ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ ਚੰਡੀਗੜ੍ਹ ਦੇ ਨੌਜਵਾਨਾਂ ਦਾ ਜਸ਼ਨ: ਸੈਕਟਰ-17 ਤੇ PU 'ਚ ਕੱਢਿਆ ਗਿਆ ਜਿੱਤ ਮਾਰਚ ਦਿੱਲੀ ਦੇ ਜੰਤਰ-ਮੰਤਰ ’ਤੇ ਚੱਲ ਰਹੇ ਵਿਦਿਆਰਥੀ-ਨੌਜਵਾਨ ਅੰਦੋਲਨ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੇ ਐਲਾਨ ਉਪਰੰਤ ਚੰਡੀਗੜ੍ਹ ਵਿਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਇਸ ਨੂੰ ਅੰਦੋਲਨ ਦੀ ਜਿੱਤ ਕਰਾਰ ਦਿੰਦਿਆਂ ਜਸ਼ਨ ਮਨਾਇਆ। ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਪੀਐੱਸਯੂ (ਲਲਕਾਰ), ਆਈਸਾ, ਐੱਸਐੱਫਐੱਸ, ਦਿਸ਼ਾ ਅਤੇ ਰਾਜਨੀਤੀ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੇ ਸੈਕਟਰ-17 ਪਲਾਜ਼ਾ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਜਿੱਤ ਮਾਰਚ ਕੱਢਿਆ।
Publish Date: Sun, 26 Jul 2026 10:48 AM (IST)
Updated Date: Sun, 26 Jul 2026 10:49 AM (IST)
ਸਟਾਫ਼ ਰਿਪੋਰਟਰ,ਪੰਜਾਬੀ ਜਾਗਰਣ, ਚੰਡੀਗੜ੍ਹ : ਦਿੱਲੀ ਦੇ ਜੰਤਰ-ਮੰਤਰ ’ਤੇ ਚੱਲ ਰਹੇ ਵਿਦਿਆਰਥੀ-ਨੌਜਵਾਨ ਅੰਦੋਲਨ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੇ ਐਲਾਨ ਉਪਰੰਤ ਚੰਡੀਗੜ੍ਹ ਵਿਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਇਸ ਨੂੰ ਅੰਦੋਲਨ ਦੀ ਜਿੱਤ ਕਰਾਰ ਦਿੰਦਿਆਂ ਜਸ਼ਨ ਮਨਾਇਆ। ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਪੀਐੱਸਯੂ (ਲਲਕਾਰ), ਆਈਸਾ, ਐੱਸਐੱਫਐੱਸ, ਦਿਸ਼ਾ ਅਤੇ ਰਾਜਨੀਤੀ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੇ ਸੈਕਟਰ-17 ਪਲਾਜ਼ਾ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਜਿੱਤ ਮਾਰਚ ਕੱਢਿਆ।
