ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਪੰਜਾਬ ਨੂੰ ਇਸ ਸਕੀਮ 'ਚ ਸ਼ਾਮਲ ਕਰਨ ਲਈ ਜਲ ਸ਼ਕਤੀ ਮੰਤਰਾਲੇ ਨੂੰ ਨਿਰਦੇਸ਼ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਹੈ। ਜ਼ਿਕਰਯੋਗ ਹੈ ਕਿ ਜਲ ਸ਼ਕਤੀ ਬਾਰੇ ਮੰਤਰਾਲੇ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਸਬੰਧੀ 6000 ਕਰੋੜ ਰੁਪਏ ਵਾਲੀ ਨਵੀਂ ਅਟਲ ਭੂ-ਜਲ ਯੋਜਨਾ ਲਈ 7 ਰਾਜਾਂ ਦੀ ਚੋਣ ਕੀਤੀ ਗਈ ਹੈ। ਇਹ ਸਕੀਮ ਗੁਜਰਾਤ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਉੱਤਰ ਪ੍ਰਦੇਸ਼ ਵਰਗੇ 7 ਰਾਜਾਂ ਵਿਚ ਪੈਂਦੇ ਪਾਣੀ ਦੀ ਕਿੱਲਤ ਵਾਲੇ 8350 ਪਿੰਡਾਂ 'ਚ ਲਾਗੂ ਕਰਨ ਦੀ ਪ੍ਰਸਤਾਵਨਾ ਹੈ।

ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਦੀ ਦਰ ਨੂੰ ਵੇਖਦਿਆਂ ਪੰਜਾਬ ਨੂੰ ਇਸ ਸਕੀਮ 'ਚ ਸ਼ਾਮਲ ਨਾ ਕਰਨ 'ਤੇ ਹੈਰਾਨੀ ਅਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਦੇ 22 ਜ਼ਿਲ੍ਹਿਆਂ 'ਚੋਂ 20 ਜ਼ਿਲ੍ਹੇ ਜ਼ਮੀਨੀ ਪਾਣੀ ਦੇ ਡਿੱਗਦੇ ਪੱਧਰ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰਾਲੇ ਵੱਲੋਂ ਇਸ ਸਾਲ ਦੇ ਸ਼ੁਰੂ 'ਚ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਨ ਲਈ ਅਧਿਕਾਰੀਆਂ ਨੂੰ ਨਿਯੁਕਤ ਕਰ ਕੇ ਜ਼ਿੰਮਾ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸੈਂਟਰਲ ਗਰਾਊਂਡਵਾਟਰ ਬੋਰਡ ਦੀ ਤਾਜ਼ਾ ਰਿਪੋਰਟ ਅਨੁਸਾਰ ਸੂਬੇ ਵਿਚਲੇ 3/4 ਤੋਂ ਜ਼ਿਆਦਾ ਬਲਾਕਾਂ ਨੂੰ ਪਾਣੀ ਦੀ ਕਿੱਲਤ ਤੋਂ ਪ੍ਰਭਾਵਿਤ ਘੋਸ਼ਿਤ ਕੀਤਾ ਗਿਆ ਹੈ ਜਿਨ੍ਹਾਂ 'ਚ ਕੁਝ ਦੀ ਸਥਿਤੀ ਕਾਫ਼ੀ ਨਾਜ਼ੁਕ ਹੈ।

ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਸਲੇ ਵੱਲ ਪਹਿਲਾਂ ਵੀ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਇਆ ਸੀ ਅਤੇ ਜਲ ਵਸੀਲਿਆਂ ਦੀ ਸੰਭਾਲ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਸੀ। ਉਨ੍ਹਾਂ ਮੋਦੀ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਜਾਣ ਨਾਲ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਅਟਲ ਭੂ-ਜਲ ਯੋਜਨਾ 'ਚ ਪੰਜਾਬ ਨੂੰ ਵੀ ਤੁਰੰਤ ਸ਼ਾਮਲ ਕਰਨ ਦੀਆਂ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।

Posted By: Seema Anand