- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਇੱਕ ਸਮਾਗਮ ਦੌਰਾਨ ਪੰਜਾਬੀਆਂ ਸਬੰਧੀ ਕੀਤੀ ਗਈ ਟਿੱਪਣੀ ਨੇ ਸਿਆਸੀ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦੇ ਬਿਆਨ ਨੂੰ ਲੈ ਕੇ ਜਿੱਥੇ ਵਿਰੋਧੀ ਪਾਰਟੀਆਂ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ, ਉੱਥੇ ਭਾਜਪਾ ਦੇ ਅੰਦਰੋਂ ਵੀ ਨਾਰਾਜ਼ਗੀ ਸਾਹਮਣੇ ਆਈ ਹੈ।

ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਇੱਕ ਸਮਾਗਮ ਦੌਰਾਨ ਪੰਜਾਬੀਆਂ ਸਬੰਧੀ ਕੀਤੀ ਗਈ ਟਿੱਪਣੀ ਨੇ ਸਿਆਸੀ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦੇ ਬਿਆਨ ਨੂੰ ਲੈ ਕੇ ਜਿੱਥੇ ਵਿਰੋਧੀ ਪਾਰਟੀਆਂ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ, ਉੱਥੇ ਭਾਜਪਾ ਦੇ ਅੰਦਰੋਂ ਵੀ ਨਾਰਾਜ਼ਗੀ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਤੁਰੰਤ ਬਰਖਾਸਤਗੀ ਦੀ ਮੰਗ ਕੀਤੀ ਹੈ, ਜਦਕਿ ਕਾਂਗਰਸ ਨੇ ਇਸ ਨੂੰ ਅਣਉਚਿਤ ਬਿਆਨਬਾਜ਼ੀ ਕਰਾਰ ਦਿੰਦਿਆਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਗੱਲ ਕਹੀ ਹੈ।
ਵਿਵਾਦ ਦੀ ਸ਼ੁਰੂਆਤ ਚੰਡੀਗੜ੍ਹ ਵਿਚ ਹੋਏ ਇੱਕ ਪ੍ਰੋਗਰਾਮ ਦੌਰਾਨ ਹੋਈ, ਜਿੱਥੇ ਜਤਿੰਦਰ ਪਾਲ ਮਲਹੋਤਰਾ ਮੰਚ ਤੋਂ ਸੰਬੋਧਨ ਕਰ ਰਹੇ ਸਨ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਪੀ.ਐਸ. ਲਾਂਬਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬੀ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਟਿੱਪਣੀ ਵੀ ਕੀਤੀ ਕਿ "ਪੰਜਾਬੀ ਇਮੋਸ਼ਨਲ ਬਲੱਡੀ ਫੂਲ ਹੁੰਦੇ ਹਨ।" ਬਿਆਨ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਪ੍ਰਤੀਕਿਰਿਆਵਾਂ ਦਾ ਦੌਰ ਸ਼ੁਰੂ ਹੋ ਗਿਆ।
ਇਸ ਮਾਮਲੇ 'ਤੇ ਸਭ ਤੋਂ ਪਹਿਲਾਂ ਭਾਜਪਾ ਦੇ ਹੀ ਵਾਰਡ ਨੰਬਰ-14 ਦੇ ਕੌਂਸਲਰ ਕੁਲਜੀਤ ਸਿੰਘ ਸੰਧੂ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਪਿੰਡਾਂ ਦੇ ਕਿਸਾਨ ਅਤੇ ਵਸਨੀਕ ਲੰਬੇ ਸਮੇਂ ਤੋਂ ਲੈਂਡ ਪੂਲਿੰਗ ਪਾਲਿਸੀ ਅਤੇ ਚੇਂਜ ਇਨ ਲੈਂਡ ਯੂਜ਼ ਪਾਲਿਸੀ ਲਾਗੂ ਕਰਨ ਦੀ ਮੰਗ ਕਰ ਰਹੇ ਹਨ, ਪਰ ਭਾਜਪਾ ਪ੍ਰਧਾਨ ਵੱਲੋਂ ਇਨ੍ਹਾਂ ਮੰਗਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੰਧੂ ਨੇ ਕਿਹਾ ਕਿ ਪੰਜਾਬੀਆਂ ਅਤੇ ਪਿੰਡਾਂ ਦੇ ਹੱਕਾਂ ਦੇ ਵਿਰੁੱਧ ਬੋਲਣਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਮਾਮਲੇ ਦਾ ਗੰਭੀਰ ਨੋਟਿਸ ਲਿਆ ਜਾਵੇ ਅਤੇ ਚੰਡੀਗੜ੍ਹ ਦੇ ਪਿੰਡਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਆਪ ਨੇ 24 ਘੰਟਿਆਂ ਦੀ ਮਿਆਦ ਦੇ ਕੇ ਕਾਰਵਾਈ ਦੀ ਕੀਤੀ ਮੰਗ
ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਇਸ ਮਾਮਲੇ ਨੂੰ ਪੰਜਾਬੀ ਭਾਈਚਾਰੇ ਦੇ ਸਨਮਾਨ ਨਾਲ ਜੋੜਦਿਆਂ ਭਾਜਪਾ ਦੇ ਚੰਡੀਗੜ੍ਹ ਪ੍ਰਧਾਨ ਦੀ ਕੜੀ ਨਿੰਦਾ ਕੀਤੀ ਹੈ। ਪਾਰਟੀ ਨੇ ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਤੋਂ ਮੰਗ ਕੀਤੀ ਹੈ ਕਿ ਜਤਿੰਦਰ ਪਾਲ ਮਲਹੋਤਰਾ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ।
ਪਾਰਟੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਭਾਜਪਾ ਜਾਂ ਇਸ ਦੇ ਆਗੂਆਂ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਆਪ ਆਗੂਆਂ ਦਾ ਕਹਿਣਾ ਹੈ ਕਿ ਕਦੇ ਪੰਜਾਬੀਆਂ ਨੂੰ “ਖਾਲਿਸਤਾਨੀ” ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕਦੇ ਉਨ੍ਹਾਂ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਪਾਰਟੀ ਨੇ ਹਾਲ ਹੀ ਵਿਚ ਭਾਜਪਾ ਆਗੂ ਸੁਵੇਂਦੂ ਅਧਿਕਾਰੀ ਵੱਲੋਂ ਇੱਕ ਸੀਨੀਅਰ ਪੰਜਾਬੀ ਆਈਪੀਐਸ ਅਧਿਕਾਰੀ ਲਈ “ਖਾਲਿਸਤਾਨੀ” ਸ਼ਬਦ ਵਰਤੇ ਜਾਣ ਦਾ ਵੀ ਜ਼ਿਕਰ ਕੀਤਾ।
ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਮੰਗ ਕੀਤੀ ਕਿ 24 ਘੰਟਿਆਂ ਦੇ ਅੰਦਰ ਜਤਿੰਦਰ ਪਾਲ ਮਲਹੋਤਰਾ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਸਮੂਹ ਪੰਜਾਬੀ ਭਾਈਚਾਰੇ ਤੋਂ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗੀ ਜਾਵੇ। ਪਾਰਟੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਨਾ ਹੋਈ ਤਾਂ ਚੰਡੀਗੜ੍ਹ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੰਜਾਬੀਆਂ ਦੀ ਇੱਜ਼ਤ ਅਤੇ ਸਨਮਾਨ ਦੀ ਰੱਖਿਆ ਲਈ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ-30 ਦੇ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੇ ਵੀ ਸਥਾਨਕ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਬਾਰੇ ਕੀਤੀ ਗਈ ਟਿੱਪਣੀ
ਦੀ ਸਖ਼ਤ ਨਿੰਦਾ ਕੀਤੀ।
ਕਾਂਗਰਸ ਨੇ ਵੀ ਚੁੱਕੇ ਸਵਾਲ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ ਨੇ ਵੀ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਤਿੰਦਰ ਪਾਲ ਮਲਹੋਤਰਾ ਅਕਸਰ ਅਜਿਹੇ ਬਿਆਨ ਦੇ ਦਿੰਦੇ ਹਨ ਜੋ ਵਿਵਾਦਾਂ ਨੂੰ ਜਨਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮਲਹੋਤਰਾ ਵੱਲੋਂ ਅਜਿਹੀਆਂ ਟਿੱਪਣੀਆਂ ਕੀਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਦੀ ਲੋੜ ਨਹੀਂ ਸੀ।
