- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ ਕੇਂਦਰ ਸਰਕਾਰ : ਕਾਹਲੋਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਵਾਰਡ ਨੰ. 10 ਤੋਂ ਆਜ਼ਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ ਸੀ। ਇਸ ਮਗਰੋਂ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਨੂੰ ਦਿੱਤਾ ਗਿਆ। ਇਸ ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆਂ ਸਤਲੁਜ ਅਤੇ ਬਿਆਸ ਦੇ ਪਾਣੀਆਂ ’ਚੋਂ ਵੀ ਹਿੱਸਾ ਦਿੱਤਾ ਗਿਆ ਸੀ। ਸਿੱਖ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਖੋਹ ਲਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਊ ਬਹੁ-ਮੰਤਵੀ ਪ੍ਰੋਜੈਕਟ (ਜਿਸ ’ਚ 90 ਫ਼ੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ’ਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ’ਚੋਂ ਸ਼ਾਮਲ ਸੀ ਪ੍ਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ’ਚ ਸ਼ਾਮਲ ਕੀਤਾ ਗਿਆ ਹੈ। ਸ੍ਰੀ ਕਾਹਲੋਂ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੀ ਚੁੱਪੀ ’ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਚੁੱਪ-ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਸਮਝੌਤੇ ’ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖ਼ਿਲਾਫ਼ ਸਾਂਝੀ ਲੜਾਈ ਲੜਨ ਦੀ ਅਪੀਲ ਕੀਤੀ ਹੈ।