- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਬੀਆਈ ਨੇ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਸਾਰੇ ਸਬੂਤ ਇਕੱਠੇ ਹੋਣ ਉਪਰੰਤ ਸੀਬੀਆਈ ਨੇ ਸੈਕਟਰ-17 ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸੀਬੀਆਈ ਨੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਨਿਵਾਰਣ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ: ਕੇਂਦਰੀ ਜਾਂਚ ਬਿਊਰੋ (ਸੀਬੀਆਈ), ਚੰਡੀਗੜ੍ਹ ਨੇ ਕਰਮਚਾਰੀ ਭਵਿੱਖ ਨਿਧਿ ਸੰਗਠਨ (ਈਪੀਐੱਫਓ) ਦੇ ਪਟਿਆਲਾ ਦਫ਼ਤਰ ਵਿੱਚ ਤਾਇਨਾਤ ਇਨਫੋਰਸਮੈਂਟ ਅਫ਼ਸਰ ਸ਼ੁਭਮ ਤਿਆਗੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਅਧਿਕਾਰੀ ਇੱਕ ਠੇਕੇਦਾਰ ਨੂੰ ਇੱਕ ਮਾਮਲੇ ਵਿੱਚ ਰਾਹਤ ਦੇਣ ਦੇ ਨਾਂ ’ਤੇ ਤਿੰਨ ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਬਾਅਦ ਵਿੱਚ ਸੌਦਾ ਢਾਈ ਲੱਖ ਰੁਪਏ ’ਤੇ ਤੈਅ ਹੋ ਗਿਆ। ਮੁਲਜ਼ਮ ਰਿਸ਼ਵਤ ਦੀ ਰਕਮ ਲੈਣ ਲਈ ਸੈਕਟਰ-17 ਸਥਿਤ ਈਪੀਐਫਓ ਦਫ਼ਤਰ ਪਹੁੰਚਿਆ, ਜਿੱਥੇ ਸੀਬੀਆਈ ਦੀ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਸੀਬੀਆਈ ਨੇ ਉਸ ਕੋਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਹੈ।
ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਸੀਬੀਆਈ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪੰਜਾਬ ਵਿੱਚ ਇੱਕ ਠੇਕੇਦਾਰ ਹੈ ਅਤੇ ਉਸ ਕੋਲ ਕਈ ਕਰਮਚਾਰੀ ਕੰਮ ਕਰਦੇ ਹਨ। ਕਰਮਚਾਰੀਆਂ ਦੇ ਪੀਐਫ ਨਾਲ ਸਬੰਧਤ ਕੁਝ ਸ਼ਿਕਾਇਤਾਂ ਉਸ ਦੇ ਖ਼ਿਲਾਫ਼ ਲੰਬਿਤ ਸਨ, ਜਿਨ੍ਹਾਂ ਦੀ ਜਾਂਚ ਸ਼ੁਭਮ ਤਿਆਗੀ ਕਰ ਰਿਹਾ ਸੀ। ਦੋਸ਼ ਹੈ ਕਿ ਉਹ ਇਨ੍ਹਾਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਦੀ ਧਮਕੀ ਦੇ ਕੇ ਸ਼ਿਕਾਇਤਕਰਤਾ ’ਤੇ ਦਬਾਅ ਬਣਾ ਰਿਹਾ ਸੀ ਅਤੇ ਰਾਹਤ ਦੇਣ ਦੇ ਬਦਲੇ ਤਿੰਨ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਸੀਬੀਆਈ ਨੇ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਸਾਰੇ ਸਬੂਤ ਇਕੱਠੇ ਹੋਣ ਉਪਰੰਤ ਸੀਬੀਆਈ ਨੇ ਸੈਕਟਰ-17 ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸੀਬੀਆਈ ਨੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਨਿਵਾਰਣ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਮੁਲਜ਼ਮ ਨੂੰ ਵੀਰਵਾਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਸੀਬੀਆਈ ਪੁੱਛਗਿੱਛ ਲਈ ਉਸ ਦਾ ਰਿਮਾਂਡ ਮੰਗ ਸਕਦੀ ਹੈ। ਇਸ ਦੇ ਨਾਲ ਹੀ ਸੀਬੀਆਈ ਇਸ ਮਾਮਲੇ ਵਿੱਚ ਹੋਰ ਅਧਿਕਾਰੀਆਂ ਦੀ ਸੰਭਾਵਿਤ ਮਿਲੀਭੁਗਤ ਦੀ ਵੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀ ਨੇ ਮੁਲਜ਼ਮ ਦੇ ਬੈਂਕ ਖਾਤਿਆਂ ਅਤੇ ਜਾਇਦਾਦ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।