- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਸਟਿਸ ਵਿਕਰਮ ਅਗਰਵਾਲ ਨੇ ਕਿਹਾ ਕਿ ਜਦੋਂ ਜਾਂਚ ਦੌਰਾਨ ਇਹ ਗੱਲ ਸਾਹਮਣੇ ਆ ਗਈ ਸੀ ਕਿ ਬਰਾਮਦ ਕੀਤੀਆਂ ਗੋਲੀਆਂ ਵਿੱਚ ਮੌਜੂਦ ਟੈਪੈਂਟਾਡੋਲ ਹਾਈਡ੍ਰੋਕਲੋਰਾਈਡ ਐਨਡੀਪੀਐਸ ਐਕਟ ਤਹਿਤ ਨਸ਼ੀਲਾ ਪਦਾਰਥ ਨਹੀਂ ਹੈ ਤਾਂ ਇਸ ਦੇ ਬਾਵਜੂਦ ਚਲਾਨ ਪੇਸ਼ ਕਰਨ ਸਬੰਧੀ ਸੂਬਾ ਸਰਕਾਰ ਕੋਲ ਕੋਈ ਤਸੱਲੀਬਖ਼ਸ਼ ਸਪੱਸ਼ਟੀਕਰਨ ਨਹੀਂ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਗੱਡੀ ਵਿੱਚੋਂ ਦਰਦ ਨਿਵਾਰਕ ਦਵਾਈਆਂ ਦੀਆਂ 550 ਗੋਲ਼ੀਆਂ ਬਰਾਮਦ ਹੋਣ 'ਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਨਾ ਪੰਜਾਬ ਪੁਲਿਸ ਨੂੰ ਮਹਿੰਗਾ ਪੈ ਗਿਆ। ਜਿਸ ਦਵਾਈ ਨੂੰ ਨਸ਼ੀਲਾ ਪਦਾਰਥ ਦੱਸ ਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਉਹ ਕਾਨੂੰਨੀ ਤੌਰ 'ਤੇ ਐਨਡੀਪੀਐਸ ਐਕਟ ਦੇ ਦਾਇਰੇ ਵਿੱਚ ਹੀ ਨਹੀਂ ਆਉਂਦੀ ਸੀ। ਇਸ ਦੇ ਬਾਵਜੂਦ ਪੁਲਿਸ ਨੇ ਜਾਂਚ ਪੂਰੀ ਕਰਕੇ ਅਦਾਲਤ ਵਿੱਚ ਚਾਲਾਨ ਵੀ ਪੇਸ਼ ਕਰ ਦਿੱਤਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਲਾਪਰਵਾਹੀ 'ਤੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਕੁਲਵੰਤ ਸਿੰਘ ਨੂੰ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਉਸ ਖ਼ਿਲਾਫ਼ ਦਰਜ ਐੱਫਆਈਆਰ ਅਤੇ ਇਸ ਨਾਲ ਜੁੜੀ ਅਗਲੀ ਸਾਰੀ ਕਾਨੂੰਨੀ ਕਾਰਵਾਈ ਵੀ ਰੱਦ ਕਰ ਦਿੱਤੀ ਹੈ।
ਜਸਟਿਸ ਵਿਕਰਮ ਅਗਰਵਾਲ ਨੇ ਕਿਹਾ ਕਿ ਜਦੋਂ ਜਾਂਚ ਦੌਰਾਨ ਇਹ ਗੱਲ ਸਾਹਮਣੇ ਆ ਗਈ ਸੀ ਕਿ ਬਰਾਮਦ ਕੀਤੀਆਂ ਗੋਲ਼ੀਆਂ ਵਿੱਚ ਮੌਜੂਦ ਟੈਪੈਂਟਾਡੋਲ ਹਾਈਡ੍ਰੋਕਲੋਰਾਈਡ ਐਨਡੀਪੀਐਸ ਐਕਟ ਤਹਿਤ ਨਸ਼ੀਲਾ ਪਦਾਰਥ ਨਹੀਂ ਹੈ ਤਾਂ ਇਸ ਦੇ ਬਾਵਜੂਦ ਚਾਲਾਨ ਪੇਸ਼ ਕਰਨ ਸਬੰਧੀ ਸੂਬਾ ਸਰਕਾਰ ਕੋਲ ਕੋਈ ਤਸੱਲੀਬਖ਼ਸ਼ ਸਪੱਸ਼ਟੀਕਰਨ ਨਹੀਂ ਹੈ। ਅਦਾਲਤ ਨੇ ਜਾਂਚ ਅਧਿਕਾਰੀ ਖ਼ਿਲਾਫ਼ ਸ਼ੁਰੂ ਕੀਤੀ ਗਈ ਵਿਭਾਗੀ ਕਾਰਵਾਈ ਨੂੰ ਵੀ ਨਾਕਾਫ਼ੀ ਕਰਾਰ ਦਿੱਤਾ ਅਤੇ ਟਿੱਪਣੀ ਕੀਤੀ ਕਿ ਇਹ ਕਾਰਵਾਈ ਸਿਰਫ਼ ਦਿਖਾਵਾ ਜਾਪਦੀ ਹੈ।