ਲੱਕੀ ਨੇ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਮਲਹੋਤਰਾ ਕਾਲੋਨੀਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਅਨਪੜ ਕਹਿ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਬਾਰੇ ਵੀ ਵਿਵਾਦਤ ਟਿੱਪਣੀਆਂ ਕਰ ਚੁੱਕੇ ਹਨ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਤਿੰਦਰ ਪਾਲ ਮਲਹੋਤਰਾ ਨੂੰ ਆਪਣੇ ਇਸ ਬਿਆਨ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਭਵਿੱਖ ਵਿੱਚ ਸ਼ਬਦਾਂ ਦੀ ਮਰਿਆਦਾ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਇੱਕ ਰਾਜਨੀਤਿਕ ਪਾਰਟੀ ਦੇ ਪ੍ਰਧਾਨ ਹਨ।
ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ: ਮਲਹੋਤਰਾ
ਵਿਵਾਦ ਵਧਣ ਤੋਂ ਬਾਅਦ ਜਤਿੰਦਰ ਪਾਲ ਮਲਹੋਤਰਾ ਨੇ ਆਪਣੇ ਉੱਤੇ ਲੱਗ ਰਹੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜਨਤਾ ਨੂੰ ਗੁੰਮਰਾਹ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ ਜਾਣਬੁੱਝ ਕੇ ਸੰਦਰਭ ਤੋਂ ਕੱਟ ਕੇ ਪੇਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਹ ਖੁਦ ਪੰਜਾਬ ਨਾਲ ਸਬੰਧ ਰੱਖਦੇ ਹਨ ਅਤੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਪੂਰਾ ਸਤਿਕਾਰ ਰੱਖਦੇ ਹਨ। ਉਨ੍ਹਾਂ ਦੇ ਮੁਤਾਬਕ ਸੋਸ਼ਲ ਮੀਡੀਆ ਅਤੇ ਸਿਆਸੀ ਮੰਚਾਂ 'ਤੇ ਚਲਾਈ ਜਾ ਰਹੀ ਵੀਡੀਓ ਉਨ੍ਹਾਂ ਦੇ ਬਿਆਨ ਦਾ ਪੂਰਾ ਸੰਦਰਭ ਨਹੀਂ ਦਿਖਾਉਂਦੀ।
ਮਲਹੋਤਰਾ ਨੇ ਸਪੱਸ਼ਟ ਕੀਤਾ ਕਿ ਇਸ ਸ਼ਬਦ ਦੀ ਵਰਤੋਂ ਉਨ੍ਹਾਂ ਨੇ ਆਪਣੇ ਲਈ ਕੀਤੀ ਸੀ, ਨਾ ਕਿ ਕਿਸੇ ਵਿਅਕਤੀ, ਭਾਈਚਾਰੇ ਜਾਂ ਪੰਜਾਬੀ ਸਮਾਜ ਲਈ। ਉਨ੍ਹਾਂ ਕਿਹਾ ਕਿ ਭਾਜਪਾ ਸਪੋਰਟਸ ਸੈੱਲ ਦੇ ਕੁਝ ਅਹੁਦੇਦਾਰ ਸ਼ਹਿਰ ਦੇ ਬੱਚਿਆਂ ਲਈ ਇੱਕ ਛੋਟਾ ਖੇਡ ਸਮਾਗਮ ਕਰਵਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਨੇ ਪਹਿਲ ਕਰਕੇ ਉਸ ਨੂੰ ਪੂਰੇ ਸ਼ਹਿਰ ਦੇ ਇੱਕ ਵੱਡੇ ਖੇਡ ਉਤਸਵ ਦਾ ਰੂਪ ਦੇ ਦਿੱਤਾ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਾਣਬੁੱਝ ਕੇ ਇੱਕ ਅਧੂਰੀ ਵੀਡੀਓ ਨੂੰ ਉਭਾਰਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮਸਲਿਆਂ ਤੋਂ ਹਟਾਇਆ ਜਾ ਸਕੇ। ਮਲਹੋਤਰਾ ਨੇ ਇਸ ਨੂੰ ਇੱਕ ਰਾਜਨੀਤਿਕ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਤਾਲਮੇਲ ਅਤੇ ਉਨ੍ਹਾਂ ਦੇ ਰਾਜਨੀਤਿਕ ਹਿੱਤਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਲੋਕਾਂ ਦੀ ਸਮਝ ਨੂੰ ਘੱਟ ਅੰਕਣ ਦੀ ਗਲਤੀ ਨਹੀਂ ਕਰਨੀ ਚਾਹੀਦੀ। ਮਲਹੋਤਰਾ ਦੇ ਅਨੁਸਾਰ ਇਸ ਸਾਰੇ ਵਿਵਾਦ ਨੇ ਇੱਕ ਵਾਰ ਫਿਰ ਕਾਂਗਰਸ ਦੀ ਨਕਾਰਾਤਮਕ ਰਾਜਨੀਤੀ ਅਤੇ ਝੂਠ ਫੈਲਾਉਣ ਦੀ ਪ੍ਰਵਿਰਤੀ ਨੂੰ ਬੇਨਕਾਬ ਕੀਤਾ ਹੈ।