- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਯੂਟੀ ’ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨਰ ਵਿਜੈ ਦੇਵ ਨੇ ਦੱਸਿਆ ਕਿ ਚੰਡੀਗੜ੍ਹ ਨਿਗਮ ਚੋਣਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। 26 ਨਵੰਬਰ ਤੋਂ ਸ਼ੁਰੂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਸਬੰਧਤ ਉਮੀਦਵਾਰ ਵੱਧ ਤੋਂ ਵੱਧ 7.5 ਲੱਖ ਰੁਪਏ ਖ਼ਰਚਾ ਕਰ ਸਕਣਗੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਯੂਟੀ ’ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨਰ ਵਿਜੈ ਦੇਵ ਨੇ ਦੱਸਿਆ ਕਿ ਚੰਡੀਗੜ੍ਹ ਨਿਗਮ ਚੋਣਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। 26 ਨਵੰਬਰ ਤੋਂ ਸ਼ੁਰੂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਸਬੰਧਤ ਉਮੀਦਵਾਰ ਵੱਧ ਤੋਂ ਵੱਧ 7.5 ਲੱਖ ਰੁਪਏ ਖ਼ਰਚਾ ਕਰ ਸਕਣਗੇ।
ਚੋਣ ਕਮਿਸ਼ਨਰ ਡਾ. ਵਿਜੇ ਕੁਮਾਰ ਦੇਵ ਨੇ ਅੱਜ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਚੋਣ ਪ੍ਰਕਿਰਿਆ 31 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਇਨ੍ਹਾਂ ਚੋਣਾਂ ਵਿਚ 4,60,262 ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਸ਼ਹਿਰ ਦੇ 35 ਵਾਰਡਾਂ ਲਈ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ।
ਚੋਣ ਕਮਿਸ਼ਨਰ ਮੁਤਾਬਕ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਇਨ੍ਹਾਂ ਪੱਤਰਾਂ ਦੀ ਪੜਤਾਲ 4 ਦਸੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਖ਼ਰਚ ਦੀ ਵੱਧ ਤੋਂ ਵੱਧ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ। ਇਸ ਤੋਂ ਵੱਧ ਰਕਮ ਚੋਣ ਪ੍ਰਚਾਰ ’ਤੇ ਖ਼ਰਚ ਨਹੀਂ ਕੀਤੀ ਜਾ ਸਕੇਗੀ।
ਡਾ. ਵਿਜੇ ਦੇਵ ਨੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਚੰਡੀਗੜ੍ਹ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ।
ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਾਂ ਦੀ ਲਾਈਵ ਸਟ੍ਰੀਮਿੰਗ ਕੀਤੀ ਜਾਵੇਗੀ। ਵੋਟਰਾਂ ਦੀ ਸਹੂਲਤ ਲਈ ਔਨਲਾਈਨ ਪ੍ਰਬੰਧ ਵੀ ਕੀਤਾ ਜਾਵੇਗਾ, ਜਿਸ ਰਾਹੀਂ ਉਹ ਪੋਲਿੰਗ ਸਟੇਸ਼ਨਾਂ ’ਤੇ ਲੱਗੀਆਂ ਕਤਾਰਾਂ ਦੀ ਸਥਿਤੀ ਬਾਰੇ ਲਾਈਵ ਜਾਣਕਾਰੀ ਹਾਸਲ ਕਰ ਸਕਣਗੇ। ਇਸ ਨਾਲ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਜਾਣ ਦਾ ਸਮਾਂ ਤੈਅ ਕਰਨ ਵਿੱਚ ਮਦਦ ਮਿਲੇਗੀ।
ਬਾਕਸ : ਰਾਤ 10 ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ ’ਤੇ ਪਾਬੰਦੀ
ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੇ ਸਮੇਂ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਮਾਧਿਅਮ ਰਾਹੀਂ ਚੋਣ ਪ੍ਰਚਾਰ ਕਰਨ ’ਤੇ ਪਾਬੰਦੀ ਰਹੇਗੀ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਮੁਕੰਮਲ ਕਰਵਾਇਆ ਜਾਵੇਗਾ। ਇਸ ਐਲਾਨ ਨਾਲ ਹੀ ਸ਼ਹਿਰ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਜਾਣਗੀਆਂ ਅਤੇ ਸਿਆਸੀ ਪਾਰਟੀਆਂ ਚੋਣ ਮੈਦਾਨ ਵਿੱਚ ਉਤਰਨ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਗੀਆਂ।
ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਅਤੇ ਇਨ੍ਹਾਂ ਵਾਰਡਾਂ ਵਿੱਚੋਂ ਕੌਂਸਲਰ ਪੰਜ ਸਾਲ ਦੇ ਕਾਰਜਕਾਲ ਲਈ ਚੁਣੇ ਜਾਂਦੇ ਹਨ। ਚੋਣ ਕਮਿਸ਼ਨਰ ਵੱਲੋਂ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਨਾਮਜ਼ਦਗੀਆਂ, ਨਾਮਜ਼ਦਗੀਆਂ ਵਾਪਸ ਲੈਣ, ਵੋਟਾਂ ਪੈਣ ਅਤੇ ਨਤੀਜਿਆਂ ਦੀਆਂ ਤਰੀਕਾਂ ਸਪੱਸ਼ਟ ਹੋ ਜਾਣਗੀਆਂ।
ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਸੀਟਾਂ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ ਪਰ ਦੂਜੇ ਨੰਬਰ ’ਤੇ ਆਈ ਭਾਜਪਾ ਨੇ ਕਈ ਸਮੀਕਰਨ ਵਿਗਾੜ ਦਿੱਤੇ ਸਨ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਨੇ ਵੀ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਸਨ। ਇਸ ਵਾਰ ਵੀ ਨਗਰ ਨਿਗਮ ਦੀ ਸੱਤਾ ਹਾਸਲ ਕਰਨ ਲਈ ਸਿਆਸੀ ਪਾਰਟੀਆਂ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲੇਗਾ। ਚੋਣਾਂ ਦੇ ਐਲਾਨ ਨਾਲ ਹੀ ਸ਼ਹਿਰ ਦੇ 35 ਵਾਰਡਾਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ। ਸਾਰੀਆਂ ਪ੍ਰਮੁੱਖ ਪਾਰਟੀਆਂ ਲਈ ਆਪਣੇ ਉਮੀਦਵਾਰਾਂ ਦੀ ਚੋਣ ਅਤੇ ਚੋਣ ਰਣਨੀਤੀ ਤਿਆਰ ਕਰਨਾ ਅਹਿਮ ਹੋਵੇਗਾ।