ਸਟੇਟ ਬਿਊਰੋ, ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਹੋਣ ਵਾਲੇ ਮੁੱਖ ਸਮਾਗਮ 'ਤੇ ਸਰਕਾਰ ਅਤੇ ਐੱਸਜੀਪੀਸੀ 'ਚ ਇਕ ਹੀ ਮੰਚ 'ਤੇ ਪ੍ਰੋਗਰਾਮ ਕਰਨ 'ਤੇ ਸਹਿਮਤੀ ਬਣ ਗਈ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਫ਼ ਕਰ ਦਿੱਤਾ ਹੈ ਕਿ ਪ੍ਰੋਗਰਾਮ ਨੂੰ ਲੈ ਕੇ ਇਕ ਹੀ ਮੰਚ ਸਜਾਇਆ ਜਾਵੇਗਾ।

ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਫੋਨ ਕਰ ਕੇ ਉਨ੍ਹਾਂ ਦੀ ਸਰਪਰਸਤੀ 'ਚ ਐੱਸਜੀਪੀਸੀ ਦੇ ਸਹਿਯੋਗ ਨਾਲ ਮੁੱਖ ਸਮਾਗਮ ਕਰਵਾਉਣ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਸਮਾਗਮ 'ਚ ਉਨ੍ਹਾਂ ਦੀ ਸਰਪ੍ਰਸਤੀ 'ਚ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਪ੍ਰਧਾਨ ਮੰਤਰੀ ਜਾਂ ਉਨ੍ਹਾਂ ਦਾ ਕੋਈ ਨੁਮਾਇੰਦਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਤੇ ਐੱਸਜੀਪੀਸੀ ਦੇ ਪ੍ਰਧਾਨ ਹੀ ਸਟੇਜ 'ਤੇ ਬੈਠਣਗੇ ਤੇ ਮੰਚ ਤੋਂ ਕੋਈ ਸਿਆਸੀ ਗੱਲ ਨਹੀਂ ਕੀਤੀ ਜਾਵੇਗੀ।

ਇਸ 'ਤੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਕੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੇ ਐੱਸਜੀਪੀਸੀ ਦੇ ਸਾਂਝੇ ਮੰਚ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੂਰ ਰੱਖਣਾ ਚਾਹੁੰਦੇ ਹਨ? ਹੁਣ ਇਸ ਬਾਰੇ 21 ਅਕਤੂਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਤੈਅ ਹੋ ਸਕੇਗਾ ਕਿ ਕੀ ਬਾਦਲ ਪਰਿਵਾਰ ਦੇ ਜੀਅ ਮੰਚ 'ਤੇ ਬੈਠਣਗੇ ਜਾਂ ਨਹੀਂ।

ਕੈਪਟਨ ਸਰਕਾਰ ਜਿੱਥੇ ਕਿਸੇ ਵੀ ਕੀਮਤ 'ਤੇ ਮੰਚ ਤੋਂ ਬਾਦਲਾਂ ਨੂੰ ਦੂਰ ਰੱਖਣਾ ਚਾਹੁੰਦੀ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਕੋਸ਼ਿਸ਼ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਮੰਚ 'ਤੇ ਹੋਣ। ਹਾਲਾਂਕਿ ਪਾਰਟੀ ਵੱਲੋਂ ਹਾਲੇ ਰਸਮੀ ਤੌਰ 'ਤੇ ਕੁਝ ਨਹੀਂ ਕਿਹਾ ਜਾ ਰਿਹਾ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੰਚ 'ਤੇ ਕੌਣ ਬੈਠੇਗਾ, ਕੌਣ ਨਹੀਂ, ਇਹ ਫ਼ੈਸਲਾ 21 ਨੂੰ ਹੋਣ ਵਾਲੀ ਮੀਟਿੰਗ 'ਚ ਹੋਣਾ ਹੈ।

ਜ਼ਿਕਰਯੋਗ ਹੈ ਕਿ ਦੋਵਾਂ ਧਿਰਾਂ ਦਰਮਿਆਨ ਮੰਚ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਦੀ ਅਗਵਾਈ 'ਚ ਸਾਂਝੀ ਕਮੇਟੀ ਵੀ ਬਣੀ ਹੋਈ ਹੈ ਜਿਸ ਵਿਚ ਸਰਕਾਰ ਵੱਲੋਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ।

