- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤ ਨੇ ਦੋਵਾਂ ਮੁਲਜ਼ਮਾਂ ਦੀ ਡਿਸਚਾਰਜ ਅਰਜ਼ੀ, ਯਾਨੀ ਦੋਸ਼ਾਂ ਤੋਂ ਮੁਕਤ ਕਰਨ ਦੀ ਮੰਗ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਤੈਅ ਕਰ ਦਿੱਤੇ ਹਨ। ਹੁਣ ਇਸ ਮਾਮਲੇ ’ਚ 23 ਤੋਂ ਟਰਾਇਲ ਸ਼ੁਰੂ ਹੋਵੇਗਾ। ਅਦਾਲਤ ਨੇ ਪਹਿਲੀ ਸੁਣਵਾਈ ਲਈ ਦੋ ਗਵਾਹਾਂ ਨੂੰ ਵੀ ਸੰਮਨ ਜਾਰੀ ਕੀਤੇ ਹਨ।

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਅੱਠ ਲੱਖ ਰੁਪਏ ਦੀ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਤੇ ਉਨ੍ਹਾਂ ਦੇ ਕਥਿਤ ਵਿਚੌਲੇ ਕ੍ਰਿਸ਼ਨੂ ਸ਼ਾਰਦਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਦੋਵਾਂ ਮੁਲਜ਼ਮਾਂ ਦੀ ਡਿਸਚਾਰਜ ਅਰਜ਼ੀ, ਯਾਨੀ ਦੋਸ਼ਾਂ ਤੋਂ ਮੁਕਤ ਕਰਨ ਦੀ ਮੰਗ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਤੈਅ ਕਰ ਦਿੱਤੇ ਹਨ। ਹੁਣ ਇਸ ਮਾਮਲੇ ’ਚ 23 ਤੋਂ ਟਰਾਇਲ ਸ਼ੁਰੂ ਹੋਵੇਗਾ। ਅਦਾਲਤ ਨੇ ਪਹਿਲੀ ਸੁਣਵਾਈ ਲਈ ਦੋ ਗਵਾਹਾਂ ਨੂੰ ਵੀ ਸੰਮਨ ਜਾਰੀ ਕੀਤੇ ਹਨ।
ਇਸ ਤੋਂ ਪਹਿਲਾਂ ਭੁੱਲਰ ਤੇ ਕ੍ਰਿਸ਼ਨੂ ਸ਼ਾਰਦਾ ਨੇ ਖ਼ੁਦ ਨੂੰ ਦੋਸ਼ਾਂ ਤੋਂ ਮੁਕਤ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਸੀਬੀਆਈ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕਾਨੂੰਨੀ ਤੌਰ ’ਤੇ ਸੀਬੀਆਈ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਨਹੀਂ ਸੀ। ਭੁੱਲਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਹ ਪੰਜਾਬ ਸਰਕਾਰ ਦੇ ਅਧਿਕਾਰੀ ਹਨ, ਇਸ ਲਈ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਅਧਿਕਾਰ ਸੀਬੀਆਈ ਕੋਲ ਨਹੀਂ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੋਹਾਲੀ ਸਥਿਤ ਦਫ਼ਤਰ ਤੋਂ ਹਿਰਾਸਤ ’ਚ ਲਿਆ ਗਿਆ ਸੀ, ਜਦਕਿ ਸੀਬੀਆਈ ਪੰਜਾਬ ’ਚ ਅਜਿਹੀ ਕਾਰਵਾਈ ਨਹੀਂ ਕਰ ਸਕਦੀ ਸੀ।
