ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਮਾਮਲਾ ਦਰਜ
ਮਹਿਲਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ
Publish Date: Mon, 09 Mar 2026 08:52 PM (IST)
Updated Date: Mon, 09 Mar 2026 08:54 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਦੇਵੀਨਗਰ ਵਿਖੇ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਔਰਤ ਦੀ ਸ਼ਿਕਾਇਤ ’ਤੇ ਮੁਲਜ਼ਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਸਤਵੀਰ ਸਿੰਘ ਅਨੁਸਾਰ ਹਰਿੰਦਰ ਕੌਰ ਪਤਨੀ ਬਖਤੌਰ ਸਿੰਘ ਵਾਸੀ ਪਿੰਡ ਦੇਵੀਨਗਰ ਡੇਰਾਬੱਸੀ ਨੇ ਦੱਸਿਆ ਕਿ ਉਹ 07 ਮਾਰਚ ਨੂੰ ਕਰੀਬ 01:45 ਦਾ ਹੋਵੇਗਾ ਆਪਣੇ ਘਰ ਦੇ ਸਾਹਮਣੇ ਖੜ੍ਹੀ ਸੀ। ਇਸ ਦੌਰਾਨ ਪਿੰਡ ਦੇ ਕੁੱਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਤੇ ਉਹ ਬਿਨਾਂ ਕਿਸੇ ਗੱਲ ਤੋਂ ਉਸ ਨੂੰ ਗਾਲ਼ਾਂ ਕੱਢਣ ਲੱਗ ਗਏ। ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਰਲ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਉਕਤ ਵਿਅਕਤੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਔਰਤ ਦੇ ਬਿਆਨ ’ਤੇ ਦਰਸ਼ਨ ਸਿੰਘ ਅਤੇ ਬਲਵਿੰਦਰ ਕੌਰ ਵਾਸੀਆਨ ਪਿੰਡ ਦੇਵੀਨਗਰ ਡੇਰਾਬੱਸੀ ਸਮੇਤ ਕੁਝ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।