ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਨਵੀਂ ਰਸੋਈ ਤੇ ਇੰਟਰਲਾਕ ਟਾਈਲਾਂ ਦਾ ਉਦਘਾਟਨ
ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਨਵੀਂ ਰਸੋਈ ਤੇ ਇੰਟਰਲੌਕ ਟਾਈਲਾਂ ਦਾ ਉਦਘਾਟਨ,
Publish Date: Sat, 28 Feb 2026 05:29 PM (IST)
Updated Date: Sat, 28 Feb 2026 05:31 PM (IST)

ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ 5 ਲੱਖ ਰੁਪਏ ਦੀ ਗਰਾਂਟ ਨਾਲ ਕੰਮ ਮੁਕੰਮਲ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ’ਚ ਬਣੀ ਨਵੀਂ ਰਸੋਈ ਅਤੇ ਸਕੂਲ ਦੀ ਚਾਰਦੀਵਾਰੀ ਅੰਦਰ ਲੱਗੀਆਂ ਇੰਟਰਲਾਕ ਟਾਈਲਾਂ ਦੇ ਫਰਸ਼ ਦਾ ਉਦਘਾਟਨ ਇੰਜੀ: ਪ੍ਰਭਜੋਤ ਕੌਰ, ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ ਐੱਸਏਐੱਸ ਨਗਰ ਨੇ ਆਪਣੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਖੇਤਰ ਦੇ ਪਤਵੰਤੇ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਅਧਿਆਪਕ ਵਰਗ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਇਸ ਪ੍ਰਾਜੈਕਟ ਲਈ ਜ਼ਿਲ੍ਹਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ, ਜਿਸ ਨਾਲ ਸਕੂਲ ਵਿਚ ਰਸੋਈ ਦਾ ਨਿਰਮਾਣ ਅਤੇ ਚਾਰਦੀਵਾਰੀ ਅੰਦਰ ਇੰਟਰਲਾਕ ਟਾਈਲਾਂ ਲਾ ਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਉਦਘਾਟਨ ਸਮਾਗਮ ਦੌਰਾਨ ਇੰਜੀ: ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਰਸੋਈ ਦੇ ਬਣਨ ਨਾਲ ਵਿਦਿਆਰਥੀਆਂ ਨੂੰ ਸੁਚੱਜੇ ਅਤੇ ਸਾਫ਼-ਸੁਥਰੇ ਮਾਹੌਲ ਵਿਚ ਦੁਪਹਿਰ ਦਾ ਭੋਜਨ (ਮਿਡ-ਡੇ ਮੀਲ) ਤਿਆਰ ਕਰਕੇ ਦਿੱਤਾ ਜਾਵੇਗਾ, ਜਿਸ ਨਾਲ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਦੋਵਾਂ ਨੂੰ ਲਾਭ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਚਾਰਦੀਵਾਰੀ ਅੰਦਰ ਇੰਟਰਲਾਕ ਟਾਈਲਾਂ ਦਾ ਫਰਸ਼ ਲੱਗਣ ਨਾਲ ਸਕੂਲ ਦਾ ਵਿਹੜਾ ਸਾਫ਼-ਸੁਥਰਾ ਅਤੇ ਸੁੰਦਰ ਬਣਿਆ ਹੈ ਅਤੇ ਮੀਂਹ ਦੇ ਮੌਸਮ ਦੌਰਾਨ ਚਿੱਕੜ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਇਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਉਣ-ਜਾਣ ਵਿਚ ਸਹੂਲਤ ਪ੍ਰਾਪਤ ਹੋਵੇਗੀ। ਸਕੂਲ ਇੰਚਾਰਜ ਰਾਜਬੰਸ ਕੌਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਚੇਅਰਪਰਸਨ ਪ੍ਰਭਜੋਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗਰਾਂਟ ਨਾਲ ਸਕੂਲ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੋੜ ਪੂਰੀ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਪ੍ਰਬੰਧਨ ਵੱਲੋਂ ਸਰਕਾਰੀ ਫੰਡਾਂ ਦੀ ਸਹੀ ਅਤੇ ਪਾਰਦਰਸ਼ੀ ਵਰਤੋਂ ਕੀਤੀ ਜਾਵੇਗੀ। ਅਖੀਰ ਵਿਚ ਚੇਅਰਪਰਸਨ ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਭਵਿੱਖ ਵਿਚ ਵੀ ਜ਼ਰੂਰਤ ਅਨੁਸਾਰ ਵਿਕਾਸ ਕਾਰਜਾਂ ਲਈ ਸਹਿਯੋਗ ਜਾਰੀ ਰਹੇਗਾ।