ਦੂਜੇ ਪਾਸੇ ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਇਸ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਦਲੀਲ ਦਿੱਤੀ ਕਿ ਭੁੱਲਰ ਨੂੰ ਮੋਹਾਲੀ ਦਫ਼ਤਰ ਤੋਂ ਸਿਰਫ਼ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਗਿਆ ਸੀ। ਇਸ ਮਗਰੋਂ ਉਨ੍ਹਾਂ ਨੂੰ ਸੀਬੀਆਈ ਦੇ ਸੈਕਟਰ-30, ਚੰਡੀਗੜ੍ਹ ਸਥਿਤ ਦਫ਼ਤਰ ਲਿਆਂਦਾ ਗਿਆ, ਜਿੱਥੇ ਪੁੱਛਗਿੱਛ ਦੌਰਾਨ ਤੱਥਾਂ ਦੀ ਪੁਸ਼ਟੀ ਹੋਣ ਪਿੱਛੋਂ ਉਨ੍ਹਾਂ ਨੂੰ ਚੰਡੀਗੜ੍ਹ ’ਚ ਹੀ ਗ੍ਰਿਫ਼ਤਾਰ ਕੀਤਾ ਗਿਆ, ਜੋ ਸੀਬੀਆਈ ਦੇ ਅਧਿਕਾਰ ਖੇਤਰ ’ਚ ਆਉਂਦਾ ਹੈ।
ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਭੁੱਲਰ ਤੇ ਕ੍ਰਿਸ਼ਨੂ ਸ਼ਾਰਦਾ ਦੀ ਡਿਸਚਾਰਜ ਅਰਜ਼ੀ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਪਹਿਲੀ ਨਜ਼ਰ ’ਚ ਦੋਵਾਂ ਖ਼ਿਲਾਫ਼ ਕੇਸ ਬਣਦਾ ਹੈ ਤੇ ਦੋਸ਼ ਤੈਅ ਕਰਨ ਲਈ ਸੀਬੀਆਈ ਕੋਲ ਲੋੜੀਂਦੇ ਸਬੂਤ ਮੌਜੂਦ ਹਨ। ਇਸ ਲਈ ਅਦਾਲਤ ਨੇ ਦੋਵਾਂ ਖ਼ਿਲਾਫ਼ ਰਸਮੀ ਤੌਰ ’ਤੇ ਦੋਸ਼ ਤੈਅ ਕਰ ਦਿੱਤੇ।
ਮੰਡੀ ਗੋਬਿੰਦਗੜ੍ਹ ਦੇ ਵਪਾਰੀ ਤੋਂ ਮੰਗੀ ਸੀ ਰਿਸ਼ਵਤ
ਪਿਛਲੇ ਸਾਲ ਸੀਬੀਆਈ ਨੇ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਆਕਾਸ਼ ਬੱਤਾ ਦੀ ਸ਼ਿਕਾਇਤ ’ਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਤੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਬੱਤਾ ਨੇ ਦੋਸ਼ ਲਗਾਇਆ ਸੀ ਕਿ ਇਕ ਅਪਰਾਧਿਕ ਮਾਮਲੇ ’ਚ ਗ੍ਰਿਫ਼ਤਾਰੀ ਦਾ ਡਰ ਦਿਖਾ ਕੇ ਉਸ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਗ੍ਰਿਫ਼ਤਾਰੀ ਮਗਰੋਂ ਸੀਬੀਆਈ ਨੇ ਭੁੱਲਰ ਦੇ ਸੈਕਟਰ-40 ਸਥਿਤ ਘਰ ’ਤੇ ਛਾਪਾ ਮਾਰਿਆ ਸੀ। ਛਾਪੇ ਦੌਰਾਨ ਸੀਬੀਆਈ ਨੂੰ ਉਨ੍ਹਾਂ ਦੇ ਘਰੋਂ ਕਰੀਬ ਸਾਢੇ ਸੱਤ ਕਰੋੜ ਰੁਪਏ ਨਕਦ, ਲਗਭਗ ਢਾਈ ਕਿੱਲੋ ਸੋਨਾ ਤੇ ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਸਨ। ਇਸ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਵੀ ਦਰਜ ਕੀਤਾ ਸੀ। ਇਸ ਮਾਮਲੇ ’ਚ ਈਡੀ ਵੱਲੋਂ ਵੀ ਮਨੀ ਲਾਂਡਰਿੰਗ ਦੀ ਜਾਂਚ ਕੀਤੀ ਜਾ ਰਹੀ ਹੈ।