ਇਹ ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਲੱਖੋ ਕੇ ਬਹਿਰਾਮ ਦਾ ਹੈ। ਪੁਲਿਸ ਨੇ 16 ਸਤੰਬਰ 2024 ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਗੱਡੀ ਵਿੱਚੋਂ ਟੈਪੈਂਟਾਡੋਲ ਹਾਈਡ੍ਰੋਕਲੋਰਾਈਡ ਦੀਆਂ 550 ਗੋਲ਼ੀਆਂ ਬਰਾਮਦ ਕੀਤੀਆਂ ਸਨ। ਇਸ ਮਾਮਲੇ ਵਿੱਚ ਕੁਲਵੰਤ ਸਿੰਘ ਅਤੇ ਰਾਜਿੰਦਰ ਕੁਮਾਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਰਾਜਿੰਦਰ ਕੁਮਾਰ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦਕਿ ਕੁਲਵੰਤ ਸਿੰਘ ਉੱਥੋਂ ਫ਼ਰਾਰ ਹੋ ਗਿਆ ਸੀ। ਬਾਅਦ ਵਿੱਚ ਮਾਰਚ 2025 ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ।
ਕੁਲਵੰਤ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦਲੀਲ ਦਿੱਤੀ ਸੀ ਕਿ ਬਰਾਮਦ ਕੀਤੀ ਗਈ ਦਵਾਈ ਐੱਨਡੀਪੀਐੱਸ ਐਕਟ ਤਹਿਤ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਨਹੀਂ ਹੈ। ਐੱਫਐੱਸਐੱਲ ਦੀ ਰਿਪੋਰਟ ਵਿੱਚ ਵੀ ਦਵਾਈ ਦੇ ਸਾਲਟ ਦਾ ਜ਼ਿਕਰ ਕੀਤਾ ਗਿਆ ਸੀ। ਚਾਲਾਨ ਦੀ ਜਾਂਚ ਦੌਰਾਨ ਸਹਾਇਕ ਜ਼ਿਲ੍ਹਾ ਅਟਾਰਨੀ ਨੇ ਵੀ ਇਸ 'ਤੇ ਸਵਾਲ ਚੁੱਕਦਿਆਂ ਜਾਂਚ ਅਧਿਕਾਰੀ ਇੰਸਪੈਕਟਰ ਗੁਰਜੰਟ ਸਿੰਘ ਨੂੰ ਡਰੱਗ ਇੰਸਪੈਕਟਰ ਤੋਂ ਰਾਇ ਲੈਣ ਦੇ ਨਿਰਦੇਸ਼ ਦਿੱਤੇ ਸਨ। ਪਰ ਜਾਂਚ ਅਧਿਕਾਰੀ ਨੇ ਲੋੜੀਂਦੀ ਰਾਇ ਲਏ ਬਿਨਾਂ ਹੀ 6 ਮਈ 2026 ਨੂੰ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ।
ਬਾਅਦ ਵਿੱਚ ਹੇਠਲੀ ਅਦਾਲਤ ਦੇ ਨਿਰਦੇਸ਼ਾਂ 'ਤੇ ਡਰੱਗ ਇੰਸਪੈਕਟਰ ਤੋਂ ਰਿਪੋਰਟ ਮੰਗੀ ਗਈ। ਰਿਪੋਰਟ ਵਿੱਚ ਸਪੱਸ਼ਟ ਕੀਤਾ ਗਿਆ ਕਿ ਸਬੰਧਤ ਦਵਾਈ ਦਾ ਸਾਲਟ ਐੱਨਡੀਪੀਐੱਸ ਐਕਟ ਦੇ ਦਾਇਰੇ ਵਿੱਚ ਨਹੀਂ ਆਉਂਦਾ। ਇਸ ਤੋਂ ਬਾਅਦ 18 ਨਵੰਬਰ ਨੂੰ ਜਾਂਚ ਅਧਿਕਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ ਸੀ।