ਸਟੇਟ ਬਿਊਰੋ, ਚੰਡੀਗੜ੍ਹ : ਸ੍ਰੀ ਗੁਰੂ ਗ੍ੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਮੋਹਾਲੀ ਦੀ ਸੀਬੀਆਈ ਅਦਾਲਤ 'ਚ ਸੌਂਪੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਕੈਪਟਨ ਸਰਕਾਰ ਪਰੇਸ਼ਾਨ ਹੈ ਕਿਉਂਕਿ ਪੰਜਾਬ ਸਰਕਾਰ ਨੇ ਹੀ ਕੇਸ ਨੂੰ ਰੈਫਰ ਕੀਤਾ ਸੀ, ਇਸ ਲਈ ਉਨ੍ਹਾਂ ਨਾਲ ਚਰਚਾ ਕੀਤੇ ਬਗੈਰ ਕੇਸ ਦੀ ਕਲੋਜ਼ਰ ਰਿਪੋਰਟ ਦੇਣ ਨਾਲ ਕੈਪਟਨ ਸਰਕਾਰ ਨੂੰ ਸਿਆਸੀ ਤੌਰ 'ਤੇ ਕਾਫ਼ੀ ਨੁਕਸਾਨ ਹੋ ਰਿਹਾ ਹੈ ਅਤੇ ਇਸ ਨੁਕਸਾਨ ਤੋਂ ਬਚਣ ਲਈ ਸੂਬੇ ਦੇ ਗ੍ਰਹਿ ਵਿਭਾਗ ਨੇ ਸੀਬੀਆਈ ਤੋਂ ਕਲੋਜ਼ਰ ਰਿਪੋਰਟ ਦੀ ਕਾਪੀ ਮੰਗੀ ਹੈ। ਨਾਲ ਹੀ ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਕਿਹਾ ਕਿ ਉਹ ਮਾਮਲੇ ਦੀ ਤਹਿ ਤਕ ਜਾਣ ਲਈ ਸਾਰੇ ਕਾਨੂੰਨੀ ਪੱਖ ਜਾਂਚਣ।

ਸ਼੍ਰੋਮਣੀ ਕਮੇਟੀ ਨੇ ਰੱਦ ਕੀਤੀ ਸੀਬੀਆਈ ਦੀ ਕਲੋਜ਼ਰ ਰਿਪੋਰਟ

ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਸੀਬੀਆਈ ਨੂੰ ਰਿਪੋਰਟ ਮਿਲਣ ਤੋਂ ਬਾਅਦ ਉਸ ਨੂੰ ਮੁੜ ਗੰਭੀਰਤਾ ਨਾਲ ਜਾਂਚ ਕਰਨ ਲਈ ਕਹਿ ਸਕਦੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਦੇ ਮਾਮਲੇ 'ਚ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਸੀਬੀਆਈ ਨੇ ਜਾਂਚ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ।

ਉੱਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਲੋਜ਼ਰ ਰਿਪੋਰਟ 'ਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੇ ਬਿਆਨ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮਗਰਮੱਛ ਦੇ ਅੱਥਰੂ ਨਾ ਵਹਾਉਣ ਦੀ ਸਲਾਹ ਦਿੱਤੀ ਹੈ।