ਮੰਗਲਵਾਰ ਨੂੰ ਦੋਵਾਂ ਕੈਬਨਿਟ ਮੰਤਰੀਆਂ ਰੰਧਾਵਾ ਤੇ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਫੋਨ 'ਤੇ ਗੱਲ ਕਰਵਾਈ। ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ 'ਚ ਇਸ ਸਮਾਗਮ ਨੂੰ ਮਿਲ-ਜੁਲ ਕੇ ਮਨਾਉਣ ਲਈ ਕਿਹਾ।

ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ 'ਚ 550ਵੇਂ ਪ੍ਰਕਾਸ਼ ਪੁਰਬ ਮਨਾਉਣ 'ਚ ਕਿਸੇ ਵੀ ਸਿੱਖ ਨੂੰ ਕੋਈ ਮੁਸ਼ਕਿਲ ਨਹੀਂ ਹੋਵੇਗੀ, ਕਿਉਂਕਿ ਇਹ ਸਿੱਖ ਧਰਮ ਦਾ ਸਰਬ ਉੱਚ ਤੇ ਸਨਮਾਨਜਨਕ ਸਥਾਨ ਹੈ।

ਕੈਪਟਨ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਵੀ ਕਿਹਾ ਕਿ ਸਰਕਾਰ ਨੇ ਮੁੱਖ ਸਮਾਗਮ ਕਰਵਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਟੈਂਡਰ ਹੋ ਚੁੱਕੇ ਹਨ। ਇਸ ਦੇ ਨਾਲ ਹੀ ਕਿਹਾ ਕਿ ਦੋ ਸਮਾਗਮ ਹੋਣ ਨਾਲ ਸੰਗਤ 'ਚ ਭੰਬਲਭੂਸੇ ਦੀ ਸਥਿਤੀ ਬਣੇਗੀ।

ਇਸੇ ਦੌਰਾਨ ਦੋਵਾਂ ਮੰਤਰੀਆਂ ਨੇ ਜਥੇਦਾਰ ਸਾਹਿਬ ਨੂੰ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੂੰ ਐੱਸਜੀਪੀਸੀ ਵੱਲੋਂ ਗੁਰਦੁਆਰਾ ਸਾਹਿਬ 'ਚ ਵੱਖਰੇ ਤੌਰ 'ਤੇ ਹੋਰ ਸਮਾਗਮ ਕਰਵਾਉਣ 'ਤੇ ਵੀ ਕੋਈ ਇਤਰਾਜ਼ ਨਹੀਂ ਹੈ। ਦੂਜੇ ਪਾਸੇ ਐੱਸਜੀਪੀਸੀ ਦਾ ਵੀ ਦਾਅਵਾ ਹੈ ਕਿ ਉਨ੍ਹਾਂ ਨੇ ਮੰਚ ਤਿਆਰ ਕਰਵਾਉਣ ਲਈ ਟੈਂਡਰ ਕਰ ਦਿੱਤੇ ਹਨ।

ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸਾਹਿਬ ਨੂੰ ਕਿਹਾ ਕਿ ਐੱਸਜੀਪੀਸੀ ਸੰਗਤ ਦੇ ਪੈਸੇ ਨੂੰ ਮੰਚ 'ਤੇ ਲਾਉਣ ਦੀ ਥਾਂ ਧਰਮ ਪ੍ਰਚਾਰ 'ਚ ਲਾਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ 11-12 ਨਵੰਬਰ ਨੂੰ ਸੁਲਤਾਨਪੁਰ ਲੋਧੀ 'ਚ ਹੋਣ ਵਾਲੇ ਮੁੱਖ ਸਮਾਗਮ ਦੀ ਤਿਆਰੀ ਨੂੰ ਅੰਤਮ ਰੂਪ ਦੇਣ ਲਈ 21 ਅਕਤੂਬਰ ਨੂੰ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਦੀ ਮੀਟਿੰਗ ਬੁਲਾਈ ਗਈ ਹੈ।