ਤਹਿਸੀਲ ਕੰਪਲੈਕਸ ਬਾਹਰ ਗ਼ਲਤ ਪਾਰਕਿੰਗ ਕਰਨ ਵਾਲਿਆਂ ਦੇ ਕੱਟੇ ਚਾਲਾਨ
ਤਹਿਸੀਲ ਕੰਪਲੈਕਸ ਬਾਹਰ ਗ਼ਲਤ ਪਾਰਕਿੰਗ ਕਰਨ ਵਾਲਿਆਂ ਦੇ ਕੱਟੇ ਚਾਲਾਨ
Publish Date: Wed, 28 Jan 2026 06:15 PM (IST)
Updated Date: Wed, 28 Jan 2026 06:16 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਸ਼ਹਿਰ ’ਚ ਟ੍ਰੈਫਿਕ ਪ੍ਰਬੰਧਾਂ ਨੂੰ ਸੁਧਾਰਨ ਅਤੇ ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਮੀਂਹ ਦੇ ਬਾਵਜੂਦ ਟ੍ਰੈਫਿਕ ਇੰਚਾਰਜ ਨੇ ਆਪਣੀ ਟੀਮ ਸਮੇਤ ਤਹਿਸੀਲ ਕੰਪਲੈਕਸ ਦੇ ਬਾਹਰ ਬੇਤਰਤੀਬੇ ਢੰਗ ਨਾਲ ਖੜ੍ਹੇ ਵਾਹਨਾਂ ਦੇ ਵੱਡੀ ਗਿਣਤੀ ਵਿਚ ਚਾਲਾਨ ਕੀਤੇ। ਤਹਿਸੀਲ ਕੰਪਲੈਕਸ ਦੇ ਬਾਹਰ ਲੋਕਾਂ ਵੱਲੋਂ ਆਪਣੇ ਵਾਹਨ ਸੜਕ ਦੇ ਵਿਚਕਾਰ ਜਾਂ ਗ਼ਲਤ ਢੰਗ ਨਾਲ ਖੜ੍ਹੇ ਕੀਤੇ ਗਏ ਸਨ, ਜਿਸ ਕਾਰਨ ਆਮ ਜਨਤਾ ਨੂੰ ਲੰਘਣ ਵਿਚ ਭਾਰੀ ਮੁਸ਼ਕਲ ਹੋ ਰਹੀ ਸੀ। ਭਾਰੀ ਬਰਸਾਤ ਹੋਣ ਦੇ ਬਾਵਜੂਦ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਖ਼ੁਦ ਮੌਕੇ ਤੇ ਮੌਜੂਦ ਰਹੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਨਿਰਧਾਰਤ ਪਾਰਕਿੰਗ ਵਾਲੀ ਥਾਂ ਤੇ ਹੀ ਖੜ੍ਹੇ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟ੍ਰੈਫਿਕ ਇੰਚਾਰਜ ਨੇ ਦੱਸਿਆ ਕਿ ਸੜਕਾਂ ਤੇ ਗ਼ਲਤ ਢੰਗ ਨਾਲ ਖੜ੍ਹੇ ਵਾਹਨ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਦਾ ਮਕਸਦ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਟ੍ਰੈਫਿਕ ਨੂੰ ਸੁਚਾਰੂ ਰੂਪ ਵਿਚ ਚਲਾਉਣਾ ਹੈ। ਇਸ ਕਾਰਵਾਈ ਤੋਂ ਬਾਅਦ ਤਹਿਸੀਲ ਕੰਪਲੈਕਸ ਦੇ ਬਾਹਰ ਸੜਕ ਕਾਫ਼ੀ ਹੱਦ ਤੱਕ ਸਾਫ਼ ਨਜ਼ਰ ਆਈ ਅਤੇ ਆਵਾਜਾਈ ਵੀ ਆਮ ਵਾਂਗ ਚੱਲਦੀ ਰਹੀ।