ਮੁੱਖ ਮੰਤਰੀ ਨੇ ਸੁਖਬੀਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਉਹ ਇਸ ਮੁੱਦੇ 'ਤੇ ਚਿੰਤਤ ਹੋਣ ਦਾ ਬਹਾਨਾ ਕਰ ਕੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਜੋ ਉਸ ਸਮੇਂ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸਨ, ਨੇ ਇਸ ਮਾਮਲੇ ਦੀ ਜਾਂਚ ਸੂਬਾਈ ਪੁਲਿਸ ਤੋਂ ਕਰਵਾਉਣ ਦੀ ਬਜਾਏ ਬਰਗਾੜੀ ਕਾਂਡ ਨਾਲ ਸਬੰਧਤ ਪਹਿਲੇ ਤਿੰਨ ਮਾਮਲੇ ਸੀਬੀਆਈ ਕੋਲ ਭੇਜ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੀਬੀਆਈ ਨੇ ਆਪਣੀ ਜਾਂਚ ਮੁਕੰਮਲ ਕਰ ਕੇ ਕੇਸ ਬੰਦ ਕਰਨ ਦੀ ਰਿਪੋਰਟ ਦਾਇਰ ਕਰ ਦਿੱਤੀ ਤਾਂ ਸੁਖਬੀਰ ਬੁਖਲਾ ਗਏ ਹਨ। ਇਸ ਸਮੁੱਚੇ ਮਾਮਲੇ 'ਚ ਕਿਸੇ ਪੱਧਰ 'ਤੇ ਸਾਜ਼ਿਸ਼ ਹੋਣ ਦਾ ਸੰਕੇਤ ਮਿਲਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਸੀਬੀਆਈ ਦੀ ਰਿਪੋਰਟ ਨੂੰ ਚੁਣੌਤੀ ਦੇਣ ਦੇ ਫ਼ੈਸਲੇ ਨੂੰ ਅਦਾਲਤ 'ਚ ਕਿਵੇਂ ਸਪਸ਼ਟ ਕਰੇਗਾ? ਸੁਖਬੀਰ ਇਹ ਗੱਲ ਨਾ ਭੁੱਲਣ ਕਿ ਜੇਕਰ ਉਹ ਹੁਣ ਵੀ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ ਤਾਂ ਕੇਂਦਰ 'ਚ ਐੱਨਡੀਏ ਦੀ ਸਰਕਾਰ ਹੈ ਜਿਸ ਵਿਚ ਅਕਾਲੀ ਦਲ ਵੀ ਹਿੱਸੇਦਾਰ ਹੈ, ਉਨ੍ਹਾਂ ਨਾਲ ਗੱਲ ਕਰਨ। ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਗੋਲ਼ੀ ਚਲਾਉਣ ਦੀਆਂ ਘਟਨਾਵਾਂ 'ਚ ਸ਼ਾਮਲ ਵਿਅਕਤੀਆਂ 'ਤੇ ਕਾਨੂੰਨੀ ਕਾਰਵਾਈ ਕਰਨ ਦੇ ਵਾਅਦੇ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਘਟਨਾ ਦੇ ਪਰਦੇ ਦੇ ਪਿੱਛੇ ਦੀ ਸਮੁੱਚੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰਨ ਲਈ ਵਚਨਬੱਧ ਹੈ।

ਹਰਸਿਮਰਤ ਸੀਬੀਆਈ ਤੋਂ ਕਲੋਜ਼ਰ ਰਿਪੋਰਟ ਵਾਪਸ ਕਰਵਾਏ: ਰੰਧਾਵਾ

ਬਰਗਾੜੀ ਮਾਮਲੇ 'ਚ ਸੀਬੀਆਈ ਵੱਲੋਂ ਦਾਇਰ ਕੀਤੀ ਗਈ ਕਲੋਜ਼ਰ ਰਿਪੋਰਟ 'ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਸਿਆਸਤ 'ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕੋਰ ਕਮੇਟੀ ਦੀ ਬਜਾਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਾਪਸ ਕਰਵਾਏ ਜਾਣ ਲਈ ਕੋਸ਼ਿਸ਼ ਕਰਨ।

ਅਕਾਲੀ ਦਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੇ ਮਸਲੇ 'ਤੇ ਕਾਂਗਰਸੀ ਨੇਤਾ ਨੇ ਸੁਖਬੀਰ ਬਾਦਲ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਬਿਹਤਰ ਹੋਵੇਗਾ ਕਿ ਉਹ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੂੰ ਹੀ ਮਿਲ ਕੇ ਅਪੀਲ ਕਰਨ ਕਿਉਂਕਿ ਜਿਸ ਕੇਂਦਰੀ ਕੈਬਨਿਟ 'ਚ ਅਮਿਤ ਸ਼ਾਹ ਮੰਤਰੀ ਹਨ, ਉਸੇ 'ਚ ਹਰਸਿਮਰਤ ਕੌਰ ਬਾਦਲ ਉਨ੍ਹਾਂ ਦੀ ਕੁਲੀਗ ਹਨ।

ਹਰਿਆਣਾ ਚੋਣਾਂ ਤੋਂ ਪਹਿਲਾਂ ਕਲੋਜ਼ਰ ਰਿਪੋਰਟ ਦਿੱਤੀ ਸੀਬੀਆਈ ਨੇ : ਬਾਜਵਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦੇਣ ਬਾਰੇ ਕਿਹਾ ਕਿ ਹਰਿਆਣਾ 'ਚ ਚੋਣਾਂ ਹਨ ਅਤੇ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਦੀ ਖਾਤਰ ਇਹ ਕਲੋਜ਼ਰ ਰਿਪੋਰਟ ਦਿੱਤੀ ਗਈ ਹੈ।