ਵਿਦਿਆਰਥੀ ਆਗੂਆਂ ਸਾਰਾ, ਜੋਬਨਪ੍ਰੀਤ, ਸੰਦੀਪ, ਅਜੈ, ਅਰਮਾਨ, ਅਮੀਨ ਅਤੇ ਸ਼ੁਭਮ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ’ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ਵਿੱਚ ਚੰਡੀਗੜ੍ਹ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਉਨ੍ਹਾਂ ਦਾ ਦਾਅਵਾ ਹੈ ਕਿ ਦੇਸ਼ ਭਰ ਵਿੱਚ ਉੱਠੀ ਵਿਦਿਆਰਥੀ-ਨੌਜਵਾਨਾਂ ਦੀ ਆਵਾਜ਼ ਅਤੇ ਵੱਖ-ਵੱਖ ਰਾਜਾਂ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਦਬਾਅ ਕਾਰਨ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਅਤੇ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਇਹ ਜਿੱਤ ਸਾਬਤ ਕਰਦੀ ਹੈ ਕਿ ਸੰਗਠਿਤ ਜਨ ਸੰਘਰਸ਼ ਵੱਡੀ ਤੋਂ ਵੱਡੀ ਸੱਤਾ ਨੂੰ ਵੀ ਆਪਣੇ ਫ਼ੈਸਲੇ ਬਦਲਣ ਲਈ ਮਜਬੂਰ ਕਰ ਸਕਦਾ ਹੈ।
ਵਿਦਿਆਰਥੀਆਂ ਨੇ ਪਹਿਲਾਂ ਸੈਕਟਰ-17 ਪਲਾਜ਼ਾ ਵਿੱਚ ਨਾਅਰੇਬਾਜ਼ੀ ਕਰਕੇ ਜਿੱਤ ਦਾ ਜਸ਼ਨ ਮਨਾਇਆ, ਜਿਸ ਵਿੱਚ ਆਮ ਲੋਕ ਵੀ ਸ਼ਾਮਲ ਹੋਏ। ਇਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਤੋਂ ਪੂਰੇ ਕੈਂਪਸ ਵਿੱਚ ਜਿੱਤ ਮਾਰਚ ਕੱਢਿਆ ਗਿਆ। ਹਾਲਾਂਕਿ ਵਿਦਿਆਰਥੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅੰਦੋਲਨ ਸਿਰਫ਼ ਸਿੱਖਿਆ ਮੰਤਰੀ ਦੇ ਅਸਤੀਫ਼ੇ ਤੱਕ ਸੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ਨਾਲ ਜੁੜੇ ਕਈ ਅਹਿਮ ਮੁੱਦੇ ਅਜੇ ਵੀ ਲੰਬਿਤ ਹਨ। ਉਨ੍ਹਾਂ ਦੀ ਮੰਗ ਹੈ ਕਿ ਸਿੱਖਿਆ ਦੇ ਨਿੱਜੀਕਰਨ ’ਤੇ ਰੋਕ ਲਗਾਈ ਜਾਵੇ, ਕੋਚਿੰਗ ਉਦਯੋਗ ਨੂੰ ਨਿਯਮਾਂ ਦੇ ਦਾਇਰੇ ਵਿੱਚ ਲਿਆਂਦਾ ਜਾਵੇ, ਨਿੱਜੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਂਦਾ ਜਾਵੇ, ਸਰਕਾਰੀ ਨੌਕਰੀਆਂ ਲਈ ਵੱਖ-ਵੱਖ ਦਾਖ਼ਲਾ ਪ੍ਰੀਖਿਆਵਾਂ ਖ਼ਤਮ ਕਰਕੇ ਡਿਗਰੀ ਦੇ ਆਧਾਰ ’ਤੇ ਭਰਤੀ ਕੀਤੀ ਜਾਵੇ ਅਤੇ ਹਰ ਯੋਗ ਵਿਅਕਤੀ ਨੂੰ ਰੁਜ਼ਗਾਰ ਦੀ ਗਾਰੰਟੀ ਦਿੱਤੀ ਜਾਵੇ। ਜੇਕਰ ਰੁਜ਼ਗਾਰ ਮੁਹੱਈਆ ਨਹੀਂ ਕਰਵਾਇਆ ਜਾ ਸਕਦਾ ਤਾਂ ਸਨਮਾਨਜਨਕ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਵਿਦਿਆਰਥੀ ਜਥੇਬੰਦੀਆਂ ਨੇ ਕਿਹਾ ਕਿ ਉਹ ਸਿੱਖਿਆ ਅਤੇ ਰੁਜ਼ਗਾਰ ਦੇ ਮੁੱਦਿਆਂ ਨੂੰ ਲੈ ਕੇ ਅੱਗੇ ਵੀ ਆਪਣਾ ਅੰਦੋਲਨ ਜਾਰੀ ਰੱਖਣਗੀਆਂ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਨ ਦੀ ਕੋਸ਼ਿਸ਼ ਕਰਨਗੀਆਂ ।